ਗੁਰਦਾਸਪੁਰ, 2 ਜੂਨ 2026 : ਪੰਜਾਬ ਦੇ ਜਿਲਾ ਗੁਰਦਾਸਪੁਰ (Gurdaspur) ਦੇ ਕਸਬਾ ਕਲਾਨੌਰ ਵਿਖੇ ਬਣੇ ਇਕ ਪ੍ਰਾਈਵੇਟ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਖੇ ਗ੍ਰੇਨੇਡ (Grenade) ਸੁੱਟੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ ।
ਕੀ ਹੈ ਪੂਰਾ ਮਾਮਲਾ
ਮਿਲੀ ਜਾਣਕਾਰੀ ਮੁਤਾਬਕ ਗੁਰਦਾਸਪੁਰ ਦੇ ਕਸਬਾ ਕਲਾਨੌਰ (Kasba Kalanaur) ਵਿੱਚ ਮੰਗਲਵਾਰ ਬਾਅਦ ਦੁਪਹਿਰ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਬੱਸ ਸਟੈਂਡ ਨੇੜੇ ਸਥਿਤ ਮੁਲਤਾਨੀ ਹਸਪਤਾਲ (Multani Hospital) ਦੇ ਐਮਰਜੈਂਸੀ ਵਾਰਡ ਵਿੱਚ ਇੱਕ ਅਣਪਛਾਤੇ ਵਿਅਕਤੀ ਵੱਲੋਂ ਕਥਿਤ ਤੌਰ ‘ਤੇ ਗ੍ਰੇਨੇਡ ਸੁੱਟ ਦਿੱਤਾ ਗਿਆ । ਧਮਾਕਾ ਇੰਨਾ ਜ਼ੋਰਦਾਰ ਸੀ ਕਿ ਇਸ ਦੀ ਆਵਾਜ਼ ਦੂਰ-ਦੂਰ ਤੱਕ ਸੁਣਾਈ ਦਿੱਤੀ ਅਤੇ ਹਸਪਤਾਲ ਦੇ ਸ਼ੀਸ਼ੇ ਟੁੱਟ ਗਏ । ਹਾਲਾਂਕਿ ਇਸ ਘਟਨਾ ਵਿੱਚ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਮਿਲੀ ਅਤੇ ਵੱਡਾ ਹਾਦਸਾ ਹੋਣ ਤੋਂ ਟਲ ਗਿਆ ।
ਘਟਨਾ ਦਾ ਪਤਾ ਚਲਦਿਆਂ ਹੀ ਪੁਲਸ ਫੋਰਸ ਪਹੁੰਚੀ ਮੌਕੇ ‘ਤੇ
ਘਟਨਾ ਦੀ ਸੂਚਨਾ ਮਿਲਦਿਆਂ ਹੀ ਡੀ. ਐਸ. ਪੀ. ਅਮੋਲਕ ਸਿੰਘ ਕਾਹਲੋਂ, ਐਸ. ਐਚ. ਓ. ਜਤਿੰਦਰਪਾਲ ਸਿੰਘ ਅਤੇ ਹੋਰ ਪੁਲਸ ਅਧਿਕਾਰੀ ਪੁਲਿਸ ਫੋਰਸ ਸਮੇਤ ਮੌਕੇ ‘ਤੇ ਪੁੱਜੇ । ਇਸ ਦੇ ਨਾਲ ਹੀ ਐਸ. ਐਸ. ਪੀ. ਗੁਰਦਾਸਪੁਰ ਵੀ ਘਟਨਾ ਸਥਾਨ ‘ਤੇ ਪਹੁੰਚ ਕੇ ਸੁਰੱਖਿਆ ਪ੍ਰਬੰਧਾਂ ਅਤੇ ਜਾਂਚ ਕਾਰਵਾਈ ਦਾ ਜਾਇਜ਼ਾ ਲਿਆ । ਘਟਨਾ ਤੋਂ ਬਾਅਦ ਇਲਾਕੇ ਵਿੱਚ ਹੜਕੰਪ ਮਚ ਗਿਆ ਅਤੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ । ਮੌਕੇ ‘ਤੇ ਮੌਜੂਦ ਲੋਕਾਂ ਅਤੇ ਨੇੜਲੇ ਦੁਕਾਨਦਾਰਾਂ ਨੇ ਦੱਸਿਆ ਕਿ ਧਮਾਕਾ ਬਹੁਤ ਤੇਜ਼ ਸੀ, ਜਿਸ ਕਾਰਨ ਆਲੇ-ਦੁਆਲੇ ਦੇ ਲੋਕ ਘਰਾਂ ਅਤੇ ਦੁਕਾਨਾਂ ਤੋਂ ਬਾਹਰ ਨਿਕਲ ਆਏ ।
ਪੁਲਸ ਜਾਂਚ ਰਹੀ ਹੈ ਸੀ. ਸੀ. ਟੀ. ਕੈਮਰਿਆਂ ਦੀ ਫੁਟੇਜ
ਪੁਲਸ ਵੱਲੋਂ ਹਸਪਤਾਲ ਅਤੇ ਆਸ-ਪਾਸ ਦੇ ਖੇਤਰ ਨੂੰ ਘੇਰ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਮੁੱਢਲੀ ਜਾਂਚ ਦੌਰਾਨ ਨੇੜਲੇ ਸੀ. ਸੀ. ਟੀ. ਵੀ. ਕੈਮਰਿਆਂ (C. C. T. V. Cameras) ਦੀ ਫੁਟੇਜ ਖੰਗਾਲੀ ਜਾ ਰਹੀ ਹੈ, ਜਿਸ ਵਿੱਚ ਇੱਕ ਸ਼ੱਕੀ ਵਿਅਕਤੀ ਦੀ ਤਸਵੀਰ ਸਾਹਮਣੇ ਆਉਣ ਦੀ ਜਾਣਕਾਰੀ ਮਿਲੀ ਹੈ । ਪੁਲਸ ਵੱਲੋਂ ਵੱਖ-ਵੱਖ ਪਹਿਲੂਆਂ ਤੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਹਮਲਾਵਰ ਦੀ ਪਛਾਣ ਕਰਨ ਦੇ ਯਤਨ ਜਾਰੀ ਹਨ । ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਘਟਨਾ ਦੇ ਸਹੀ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਦੋਸ਼ੀ ਨੂੰ ਕਾਬੂ ਕਰ ਲਿਆ ਜਾਵੇਗਾ ।





