ਅਣਪਛਾਤੇ ਹਮਲਾਵਰਾਂ ਨੇ ਗੋਲੀਬਾਰੀ ਕਰਕੇ ਨੌਜਵਾਨ ਦਾ ਕੀਤਾ ਕਤਲ

0
30
Murder

ਟਾਂਗਰਾ, 13 ਜੂਨ 2026 : ਪੰਜਾਬ ਦੇ ਜੰਡਿਆਲਾ ਗੁਰੂ (Jandiala Guru) ਦੇ ਅਧੀਨ ਆਉਂਦੇ ਪਿੰਡ ਜਬੋਵਾਲ ਵਿਖੇ ਬੀਤੀ ਰਾਤ ਅਣਪਛਾਤੇ ਹਮਲਵਰਾਂ (Unknown attackers) ਨੇ ਇਕ ਨੌਜਵਾਨ ਦਾ ਗੋਲੀਬਾਰੀ ਕਰਕੇ ਕਤਲ ਕਰ ਦਿੱਤਾ ਹੈ ।

ਕੌਣ ਹੈ ਇਹ ਨੌਜਵਾਨ

ਮਿਲੀ ਜਾਣਕਾਰੀ ਅਨੁਸਾਰ ਜੰਡਿਆਲਾ ਗੁਰੂ ਦੇ ਅਧੀਨ ਆਉਂਦੇ ਪਿੰਡ ਜਬੋਵਾਲ (Jabowal village) ਵਿੱਚ ਬੀਤੀ ਰਾਤ ਅਮਨ-ਕਾਨੂੰਨ ਦੀਆਂ ਧੱਜੀਆਂ ਉਡਾਉਂਦੇ ਹੋਏ ਮੋਟਰਸਾਈਕਲ ਸਵਾਰ ਅਣਪਛਾਤੇ ਹਮਲਾਵਰਾਂ ਵੱਲੋਂ ਇੱਕ 32 ਸਾਲਾ ਨੌਜਵਾਨ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ (Murder) ਕਰ ਦਿੱਤਾ ਗਿਆ। ਇਸ ਖ਼ੂਨੀ ਵਾਰਦਾਤ ਤੋਂ ਬਾਅਦ ਪੂਰੇ ਪਿੰਡ ਅਤੇ ਆਲੇ-ਦੁਆਲੇ ਦੇ ਇਲਾਕੇ ਵਿੱਚ ਭਾਰੀ ਸਹਿਮ ਅਤੇ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ । ਮ੍ਰਿਤਕ ਦੀ ਪਛਾਣ ਮਨਜਿੰਦਰ ਸਿੰਘ ਉਰਫ਼ ਮੰਨਾ (32) ਵਜੋਂ ਹੋਈ ਹੈ । ਮਨਜਿੰਦਰ ਸਿੰਘ ਸ਼ਾਦੀਸ਼ੁਦਾ ਸੀ ਅਤੇ ਉਸਦਾ ਇੱਕ 5 ਮਹੀਨਿਆਂ ਦਾ ਛੋਟਾ ਬੱਚਾ ਹੈ ।

ਘਰ ਦੇ ਨੇੜੇ ਪਹੁੰਚਦਿਆਂ ਹੀ ਚਲਾ ਦਿੱਤੀਆਂ ਗੋਲੀਆਂ

ਮਿਲੀ ਜਾਣਕਾਰੀ ਅਨੁਸਾਰ ਇਹ ਘਟਨਾ ਬੀਤੀ ਰਾਤ ਕਰੀਬ 10 ਵਜੇ ਵਾਪਰੀ । ਮਨਜਿੰਦਰ ਸਿੰਘ ਰੋਜ਼ਾਨਾ ਵਾਂਗ ਰਾਤ ਸਮੇਂ ਆਪਣੀ ਦੁਕਾਨ ਬੰਦ ਕਰਕੇ ਘਰ ਵਾਪਸ ਪਰਤ ਰਿਹਾ ਸੀ । ਜਿਵੇਂ ਹੀ ਉਹ ਘਰ ਦੇ ਨਜ਼ਦੀਕ ਪਹੁੰਚਿਆ, ਤਾਂ ਉੱਥੇ ਪਹਿਲਾਂ ਤੋਂ ਹੀ ਘਾਤ ਲਗਾ ਕੇ ਬੈਠੇ ਇੱਕ ਮੋਟਰਸਾਈਕਲ ‘ਤੇ ਸਵਾਰ ਤਿੰਨ ਅਣਪਛਾਤੇ ਨੌਜਵਾਨਾਂ ਨੇ ਉਸ ਉੱਤੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ । ਹਮਲਾਵਰਾਂ ਵੱਲੋਂ ਕਰੀਬ 7 ਤੋਂ 8 ਰਾਊਂਡ ਗੋਲੀਆਂ ਚਲਾਈਆਂ ਗਈਆਂ, ਜਿਨ੍ਹਾਂ ਵਿੱਚੋਂ 3 ਤੋਂ 4 ਗੋਲੀਆਂ ਮਨਜਿੰਦਰ ਸਿੰਘ ਦੀ ਪਿੱਠ ਵਿੱਚ ਜਾ ਲੱਗੀਆਂ ਅਤੇ ਉਹ ਲਹੂ-ਲੁਹਾਨ ਹੋ ਕੇ ਉੱਥੇ ਹੀ ਡਿੱਗ ਪਿਆ । ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ ।

ਗੋਲੀਆਂ ਦੇ ਸਿ਼ਕਾਰ ਨੌਜਵਾਨ ਨੇ ਰਸਤੇ ਵਿਚ ਹੀ ਤੋੜ ਦਿੱਤਾ ਦਮ

ਗੋਲੀਆਂ ਦੀ ਆਵਾਜ਼ ਸੁਣ ਕੇ ਪਰਿਵਾਰਕ ਮੈਂਬਰ ਅਤੇ ਆਸ-ਪਾਸ ਦੇ ਲੋਕ ਤੁਰੰਤ ਮੌਕੇ ‘ਤੇ ਪਹੁੰਚੇ। ਜ਼ਖ਼ਮੀ ਮਨਜਿੰਦਰ ਸਿੰਘ ਨੂੰ ਬੇਹੋਸ਼ੀ ਦੀ ਹਾਲਤ ਵਿੱਚ ਇਲਾਜ ਲਈ ਹਸਪਤਾਲ ਲਿਜਾਇਆ ਜਾ ਰਿਹਾ ਸੀ, ਪਰ ਜ਼ਖ਼ਮਾਂ ਦੀ ਤਾਬ ਨਾ ਸਹਾਰਦੇ ਹੋਏ ਉਸ ਨੇ ਰਸਤੇ ਵਿੱਚ ਹੀ ਦਮ ਤੋੜ ਦਿੱਤਾ । ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਪ੍ਰਸ਼ਾਸਨ ਮੌਕੇ ‘ਤੇ ਪਹੁੰਚ ਗਿਆ । ਪੁਲਸ ਅਧਿਕਾਰੀਆਂ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ।

ਪੁਲਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਹਮਲਾਵਰਾਂ ਦਾ ਸੁਰਾਗ ਲਗਾਉਣ ਲਈ ਇਲਾਕੇ ਵਿੱਚ ਲੱਗੇ ਕੈਮਰਿਆਂ ਦੀ ਫੁਟੇਜ ਨੂੰ ਖੰਗਾਲਿਆ ਜਾ ਰਿਹਾ ਹੈ । ਪੁਲਸ ਪ੍ਰਸ਼ਾਸਨ ਨੇ ਪੀੜਤ ਪਰਿਵਾਰ ਨੂੰ ਭਰੋਸਾ ਦਿੱਤਾ ਹੈ ਕਿ ਮੁਲਜ਼ਮਾਂ ਨੂੰ ਜਲਦ ਹੀ ਗ੍ਰਿਫ਼ਤਾਰ ਕਰਕੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇਗਾ ।

LEAVE A REPLY

Please enter your comment!
Please enter your name here