ਚੰਡੀਗੜ੍ਹ, 12 ਅਕਤੂਬਰ 2026 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਚ ਬਣੀ ਹਾਈਕੋਰਟ (High Court) ਵਿਚ ਅੱਜ ਐਲ. ਪੀ. ਯੂ. ਤੇ ਚਿਤਕਾਰਾ ਯੂਨੀਵਰਸਿਟੀ ਹਿੰਸਾ ਮਾਮਲੇ ‘ਤੇ ਸੁਣਵਾਈ ਹੋਈ ।
ਕੀ ਹੋਇਆ ਸੁਣਵਾਈ ਦੌੌਰਾਨ
ਮਿਲੀ ਜਾਣਕਾਰੀ ਅਨੁਸਾਰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਜੋ ਅੱਜ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਅਤੇ ਚਿਤਕਾਰਾ ਯੂਨੀਵਰਸਿਟੀ (Lovely Professional University and Chitkara University) ਵਿੱਚ ਹੋਈ ਹਿੰਸਾ ਦੇ ਮਾਮਲੇ ਨੂੰ ਲੈ ਕੇ ਦਾਇਰ ਜਨਹਿੱਤ ਪਟੀਸ਼ਨ ਉੱਤੇ ਅਹਿਮ ਸੁਣਵਾਈ ਹੋਈ ਦੌਰਾਨ ਚੀਫ਼ ਜਸਟਿਸ ਨੇ ਪੰਜਾਬ ਸਰਕਾਰ ਅਤੇ ਪੁਲਸ ਦੀ ਜਾਂਚ ਪ੍ਰਣਾਲੀ ਉੱਤੇ ਸਖ਼ਤ ਨਾਰਾਜ਼ਗੀ ਪ੍ਰਗਟਾਉਂਦਿਆਂ ਆਖਿਆ ਹੈ ਕਿ ਅਜਿਹਾ ਲੱਗਦਾ ਹੈ ਕਿ ਪੰਜਾਬ ਪੁਲਸ ਇਸ ਮਾਮਲੇ ਨੂੰ ਲੈ ਕੇ ਬਿਲਕੁੱਲ ਵੀ ਗੰਭੀਰ ਨਹੀਂ ਹੈ । ਦੱਸਣਯੋਗ ਹੈ ਕਿ ਸਰਕਾਰੀ ਵਕੀਲ ਵਲੋਂ ਇਹ ਬਿਆਨ ਦਾਖਲ ਕਰਨ ਲਈ ਦੁਪਹਿਰ ਤੱਕ ਦਾ ਸਮਾਂ ਮੰਗਿਆ ਗਿਆ ਹੈ।
ਕੀ ਆਖਿਆ ਸਰਕਾਰੀ ਵਕੀਲ ਨੇ
ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਸੁਣਵਾਈ ਦੌਰਾਨ ਸਰਕਾਰੀ ਵਕੀਲ ਚੰਚਲ ਸਿੰਗਲਾ ਨੇ ਅਦਾਲਤ ਨੂੰ ਦੱਸਿਆ ਕਿ ਚਿਤਕਾਰਾ ਯੂਨੀਵਰਸਿਟੀ ਮਾਮਲੇ ਵਿੱਚ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਉਸ ਦਾ ਮੋਬਾਈਲ ਫ਼ੋਨ ਬਰਾਮਦ ਕਰ ਲਿਆ ਗਿਆ ਹੈ । ਮੁਲਜ਼ਮ ਮਾਸਕਡ ਆਈ. ਪੀ. ਐਡਰੈੱਸ ਰਾਹੀਂ ਵਿਦੇਸ਼ੀ ਵ੍ਹਟਸਐਪ ਨੰਬਰ ਦੀ ਵਰਤੋਂ ਕਰ ਰਿਹਾ ਸੀ । ਉਨ੍ਹਾਂ ਇਹ ਵੀ ਦੱਸਿਆ ਕਿ ਮਾਮਲੇ ਦੀ ਜਾਂਚ ਲਈ ਏਡੀਜੀਪੀ ਸਾਈਬਰ ਕ੍ਰਾਈਮ ਨੂੰ ਤਾਇਨਾਤ ਕੀਤਾ ਗਿਆ ਹੈ ।
ਕੀ ਆਖਿਆ ਅਦਾਲਤ ਨੇ
ਅੱਜ ਸੁਣਵਾਈ ਦੌਰਾਨ ਅਦਾਲਤ ਨੇ ਇਸ ਨੂੰ ਬੇਹੱਦ ਗੰਭੀਰ ਮਾਮਲਾ ਦੱਸਦਿਆਂ ਕਿਹਾ ਕਿ ਅਜਿਹਾ ਲੱਗਦਾ ਹੈ ਕਿ ਕੋਈ ਸੂਬੇ ਵਿੱਚ ਅਸ਼ਾਂਤੀ ਫੈਲਾ ਕੇ ਮਾਹੌਲ ਖ਼ਰਾਬ ਕਰਨਾ ਚਾਹੁੰਦਾ ਹੈ । ਚੀਫ਼ ਜਸਟਿਸ (Chief Justice) ਨੇ ਸਰਕਾਰ ਵੱਲੋਂ ਮੁਲਜ਼ਮਾਂ ਦੇ ਬਿਆਨ ਸੀਲਬੰਦ ਲਿਫ਼ਾਫ਼ੇ ਵਿੱਚ ਪੇਸ਼ ਨਾ ਕਰਨ ਉੱਤੇ ਸਖ਼ਤ ਰੁਖ਼ ਅਖ਼ਤਿਆਰ ਕਰਦੇ ਹੋਏ ਟਿੱਪਣੀ ਕਰਦਿਆਂ ਕਿਹਾ ਕਿ ਇਨ੍ਹਾਂ ਯੂਨੀਵਰਸਿਟੀਆਂ ਵਿੱਚ ਹਜ਼ਾਰਾਂ ਵਿਦਿਆਰਥੀ ਪੜ੍ਹਦੇ ਹਨ । ਪਹਿਲਾਂ ਇੱਕ ਯੂਨੀਵਰਸਿਟੀ ਵਿੱਚ ਵਿਦਿਆਰਥੀਆਂ ਦੇ ਕਤਲ ਦੀਆਂ ਅਫ਼ਵਾਹਾਂ ਫੈਲਾਈਆਂ ਗਈਆਂ ਅਤੇ ਕੁੱਝ ਦਿਨਾਂ ਬਾਅਦ ਦੂਜੀ ਯੂਨੀਵਰਸਿਟੀ ਵਿੱਚ ਬਲਾਤਕਾਰ ਦੀਆਂ ਖ਼ਬਰਾਂ ਉਡਾਈਆਂ ਗਈਆਂ, ਜੋ ਬਾਅਦ ਵਿੱਚ ਬਿਲਕੁਲ ਝੂਠ ਸਾਬਤ ਹੋਈਆਂ ।
ਕੀ ਚਿਤਾਵਨੀ ਦਿੱਤੀ ਗਈ ਅਦਾਲਤ ਵਲੋਂ
ਹਾਈਕੋਰਟ ਵਲੋਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਗੰਭੀਰ ਨਾ ਹੋਈ ਤਾਂ ਕੇਸ ਦੀ ਜਾਂਚ ਕੇਂਦਰੀ ਏਜੰਸੀ ਨੂੰ ਸੌਂਪ ਦਿੱਤੀ ਜਾਵੇਗੀ । ਪਟੀਸ਼ਨਰ ਦੇ ਵਕੀਲ ਨੇ ਅਦਾਲਤ ਵਿੱਚ ਦੱਸਿਆ ਕਿ ਇਸ ਹਿੰਸਾ ਕਾਰਨ ਨੈਸ਼ਨਲ ਹਾਈਵੇ ਜਾਮ ਰਿਹਾ ਅਤੇ ਵਿਦਿਆਰਥੀ ਕੈਂਪਸ ਦੇ ਅੰਦਰ ਨਹੀਂ ਜਾ ਸਕੇ । ਇਸ ਹਿੰਸਕ ਘਟਨਾ ਦੌਰਾਨ ਕਰੀਬ 30 ਕਰੋੜ ਰੁਪਏ ਦੀ ਜਾਇਦਾਦ ਦਾ ਨੁਕਸਾਨ ਹੋਇਆ ਹੈ ਅਤੇ 12 ਪੁਲਿਸ ਮੁਲਾਜ਼ਮ ਵੀ ਜ਼ਖ਼ਮੀ ਹੋਏ ਹਨ ।









