ਚੰਡੀਗੜ੍ਹ, 31 ਅਕਤੂਬਰ 2026 : ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਪੰਜ ਸਾਲ ਵਿਚ ਗੈਰ-ਕਾਨੂੰਨੀ ਮਾਈਨਿੰਗ (Illegal Mining) ਤਹਿਤ 1845 ਕੇਸ ਦਰਜ ਕੀਤੇ ਗਏ ਹਨ ।
ਕਿੰਨੇ ਵਾਹਨ ਜਬਤ ਕੀਤੇ ਗਏ ਹਨ ਤੇ ਕਿੰਨੇ ਕਰੋੜ ਦੇ ਕੀਤੇ ਗਏ ਹਨ ਜੁੁਰਮਾਨੇ
ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਬਰਿੰਦਰ ਕੁਮਾਰ ਗੋਇਲ (Barinder Kumar Goyal) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਅਪਣਾਈ ਗਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਪਿਛਲੇ ਪੰਜ ਸਾਲਾਂ ਦੌਰਾਨ ਸੂਬੇ ਭਰ ਵਿੱਚ ਜਿਥੇ 1845 ਕੇਸ ਦਰਜ ਕੀਤੇੇ ਗਏ ਹਨ, ਉਥੇ ਹੀ 3988 ਵਾਹਨ ਤੇ ਮਸ਼ੀਨਾਂ ਜ਼ਬਤ ਕੀਤੀਆਂ ਗਈਆਂ ਹਨ । ਇਥੇ ਹੀ ਬਸ ਨਹੀਂ ਮਾਈਨਿੰਗ ਵਿਭਾਗ ਵੱਲੋਂ ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਵਿਰੁੱਧ 28.70 ਕਰੋੜ ਰੁਪਏ ਦੇ ਜੁਰਮਾਨੇ ਲਗਾਏ ਗਏ ਹਨ, ਜਿਨ੍ਹਾਂ ਵਿੱਚੋਂ 27.33 ਕਰੋੜ ਰੁਪਏ ਦੀ ਵਸੂਲੀ ਵੀ ਕੀਤੀ ਜਾ ਚੁੱਕੀ ਹੈ ।
ਕੈਬਨਿਟ ਮੰਤਰੀ ਨੇ ਸਾਲਾਨਾ ਕਾਰਗੁਜ਼ਾਰੀ ਦੇ ਵੇਰਵੇ ਦਿੰਦਿਆਂ ਕੀ ਦੱਸਿਆ
ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਸਾਲਾਨਾ ਕਾਰਗੁਜ਼ਾਰੀ ਦੇ ਵੇਰਵੇ ਦਿੰਦਿਆਂ ਖਣਨ ਤੇ ਭੂ-ਵਿਗਿਆਨ ਮੰਤਰੀ ਨੇ ਦੱਸਿਆ ਕਿ ਸਾਲ 2022 ਦੌਰਾਨ 735 ਐੱਫ. ਆਈ. ਆਰ. ਦਰਜ ਕੀਤੀਆਂ ਗਈਆਂ ਅਤੇ 802 ਵਾਹਨ ਤੇ ਮਸ਼ੀਨਾਂ ਜ਼ਬਤ ਕੀਤੀਆਂ ਗਈਆਂ। ਇਸ ਦੌਰਾਨ 89 ਲੱਖ ਰੁਪਏ ਦੇ ਜੁਰਮਾਨੇ ਲਗਾਏ ਗਏ ਅਤੇ 88 ਲੱਖ ਰੁਪਏ ਵਸੂਲੇ ਗਏ । ਸਾਲ 2023 ਵਿੱਚ 458 ਐੱਫ.ਆਈ.ਆਰ. ਦਰਜ ਹੋਈਆਂ ਅਤੇ 987 ਜ਼ਬਤੀਆਂ ਕੀਤੀਆਂ ਗਈਆਂ । ਇਸ ਸਾਲ 6.64 ਕਰੋੜ ਰੁਪਏ ਦੇ ਜੁਰਮਾਨੇ ਲਗਾਏ ਗਏ ਜਦਕਿ 6.17 ਕਰੋੜ ਰੁਪਏ ਦੀ ਵਸੂਲੀ ਕੀਤੀ ਗਈ ।
ਸਾਲ-2024 ਦੌਰਾਨ ਕਿੰਨੇ ਕੇਸ ਦਰਜ ਕੀਤੇ ਗਏ ਹਨ
ਉਨ੍ਹਾਂ ਅੱਗੇ ਦੱਸਿਆ ਕਿ ਸਾਲ 2024 ਦੌਰਾਨ 294 ਐੱਫ. ਆਈ. ਆਰ. ਦਰਜ ਕੀਤੀਆਂ ਗਈਆਂ ਅਤੇ 1077 ਵਾਹਨ ਤੇ ਮਸ਼ੀਨਾਂ ਜ਼ਬਤ ਕੀਤੇ ਗਏ । ਇਸ ਸਮੇਂ ਦੌਰਾਨ 9.74 ਕਰੋੜ ਰੁਪਏ ਦੇ ਜੁਰਮਾਨੇ ਲਗਾਏ ਗਏ ਅਤੇ 9.56 ਕਰੋੜ ਰੁਪਏ ਵਸੂਲੇ ਗਏ । ਇਸੇ ਤਰ੍ਹਾਂ ਸਾਲ 2025 ਵਿੱਚ 111 ਐੱਫ. ਆਈ. ਆਰ. ਦਰਜ ਹੋਈਆਂ ਅਤੇ 454 ਜ਼ਬਤੀਆਂ ਕੀਤੀਆਂ ਗਈਆਂ । ਇਸ ਦੌਰਾਨ 2.76 ਕਰੋੜ ਰੁਪਏ ਦੇ ਜੁਰਮਾਨੇ ਲਗਾਏ ਗਏ, ਜਿਨ੍ਹਾਂ ਵਿੱਚੋਂ 2.70 ਕਰੋੜ ਰੁਪਏ ਵਸੂਲ ਕੀਤੇ ਗਏ ।
ਗੈਰ-ਕਾਨੂੰਨੀ ਮਾਈਨਿੰਗ ਤਹਿਤ ਸਾਲ-2026 ਵਿਚ ਕੀ-ਕੀ ਕਦਮ ਚੁੱਕੇ ਗਏ
ਸਾਲ 2026 ਦੇ ਅੰਕੜੇ ਸਾਂਝੇ ਕਰਦਿਆਂ ਸ੍ਰੀ ਗੋਇਲ ਨੇ ਦੱਸਿਆ ਕਿ ਵਿਭਾਗ ਵੱਲੋਂ ਇਸ ਸਾਲ ਹੁਣ ਤੱਕ 247 ਐੱਫ. ਆਈ. ਆਰ. ਦਰਜ ਕੀਤੀਆਂ ਗਈਆਂ ਹਨ ਅਤੇ 668 ਵਾਹਨ ਤੇ ਮਸ਼ੀਨਾਂ ਜ਼ਬਤ ਕੀਤੀਆਂ ਗਈਆਂ ਹਨ । ਇਸ ਸਮੇਂ ਦੌਰਾਨ 8.67 ਕਰੋੜ ਰੁਪਏ ਦੇ ਜੁਰਮਾਨੇ ਲਗਾਏ ਗਏ ਹਨ, ਜਿਨ੍ਹਾਂ ਵਿੱਚੋਂ 8.02 ਕਰੋੜ ਰੁਪਏ ਦੀ ਵਸੂਲੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਹ ਅੰਕੜੇ ਗ਼ੈਰ-ਕਾਨੂੰਨੀ ਮਾਈਨਿੰਗ ਨੂੰ ਠੱਲ੍ਹ ਪਾਉਣ ਲਈ ਵਿਭਾਗ ਵੱਲੋਂ ਜ਼ਮੀਨੀ ਪੱਧਰ ’ਤੇ ਕੀਤੀ ਜਾ ਰਹੀ ਤੇਜ਼ ਅਤੇ ਨਿਰੰਤਰ ਕਾਰਵਾਈ ਨੂੰ ਦਰਸਾਉਂਦੇ ਹਨ ।
ਪੰਜਾਬ ਮਾਈਨਰ ਮਿਨਰਲ ਰੂਲਜ ਤਹਿਤ ਕਿੰਨੇ ਕੇਸ ਕੀਤੇ ਗਏ ਦਰਜ
ਮੌਜੂਦਾ ਸਾਲ ਦੌਰਾਨ ਕੀਤੀਆਂ ਗਈਆਂ ਕਾਰਵਾਈਆਂ ਬਾਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ (Cabinet Minister) ਨੇ ਦੱਸਿਆ ਕਿ ਜੁਲਾਈ 2026 ਤੱਕ ਵਿਭਾਗ ਨੇ ਪੰਜਾਬ ਮਾਈਨਰ ਮਿਨਰਲ ਰੂਲਜ਼, 2013 ਦੇ ਨਿਯਮ 74 ਅਤੇ 75 ਤਹਿਤ 77 ਐਫ. ਆਈ. ਆਰਜ਼. ਦਰਜ ਕੀਤੀਆਂ ਅਤੇ 192 ਚਲਾਨ ਕੀਤੇ । ਇਸ ਮਿਆਦ ਦੌਰਾਨ 2.06 ਕਰੋੜ ਰੁਪਏ ਦੇ ਜੁਰਮਾਨੇ ਲਗਾਏ ਗਏ, ਜਿਨ੍ਹਾਂ ਵਿੱਚੋਂ 1.93 ਕਰੋੜ ਰੁਪਏ ਦੀ ਵਸੂਲੀ ਕੀਤੀ ਗਈ ।
ਜੁਲਾਈ ਵਿਚ ਕਿੰਨਾ ਜੁਰਮਾਨਾ ਵਸੂਲਿਆ ਗਿਆ
ਉਨ੍ਹਾਂ ਅੱਗੇ ਕਿਹਾ ਕਿ ਜੁਲਾਈ ਤੋਂ ਅਕਤੂਬਰ 2026 ਤੱਕ ਵਿਭਾਗ ਨੇ ਸਬੰਧਤ ਧਾਰਾਵਾਂ ਤਹਿਤ 170 ਹੋਰ ਐਫ. ਆਈ. ਆਰਜ਼. ਦਰਜ ਕੀਤੀਆਂ ਅਤੇ 476 ਚਲਾਨ ਕੀਤੇ । ਇਸ ਸਮੇਂ ਦੌਰਾਨ 6.61 ਕਰੋੜ ਰੁਪਏ ਦੇ ਜੁਰਮਾਨੇ ਲਗਾਏ ਗਏ, ਜਿਨ੍ਹਾਂ ਵਿੱਚੋਂ 6.17 ਕਰੋੜ ਰੁਪਏ ਵਸੂਲ ਕੀਤੇ ਗਏ । ਇਸੇ ਤਰ੍ਹਾਂ ਸਾਲ 2026 ਦੌਰਾਨ 247 ਐਫ. ਆਈ. ਆਰ. ਅਤੇ 668 ਚਲਾਨ ਕੀਤੇ ਗਏ । ਇਸ ਸਬੰਧੀ 8.67 ਕਰੋੜ ਰੁਪਏ ਦੇ ਜੁਰਮਾਨੇ ਲਗਾਏ ਗਏ ਅਤੇ 8.02 ਕਰੋੜ ਰੁਪਏ ਦੀ ਵਸੂਲੀ ਕੀਤੀ ਗਈ ।









