ਘਾਟੀ ’ਚ ਘੱਟ ਗਿਣਤੀ ਭਾਈਚਾਰੇ ਅਤੇ ਉਨ੍ਹਾਂ ਦੀ ਸੰਪਤੀਆਂ ਦੀ ਸੁਰੱਖਿਆ ਕਰੇ ਮੋਦੀ ਸਰਕਾਰ: ਆਪ
ਮਿੱਥ ਕੇ ਕੀਤੇ ਕਤਲ ਗੰਭੀਰ ਚਿੰਤਾ ਦਾ ਵਿਸ਼ਾ, ਕੇਂਦਰ ਸਰਕਾਰ ਇਸ ਨੂੰ ਗੰਭੀਰਤਾ ਨਾਲ ਲਵੇ: ਕੁਲਤਾਰ ਸਿੰਘ ਸੰਧਵਾਂ ਤੇ ਅਮਨ ਅਰੋੜਾ
ਚੰਡੀਗੜ੍ਹ:ਆਮ ਆਦਮੀ ਪਾਰਟੀ ਪੰਜਾਬ ਨੇ ਕੁੱਝ ਦਿਨ ਪਹਿਲਾ ਜੰਮੂ ਕਸ਼ਮੀਰ ਵਿੱਚ ਅੱਤਵਾਦੀ ਹਮਲੇ ਵਿੱਚ ਮਾਰੇ ਗਏ ਘੱਟ ਗਿਣਤੀ ਭਾਈਚਾਰੇ ਦੇ ਨਾਗਰਿਕਾਂ ਲਈ ਸੂੂਬਾ ਭਰ ਵਿੱਚ ਮੋਮਬੱਤੀ ਮਾਰਚ ਕੱਢ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ।ਐਤਵਾਰ ਨੂੰ ਪਾਰਟੀ ਮੁੱਖ ਦਫਤਰ ਤੋਂ ਜਾਰੀ ਸਾਂਝੇ ਬਿਆਨ ਰਾਹੀਂ ਪਾਰਟੀ ਦੇ ਵਿਧਾਇਕ ਤੇ ਬੁਲਾਰੇ ਕੁਲਤਾਰ ਸਿੰਘ ਸੰਧਵਾਂ ਅਤੇ ਵਿਧਾਇਕ ਅਮਨ ਅਰੋੜਾ ਨੇ ਦੱਸਿਆ ਕਿ ਪਾਰਟੀ ਆਗੂਆਂ ਅਤੇ ਵਰਕਰਾਂ ਨੇ ਅੱਜ ਜੰਮੂ ਕਸ਼ਮੀਰ ਵਿੱਚ ਮਾਰੇ ਗਏ ਨਾਗਰਿਕਾਂ ਨੂੰ ਸ਼ਰਧਾਂਜਲੀ ਦੇਣ ਲਈ ਸਾਰੇ ਜ਼ਿਲ੍ਹ੍ਹਾ ਦਫ਼ਤਰਾਂ ਵਿੱਚ ਮੋਮਬੱਤੀ ਮਾਰਚ ਕੱਢਿਆ।
ਵਾਦੀ ਵਿੱਚ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਗਿਣਮਿੱਥ ਕੇ ਕਤਲ ਕੀਤੇ ਜਾਣ ਦੀ ਨਿੰਦਾ ਕਰਦਿਆਂ ਕੁਲਤਾਰ ਸਿੰਘ ਸੰਧਵਾਂ ਅਤੇ ਅਮਨ ਅਰੋੜਾ ਨੇ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਤੋਂ ਕਸ਼ਮੀਰੀ ਪੰਡਿਤਾਂ ਅਤੇ ਸਿੱਖਾਂ ਸਮੇਤ ਵਾਦੀ ਵਿੱਚੋਂ ਘੱਟ ਗਿਣਤੀ ਭਾਈਚਾਰੇ ਦੀ ਸੁਰੱਖਿਆ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਹਾਲ ਹੀ ਦਿਨਾਂ ਵਿੱਚ ਹੋਈਆਂ ਅੱਤਵਾਦੀ ਗਤੀਵਿਧੀਆਂ ਗੰਭੀਰਤ ਦਾ ਵਿਸ਼ਾ ਹੈ।‘ਆਪ’ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਮਾਮਲੇ ਨੂੰ ਗੰਭੀਰਤਾ ਨਾਲ ਲੈ ਕੇ ਘੱਟ ਗਿਣਤੀ ਲੋਕਾਂ ਲਈ ਸੁਰੱਖਿਆ ਵਿਵਸਥਾ ਮਜ਼ਬੂਤ ਕਰੇ। ਉਨ੍ਹਾਂ ਸਰਕਾਰ ਤੋਂ ਵਾਦੀ ਵਿੱਚ ਰਹਿਣ ਵਾਲਿਆਂ ਦੀ ਸੰਪਤੀਆਂ ਦੀ ਰੱਖਿਆ ਕਰਨ ਦੇ ਨਾਲ ਨਾਲ ਅੱਤਵਾਦੀ ਹਮਲਿਆਂ ਦੇ ਮੱਦੇਨਜ਼ਰ ਕਸ਼ਮੀਰ ਛੱਡ ਚੁਕੇ ਲੋਕਾਂ ਦੀ ਸੰਪਤੀਆਂ ਦੀ ਸੁਰੱਖਿਆ ਦੀ ਜਿੰਮੇਦਾਰੀ ਬਹਾਲ ਕਰਨ ਦੀ ਵੀ ਮੰਗ ਕੀਤੀ।
ਕੁਲਤਾਰ ਸਿੰਘ ਸੰਧਵਾਂ ਅਤੇ ਅਮਨ ਅਰੋੜਾ ਨੇ ਮੋਦੀ ਸਰਕਾਰ ਦੀ ਅਲੋੋਚਨਾ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਧਾਰਾ 370 ਨੂੰ ਖ਼ਤਮ ਕਰਨ ਅਤੇ ਨੋਟਬੰਦੀ ਲਾਗੂ ਕਰਨ ’ਤੇ ਵਾਦੀ ਵਿੱਚ ਸ਼ਾਂਤੀ ਕਾਇਮ ਕਰਨ ਅਤੇ ਅੱਤਵਾਦੀਆਂ ’ਤੇ ਲਗਾਮ ਲਾਉਣ ਦੇ ਦਾਅਵੇ ਝੂਠੇ ਅਤੇ ਖੋਖਲੇ ਸਾਬਤ ਹੋਏ। ਉਨ੍ਹਾਂ ਕਿਹਾ ਕਿ ਕਸ਼ਮੀਰ ਵਿੱਚ ਹਿੰਸਕ ਘਟਨਾਵਾਂ ਵਧ ਰਹੀਆਂ ਹਨ ਅਤੇ ਮੋਦੀ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਨੂੰ ਸੁਰੱਖਿਆ ਦੇਣ ਅਤੇ ਅੱਤਵਾਦ ਨਾਲ ਨਿਪਟਣ ਵਿੱਚ ਪੂਰੀ ਤਰ੍ਹਾਂ ਫ਼ੇਲ ਸਾਬਤ ਹੋਈ ਹੈ ਅਤੇ ਨਾਗਰਕਾਂ ਦੀ ਮੋਤ ’ਤੇ ਚੁੱਪ ਰਹੀ ਹੈ।ਸੰਧਵਾਂ ਅਤੇ ਅਮਨ ਅਰੋੜਾ ਨੇ ਕਿਹਾ ਕਿ ਘਾਟੀ ਵਿੱਚ ਸੰਪਰਦਾਇਕ ਤਣਾਓ ’ਚ ਵਾਧਾ ਕਰਨ ਤੋਂ ਇਲਾਵਾ ਘੱਟ ਗਿਣਤੀ ਭਾਈਚਾਰੇ ਵਿੱਚ ਡਰ ਦਾ ਮਹੌਲ ਪੈਦਾ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਜੰਮੂ ਕਸ਼ਮੀਰ ਵਿੱਚ ਘੱਟ ਗਿਣਤੀਆਂ ਦੀ ਸੁਰੱਖਿਆ ਨੂੰ ਮਜ਼ਬੂਤ ਕਰਨਾ ਚਹੀਦਾ ਹੈ।