ਨਵੀਂ ਦਿੱਲੀ: ਰਾਸ਼ਟਰੀ ਰਾਜਧਾਨੀ ਦਿੱਲੀ ਦੇ ਕੁੱਝ ਹਿੱਸਿਆਂ ਅਤੇ ਇਸਦੇ ਨੇੜਲੇ ਇਲਾਕਿਆਂ ਵਿੱਚ ਸੋਮਵਾਰ ਤੜਕੇ ਭਾਰੀ ਬਾਰਸ਼ ਹੋਈ। ਭਾਰਤੀ ਮੌਸਮ ਵਿਭਾਗ (ਆਈਐਮਡੀ) ਨੇ ਇਹ ਜਾਣਕਾਰੀ ਦਿੱਤੀ ਹੈ ਕਿ ਮੀਂਹ ਕਾਰਨ ਤਾਪਮਾਨ 21 ਡਿਗਰੀ ਸੈਲਸੀਅਸ ਤੱਕ ਡਿੱਗ ਗਿਆ ਹੈ। ਦਿੱਲੀ ਲਈ ਯੈਲੋ ਅਲਰਟ ਜਾਰੀ ਕਰਦਿਆਂ ਵਿਭਾਗ ਨੇ ਦਿੱਲੀ ਅਤੇ ਇਸ ਦੇ ਆਸ ਪਾਸ ਹਲਕੇ ਤੋਂ ਦਰਮਿਆਨੇ ਮੀਂਹ ਅਤੇ ਗਰਜ਼ -ਤੂਫ਼ਾਨ ਦੀ ਭਵਿੱਖਬਾਣੀ ਕੀਤੀ ਹੈ।
ਆਈਐਮਡੀ ਨੇ ਕਿਹਾ ਹੈ, “ਗੁਰੂਗ੍ਰਾਮ, ਗੋਹਾਨਾ, ਗਨੌਰ, ਹੋਡਲ, ਔਰੰਗਾਬਾਦ ਪਲਵਲ, ਫਰੀਦਾਬਾਦ, ਬੱਲਬਗੜ੍ਹ, ਪਾਣੀਪਤ, ਸੋਹਾਣਾ ਅਤੇ ਉਨ੍ਹਾਂ ਦੇ ਨੇੜਲੇ ਇਲਾਕਿਆਂ ਸਮੇਤ ਸਮੁੱਚੀ ਦਿੱਲੀ ਵਿੱਚ ਭਾਰੀ ਮੀਂਹ ਜਾਰੀ ਰਹੇਗਾ।” ਦਿੱਲੀ ਵਿੱਚ 24 ਘੰਟਿਆਂ ਵਿੱਚ 3 ਮਿਲੀਮੀਟਰ ਮੀਂਹ ਪਿਆ ਅਤੇ ਨਮੀ ਦਾ ਪੱਧਰ 90 ਫੀਸਦੀ ਦਰਜ ਕੀਤਾ ਗਿਆ ਹੈ। ਰਾਤ ਭਰ ਭਾਰੀ ਮੀਂਹ ਕਾਰਨ ਦਿੱਲੀ ਦੇ ਕਈ ਹਿੱਸਿਆਂ ਵਿੱਚ ਪਾਣੀ ਭਰ ਗਿਆ, ਜਿਸ ਨਾਲ ਆਵਾਜਾਈ ਹੌਲੀ ਹੋ ਗਈ। ਇਸ ਦੌਰਾਨ ਦਿੱਲੀ ਟ੍ਰੈਫਿਕ ਪੁਲਿਸ ਨੇ ਲੋਕਾਂ ਨੂੰ ਸ਼ਹਿਰ ਦੇ ਕਈ ਹਿੱਸਿਆਂ ਵਿੱਚ ਪਾਣੀ ਭਰਨ ਕਾਰਨ ਕੁੱਝ ਸੜਕਾਂ ਤੋਂ ਬਚਣ ਦੀ ਸਲਾਹ ਜਾਰੀ ਕੀਤੀ ਹੈ।
ਮੌਸਮ ਵਿਭਾਗ ਨੇ ਉਤਰਾਖੰਡ, ਪੱਛਮੀ ਉੱਤਰ ਪ੍ਰਦੇਸ਼ ਅਤੇ ਹਰਿਆਣਾ ਵਿੱਚ 18 ਅਕਤੂਬਰ ਨੂੰ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਜਾਰੀ ਅਲਰਟ ਨੂੰ ਧਿਆਨ ਵਿੱਚ ਰੱਖਦੇ ਹੋਏ, ਪ੍ਰਸ਼ਾਸਨ ਨੇ ਕੁੱਝ ਜ਼ਿਲ੍ਹਿਆਂ ਵਿੱਚ ਸਕੂਲ, ਕਾਲਜ ਅਤੇ ਆਂਗਣਵਾੜੀ ਕੇਂਦਰਾਂ ਸਮੇਤ ਵਿੱਦਿਅਕ ਅਦਾਰੇ ਬੰਦ ਕਰਨ ਦਾ ਐਲਾਨ ਕੀਤਾ ਹੈ। ਉਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਰਾਜ ਵਿੱਚ ਭਾਰੀ ਮੀਂਹ ਦੀ ਚਿਤਾਵਨੀ ਦੇ ਮੱਦੇਨਜ਼ਰ ਚਾਰ ਧਾਮ ਯਾਤਰਾ ‘ਤੇ ਜਾ ਰਹੇ ਸ਼ਰਧਾਲੂਆਂ ਨੂੰ ਯਾਤਰਾ ਇੱਕ ਜਾਂ ਦੋ ਦਿਨਾਂ ਲਈ ਮੁਲਤਵੀ ਕਰਨ ਦੀ ਬੇਨਤੀ ਕੀਤੀ ਹੈ।