ਰਾਜਾ ਵੜਿੰਗ ਨੇ ਕਿਸਾਨ ਸੰਘਰਸ਼ ਦੌਰਾਨ ਜਾਨਾਂ ਗਵਾਉਣ ਵਾਲੇ 7 ਕਿਸਾਨਾਂ ਦੇ ਵਾਰਸਾਂ ਨੂੰ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ ਸੌਂਪੇ

0
73

ਚੰਡੀਗੜ੍ਹ : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਕਿਸਾਨ ਵਿਰੋਧੀ ਖੇਤੀ ਬਿੱਲਾਂ ਖਿਲਾਫ ਚੱਲ ਰਹੇ ਵੱਡੇ ਕਿਸਾਨ ਅੰਦੋਲਨ ਵਿੱਚ ਸ਼ਿਰਕਤ ਕਰਦੇ ਸਮੇਂ ਫੌਤ ਹੋਏ ਮਾਨਸਾ ਜ਼ਿਲ੍ਹੇ ਦੇ ਕਿਸਾਨਾਂ ਦੇ ਵਾਰਸਾਂ ਨੂੰ ਪੰਜਾਬ ਦੇ ਟਰਾਂਸਪੋਰਟ ਮੰਤਰੀ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਸਰਕਾਰੀ ਨੌਕਰੀ ਦੇ ਨਿਯੁਕਤੀ ਪੱਤਰ ਸੌਂਪੇ ਗਏ। ਕੈਬਨਿਟ ਮੰਤਰੀ ਸ੍ਰੀ ਵੜਿੰਗ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ੍ਰ ਚਰਨਜੀਤ ਸਿੰਘ ਚੰਨੀ ਵੱਲੋਂ ਉਨ੍ਹਾਂ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ ਕਿ ਕਿਸਾਨੀ ਸੰਘਰਸ਼ ਦੇ ਅਮਰ ਯੋਧਿਆਂ ਦੇ ਘਰ ਵਿੱਚ ਪਹੁੰਚ ਕਰਕੇ ਪਰਿਵਾਰਾਂ ਨਾਲ ਸਰਕਾਰ ਦੀ ਤਰਫੋਂ ਡਟ ਕੇ ਖੜ੍ਹੇ ਹੋਣ ਦੀ ਵਚਨਬੱਧਤਾ ਦੁਹਰਾਈ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨੀ ਅੰਦੋਲਨ ਦੌਰਾਨ ਫੌਤ ਹੋਏ ਕਿਸਾਨਾਂ ਦੇ ਪੀੜਤ ਪਰਿਵਾਰ ਨੂੰ ਪੰਜ-ਪੰਜ ਲੱਖ ਰੁਪਏ ਦੀ ਮਾਲੀ ਮਦਦ ਦੇ ਨਾਲ ਨਾਲ ਇੱਕ ਵਾਰਸ ਨੂੰ ਸਰਕਾਰੀ ਨੌਕਰੀ ਦੇਣ ਦੀ ਪ੍ਰਕਿਰਿਆ ਤੇਜ਼ ਕਰ ਦਿੱਤੀ ਗਈ ਹੈ।

ਕੈਬਨਿਟ ਮੰਤਰੀ ਨੇ ਅੱਜ ਦੇ ਦੌਰੇ ਦੌਰਾਨ ਮਾਨਸਾ, ਸਰਦੂਲਗੜ੍ਹ ਅਤੇ ਬੁਢਲਾਡਾ ਦੇ ਵੱਖ-ਵੱਖ ਪਿੰਡਾਂ ਵਿੱਚ ਗੈਰ ਰਸਮੀ ਸੰਬੋਧਨ ਦੌਰਾਨ ਕਿਹਾ ਕਿ ਕੇਂਦਰ ਵੱਲੋਂ ਪਾਸ ਕੀਤੇ ਕਾਲੇ ਖੇਤੀ ਕਾਨੂੰਨਾਂ ਖਿਲਾਫ ਚੱਲ ਰਹੇ ਸੰਘਰਸ਼ ਦੌਰਾਨ ਆਪਣੀਆਂ ਜਾਨਾਂ ਗਵਾਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ ਪ੍ਰਤੀ ਕਿਸਾਨ ਪੰਜ ਲੱਖ ਰੁਪਏ ਦਿੱਤੇ ਗਏ ਹਨ ਅਤੇ ਮ੍ਰਿਤਕ ਕਿਸਾਨਾਂ ਦੇ ਇਕ-ਇਕ ਪਰਿਵਾਰਕ ਜੀਅ ਨੂੰ ਸਰਕਾਰੀ ਨੌਕਰੀ ਦੇਣ ਲਈ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਨਿਯੁਕਤੀ ਪੱਤਰ ਦੇਣ ਦੀ ਸੁਰੂਆਤ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਵੱਲੋਂ ਕੀਤੀ ਗਈ ਅਤੇ ਹੁਣ ਰਾਜ ਦੇ ਵੱਖ ਵੱਖ ਜ਼ਿਲ੍ਹਿਆਂ ਵਿੱਚ ਇਨ੍ਹਾਂ ਪਰਿਵਾਰਾਂ ਨੂੰ ਘਰ-ਘਰ ਜਾ ਕੇ ਨਿਯੁਕਤੀ ਪੱਤਰ ਸੌਂਪੇ ਜਾ ਰਹੇ ਹਨ।

ਉਨ੍ਹਾਂ ਸਵ. ਕਿਸਾਨ ਗੁਰਜੰਟ ਸਿੰਘ ਵਾਸੀ ਕੋਟ ਧਰਮੂ ਦੇ ਲੜਕੇ ਸੁਖਵਿੰਦਰ ਸਿੰਘ, ਸਵ. ਧੰਨਾ ਸਿੰਘ ਵਾਸੀ ਖਿਆਲੀ ਚਹਿਲਾਂ ਵਾਲੀ ਦੀ ਪਤਨੀ ਮਨਜੀਤ ਕੌਰ, ਸਵ. ਕੁਲਵੰਤ ਸਿੰਘ ਵਾਸੀ ਨੰਦਗੜ੍ਹ ਦੇ ਲੜਕੇ ਨਿਰਮਲ ਸਿੰਘ, ਸਵ. ਗੁਰਜੰਟ ਸਿੰਘ ਵਾਸੀ ਬੱਛੋਆਣਾ ਦੇ ਲੜਕੇ ਸੁਖਵਿੰਦਰ ਸਿੰਘ, ਸਵ. ਜਗਸੀਰ ਸਿੰਘ ਵਾਸੀ ਭਾਦੜਾ ਦੀ ਪਤਨੀ ਰਮਨਦੀਪ ਕੌਰ ਉਰਫ ਮਲਕੀਤ ਕੌਰ, ਸਵ. ਜੁਗਰਾਜ ਸਿੰਘ ਵਾਸੀ ਗੁੜੱਦੀ ਦੇ ਲੜਕੇ ਬਖਸ਼ੀਸ਼ ਸਿੰਘ ਅਤੇ ਕਿਸਾਨ ਸਵ ਗੁਰਜੰਟ ਸਿੰਘ ਵਾਸੀ ਅਲੀਸ਼ੇਰ ਕਲਾਂ ਦੇ ਲੜਕੇ ਜਗਸੀਰ ਸਿੰਘ ਨੂੰ ਨਿਯੁਕਤੀ ਪੱਤਰ ਸੌਂਪੇ।ਕੈਬਨਿਟ ਮੰਤਰੀ ਨੇ ਕਿਹਾ ਕਿ ਜਿਹੜੇ ਪਰਿਵਾਰ ਆਪਣੇ ਜੀਅ ਗੁਆ ਚੁੱਕੇ ਹਨ, ਉਨ੍ਹਾਂ ਦੀ ਕਮੀ ਨੂੰ ਕੋਈ ਪੂਰਾ ਨਹੀਂ ਕਰ ਸਕਦਾ ਪਰ ਪੀੜਤ ਪਰਿਵਾਰਾਂ ਦੀ ਮਦਦ ਲਈ ਸਰਕਾਰ ਕਿਸੇ ਪ੍ਰਕਾਰ ਦੀ ਕਮੀ ਨਹੀਂ ਛੱਡੇਗੀ।ਇਸ ਮੌਕੇ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ, ਚੇਅਰਮੈਨ ਜ਼ਿਲ੍ਹਾ ਪਰਿਸ਼ਦ ਬਿਕਰਮ ਸਿੰਘ ਮੋਫ਼ਰ, ਸੀਨੀਅਰ ਆਗੂ ਰਣਜੀਤ ਕੌਰ ਭੱਟੀ, ਐਡਵੋਕੇਟ ਗੁਰਪ੍ਰੀਤ ਸਿੰਘ ਵਿੱਕੀ, ਡਿਪਟੀ ਕਮਿਸ਼ਨਰ ਮਹਿੰਦਰ ਪਾਲ, ਐਸ. ਐਸ. ਪੀ. ਸੰਦੀਪ ਕੁਮਾਰ ਗਰਗ, ਮਾਈਕਲ ਗਾਗੋਵਾਲ ਮੌਜੂਦ ਸਨ।

LEAVE A REPLY

Please enter your comment!
Please enter your name here