ਪੰਜਾਬ ਦੇ ਡਿਪਟੀ ਸੀਐੱਮ ਸੁਖਜਿੰਦਰ ਸਿੰਘ ਰੰਧਾਵਾ ਨੇ ਤਰਨਤਾਰਨ ਵਿੱਚ ਇੱਕ ਜਨ ਸਭਾ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਬੀਐਸਐਫ ਨੂੰ 50 ਕਿਲੋਮੀਟਰ ਤੱਕ ਤਾਇਨਾਤ ਕਰਨ ਦੀ ਕੇਂਦਰ ਸਰਕਾਰ ਦੀ ਯੋਜਨਾ ਸਫਲ ਨਹੀਂ ਹੋਣ ਦਿੱਤੀ ਜਾਵੇਗੀ। ਰੰਧਾਵਾ ਨੇ ਕਿਹਾ ਕਿ ਪੰਜਾਬ ਪੁਲਿਸ ਸੂਬੇ ਨੂੰ ਹਰ ਸੰਭਵ ਸੁਰੱਖਿਆ ਪ੍ਰਦਾਨ ਕਰਨ ਦੇ ਸਮਰੱਥ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ‘ਤੇ ਸਵਾਲ ਉਠਾਉਂਦਿਆਂ ਕਿਹਾ ਕਿ ਸਰਹੱਦ ‘ਤੇ ਕੰਡਿਆਲੀ ਤਾਰ ਅਤੇ ਬੀ.ਐਸ.ਐਫ ਤਾਇਨਾਤ ਹੋਣ ਦੇ ਬਾਵਜੂਦ ਨਸ਼ੇ ਅਤੇ ਹਥਿਆਰ ਕਿਵੇਂ ਆ ਰਹੇ ਹਨ?
ਇਸ ਦੇ ਨਾਲ ਹੀ ਰੰਧਾਵਾ ਨੇ ਅੱਗੇ ਕਿਹਾ ਕਿ ਬੇਅਦਬੀ ਮਾਮਲੇ ਦੀ ਜਾਂਚ ਤੇਜ਼ੀ ਨਾਲ ਚੱਲ ਰਹੀ ਹੈ ਅਤੇ ਜਲਦ ਹੀ ਦੋਸ਼ੀਆਂ ਨੂੰ ਸਜ਼ਾਵਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਬੇਅਦਬੀ ਮਾਮਲੇ ਵਿੱਚ ਘੱਟੋ-ਘੱਟ 10 ਸਾਲ ਦੀ ਸਜ਼ਾ ਦਿੱਤੀ ਜਾਵੇ। ਇਸ ਮੌਕੇ ਵਿਧਾਇਕ ਡਾ: ਧਰਮਵੀਰ ਅਗਨੀਹੋਤਰੀ, ਵਿਧਾਇਕ ਹਰਮਿੰਦਰ ਗਿੱਲ, ਵਿਧਾਇਕ ਸੁਖਪਾਲ ਭੁੱਲਰ, ਵਿਧਾਇਕ ਕੁਲਬੀਰ ਜੀਰਾ ਆਦਿ ਹਾਜ਼ਰ ਸਨ।