ਕਾਂਗਰਸ ਪਾਰਟੀ ਦੇ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਲਗਾਤਾਰ ਵੱਧ ਰਹੀਆਂ ਕੀਮਤਾਂ ਨੂੰ ਲੈ ਕੇ ਭਾਜਪਾ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਕਿਹਾ ਕਿ ਭਾਜਪਾ ਸਰਕਾਰ ਦੇਸ਼ ਦੇ ਲੋਕਾਂ ਨਾਲ ਮਹਿੰਗਾਈ ਦਾ ਟੀ-20 ਮੈਚ ਖੇਡ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਭਾਜਪਾ ਸਰਕਾਰ ਪ੍ਰਤੀ ਦਿਨ ਕੀਮਤਾਂ ਵਧਾ ਕੇ ਲੋਕਾਂ ਦੇ ਜ਼ਖ਼ਮਾਂ ‘ਤੇ ਮਿਰਚਾਂ ਲਗਾ ਰਹੀ ਹੈ। ਉਨ੍ਹਾਂ ਨੇ ਦੋਸ਼ ਲਾਇਆ ਕਿ ਇਸ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਤੋਂ 25 ਲੱਖ ਕਰੋੜ ਰੁਪਏ ਕਮਾਏ ਹਨ।ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਭਾਜਪਾ ਸਰਕਾਰ ਦੀਵਾਲੀ ‘ਤੇ ਲੋਕਾਂ ਦਾ ਦਿਵਾਲੀਆ ਕੱਢ ਰਹੀ ਹੈ।
ਸਰਕਾਰ ਵੱਲੋਂ ਲਗਾਤਾਰ ਕੀਮਤਾਂ ‘ਚ ਵਾਧਾ ਕੀਤਾ ਜਾ ਰਿਹਾ ਹੈ।ਅੰਤਰਰਾਸ਼ਟਰੀ ਬਾਜ਼ਾਰ ‘ਚ ਕੱਚੇ ਤੇਲ ਦੇ ਉੱਚ ਪੱਧਰ ਦੇ ਵਿਚਕਾਰ ਇਸ ਮਹੀਨੇ ਦੇ ਪਹਿਲੇ ਦਿਨ ਸੋਮਵਾਰ ਨੂੰ ਲਗਾਤਾਰ ਛੇਵੇਂ ਦਿਨ ਘਰੇਲੂ ਪੱਧਰ ‘ਤੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਉਛਾਲ ਜਾਰੀ ਹੈ। ਸਰਕਾਰੀ ਤੇਲ ਮਾਰਕੀਟਿੰਗ ਕੰਪਨੀਆਂ ਨੇ ਇਨ੍ਹਾਂ ਦੋਵਾਂ ਦੀਆਂ ਕੀਮਤਾਂ ‘ਚ 35-35 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ, ਜਿਸ ਤੋਂ ਬਾਅਦ ਰਾਜਧਾਨੀ ਦਿੱਲੀ ‘ਚ ਪੈਟਰੋਲ 109.69 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 98.42 ਰੁਪਏ ਪ੍ਰਤੀ ਲੀਟਰ ਦੇ ਰਿਕਾਰਡ ਪੱਧਰ ‘ਤੇ ਪਹੁੰਚ ਗਿਆ। ਅੱਜ ਸਮੇਤ 25 ਦਿਨਾਂ ‘ਚ ਪੈਟਰੋਲ 7.85 ਰੁਪਏ ਅਤੇ ਡੀਜ਼ਲ 8.65 ਰੁਪਏ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ।