ਕੋਰੋਨਾ ਦੀ ਦੂਜੀ ਲਹਿਰ ਪਹਿਲਾਂ ਨਾਲੋਂ ਵੀ ਜ਼ਿਆਦਾ ਘਾਤਕ ਸਾਬਿਤ ਹੋ ਰਹੀ ਹੈ।ਕੋਰੋਨਾ ਮਹਾਂਮਾਰੀ ਨਾਲ ਸਹੀ ਢੰਗ ਨਾਲ ਨਾ ਨਜਿੱਠਣ ’ਤੇ ਪੰਜਾਬ ਸਰਕਾਰ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਸ਼ਹਿਰ ਪਟਿਆਲਾ ਵਿੱਚ ਤਿੰਨ ਰੋਜ਼ਾ ਧਰਨਾ ਲਗਾਇਆ ਗਿਆ ਹੈ। ਇਹ ਧਰਨਾ ਇੱਥੇ ਜੇਲ੍ਹ ਰੋਡ ’ਤੇ ਸਥਿਤ ਪੁੱਡਾ ਗਰਾਊਂਡ ਵਿੱਚ ਲਗਾਇਆ ਗਿਆ ਹੈ। ਇਸ ਦੌਰਾਨ ਭਾਵੇਂ ਕਿ ਪਟਿਆਲਾ ਸਮੇਤ ਸੰਗਰੂਰ ਅਤੇ ਬਰਨਾਲਾ ਜ਼ਿਲ੍ਹੇ ਦੇ ਸੈਂਕੜੇ ਕਿਸਾਨ ਸ਼ਾਮਲ ਹੋਏ ਪਰ ਮਾਸਕ ਲਾਉਣ ਅਤੇ ਸੈਨੀਟਾਈਜ਼ਰ ਦੀ ਵਰਤੋਂ ਲਾਜ਼ਮੀ ਕਰਨ
ਸਮੇਤ ਉਹ ਪੰਡਾਲ ਵਿੱਚ ਇੱਕ ਦੂਜੇ ਤੋਂ ਵੀ ਫਾਸਲਾ ਬਣਾ ਕੇ ਬੈਠੇ।
ਜਥੇਬੰਦੀ ਦੇ ਸੂਬਾਈ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਕਿਹਾ ਕਿ ਖੇਤੀ ਵਿਰੋਧੀ ਕਾਨੂੰਨ ਰੱਦ ਕਰਨ ਸਮੇਤ ਹੋਰ ਮੰਗਾਂ ਦੀ ਪੂਰਤੀ ਲਈ ਕੇਂਦਰ ਸਰਕਾਰ ਖ਼ਿਲਾਫ਼ ਜਾਰੀ ਸਾਂਝੇ ਕਿਸਾਨ ਘੋਲ ਦੀ ਹੋਰ ਵਧੇਰੇ ਮਜ਼ਬੂਤੀ ਲਈ ਜਥੇਬੰਦੀ ਨੇ ਪੰਜਾਬ ਸਰਕਾਰ ਅੱਗੇ ਵੀ ਕੁਝ ਮੰਗਾਂ ਰੱਖੀਆਂ ਹਨ।
ਕੋਰੋਨਾ ਨਾਲ ਨਜਿੱਠਣ ਲਈ ਢੁੱਕਵੇਂ ਪ੍ਰਬੰਧ ਨਾ ਹੋਣ ਦੇ ਦੋਸ਼ ਲਾਉਂਦਿਆਂ ਕੋਕਰੀ ਕਲਾਂ ਨੇ ਮੰਗ ਰੱਖੀ ਕਿ ਸਾਰੇ ਵੱਡੇ ਪ੍ਰਾਈਵੇਟ ਹਸਪਤਾਲ ਸਰਕਾਰੀ ਕੰਟਰੋਲ ਹੇਠ ਲਏ ਜਾਣ ਅਤੇ ਲੋੜੀਂਦੇ ਬੈੱਡਾਂ, ਵੈਂਟੀਲੇਟਰਾਂ ਅਤੇ ਆਕਸੀਜਨ ਸਿਲੰਡਰਾਂ ਦੇ ਪੂਰੇ ਪ੍ਰਬੰਧ ਕੀਤੇ ਜਾਣ। ਮੈਡੀਕਲ ਸਟਾਫ਼ ਦੀ ਨਵੀਂ ਭਰਤੀ ਕੀਤੀ ਜਾਵੇ।
ਇਸ ਮੌਕੇ ਪਟਿਆਲਾ ਜ਼ਿਲ੍ਹੇ ਦੇ ਪ੍ਰਧਾਨ ਮਨਜੀਤ ਸਿੰਘ ਨਿਆਲ ਸਮੇਤ ਜਨਕ ਸਿੰਘ ਭੁਟਾਲ, ਹਰਦੀਪ ਸਿੰਘ ਟੱਲੇਵਾਲ, ਜਗਤਾਰ ਸਿੰਘ ਕਾਲਾਝਾੜ, ਜਸਵਿੰਦਰ ਸਿੰਘ ਬਰਾਸ ਅਤੇ ਮਨਜੀਤ ਸਿੰਘ ਘਰਾਚੋਂ ਨੇ ਵੀ ਸੰਬੋਧਨ ਕੀਤਾ। ਬੁਲਾਰਿਆਂ ਨੇ ਕੇਂਦਰ ਤੇ ਪੰਜਾਬ ਸਰਕਾਰ ਵੱਲੋਂ ਮੋਰਚਿਆਂ ਵਿੱਚ ਸ਼ਾਮਲ ਕਿਸਾਨਾਂ ’ਤੇੇ ਕੋਰੋਨਾ ਫੈਲਾਉਣ ਦੇ ਲਾਏ ਜਾ ਰਹੇ ਦੋਸ਼ ਨੂੰ ਬੇਬੁਨਿਆਦ ਦੱਸਿਆ। ਜ਼ਿਲ੍ਹਾ ਪ੍ਰਧਾਨ ਮਨਜੀਤ ਨਿਆਲ ਨੇ ਦੱਸਿਆ ਕਿ ਇਹ ਧਰਨਾ 30 ਮਈ ਤੱਕ ਜਾਰੀ ਰਹੇਗਾ।