ਫਤਹਿਗੜ੍ਹ ਸਾਹਿਬ (Deepak Sood)
ਪਿੰਡ ਮਹੱਦੀਆਂ ਦੀ ਪੁਲਿਸ ਲਾਈਨ ਵਿਖੇ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੀ ਪੁਲਿਸ ਨੇ ਦੀਵਾਲੀ ਦੇ ਤਿਉਹਾਰ ਮੌਕੇ ਲੋਕਾਂ ਨੂੰ ਤੋਹਫਾ ਦਿੱਤਾ ਹੈ। ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੀ ਪੁਲਿਸ ਵੱਲੋਂ ਪਿਛਲੇ ਸਮੇਂ ਤੋਂ ਖੋਏ ਹੋਏ 25 ਲੱਖ ਰੁਪਏ ਕੀਮਤ ਦੇ 163 ਮੋਬਾਇਲ ਟਰੇਸ ਕਰਕੇ ਅਸਲ ਮਾਲਕਾਂ ਨੂੰ ਦੇਣ ਦੀ ਸ਼ੁਰੂਆਤ ਕੀਤੀ ਗਈ ਹੈ। ਇਹ ਸ਼ੁਰੂਆਤ ਅੱਜ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਸੰਦੀਪ ਗੋਇਲ ਵੱਲੋਂ ਸ਼ੁਰੂ ਕੀਤੀ ਗਈ ਹੈ।
ਇਸ ਮੌਕੇ ਗੱਲਬਾਤ ਕਰਦੇ ਹੋਏ ਫਤਹਿਗੜ੍ਹ ਸਾਹਿਬ ਦੇ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਸੰਦੀਪ ਗੋਇਲ ਨੇ ਦੱਸਿਆ ਕਿ ਪਿਛਲੇ ਲੰਬੇ ਸਮੇਂ ਤੋਂ ਮੋਬਾਈਲ ਜੋ ਖੋਏ ਹੋਏ ਸਨ, ਉਨ੍ਹਾਂ ਦੀ ਟੈਕਨੀਕਲ ਟੀਮ ਦੇ ਵੱਲੋਂ ਜਾਂਚ ਪੜਤਾਲ ਕਰਨ ਤੋਂ ਬਾਅਦ 163 ਮੋਬਾਈਲ ਬਰਾਮਦ ਕੀਤੇ ਗਏ ਹਨ। ਜਿਨ੍ਹਾਂ ਦੀ ਕੀਮਤ ਲਗਪਗ 25 ਲੱਖ ਦੇ ਕਰੀਬ ਹੈ। ਇਨ੍ਹਾਂ ਮੋਬਾਈਲਾਂ ਨੂੰ ਅੱਜ ਉਨ੍ਹਾਂ ਦੇ ਅਸਲੀ ਮਾਲਕਾਂ ਦੇ ਹਵਾਲੇ ਕੀਤਾ ਜਾ ਰਿਹਾ ਹੈ। ਐੱਸਐੱਸਪੀ ਨੇ ਕਿਹਾ ਕਿ ਦੀਵਾਲੀ ਦੇ ਤਿਉਹਾਰ ਨੂੰ ਦੇਖਦੇ ਹੋਏ ਇਹ ਸ਼ੁਰੂਆਤ ਉਨ੍ਹਾਂ ਵੱਲੋਂ ਅੱਜ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਅੱਜ 16 ਮੋਬਾਇਲ ਉਨ੍ਹਾਂ ਦੇ ਅਸਲੀ ਮਾਲਕਾਂ ਨੂੰ ਸੌਂਪੇ ਗਏ ਹਨ।