ਬੀਬੀ ਜਗੀਰ ਕੌਰ ਦੀ ਅਗਵਾਈ ’ਚ 19 ਨੂੰ ਸ੍ਰੀ ਕਰਤਾਰਪੁਰ ਸਾਹਿਬ ਜਾਵੇਗਾ ਵਿਸ਼ੇਸ਼ ਜਥਾ

0
58

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਭਾਰਤ ਸਰਕਾਰ ਵੱਲੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦਾ ਲਾਂਘਾ ਮੁੜ ਖੁਲ੍ਹਣ ’ਤੇ ਖੁਸ਼ੀ ਪ੍ਰਗਟ ਕਰਦਿਆਂ ਐਲਾਨ ਕੀਤਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 19 ਨਵੰਬਰ ਨੂੰ ਪ੍ਰਕਾਸ਼ ਪੁਰਬ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਮਨਾਇਆ ਜਾਵੇਗਾ।

ਇਸ ਦਿਨ ਬੀਬੀ ਜਗੀਰ ਕੌਰ ਖੁਦ ਕਰਤਾਰਪੁਰ ਸਾਹਿਬ ਵਿਖੇ ਇਕ ਵਿਸ਼ੇਸ਼ ਜਥਾ ਲੈ ਕੇ ਜਾਣਗੇ। ਭਾਰਤ ਸਰਕਾਰ ਵੱਲੋਂ ਲਾਂਘਾ ਖੋਲ੍ਹੇ ਜਾਣ ਦੇ ਕੀਤੇ ਐਲਾਨ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਬੀਬੀ ਜਗੀਰ ਕੌਰ ਨੇ ਗੁਰੂ ਸਾਹਿਬ ਦਾ ਸ਼ੁਕਰਾਨਾ ਅਤੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਤੇ ਵਿਦੇਸ਼ ਮੰਤਰੀ ਸ੍ਰੀ ਸੁਭਰਾਮਣੀਅਮ ਜੈਸ਼ੰਕਰ ਦਾ ਧੰਨਵਾਦ ਕੀਤਾ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਲਾਂਘਾ ਮੁੜ ਖੋਲ੍ਹੇ ਜਾਣ ਦੀ ਮੰਗ ਨੂੰ ਲੈ ਕੇ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਅਤੇ ਵਿਦੇਸ਼ ਮੰਤਰੀ ਨੂੰ ਪੱਤਰ ਲਿਖੇ ਗਏ ਸਨ।

ਉਨ੍ਹਾਂ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ 19 ਨਵੰਬਰ ਨੂੰ ਆ ਰਿਹਾ ਪ੍ਰਕਾਸ਼ ਪੁਰਬ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਵਿਖੇ ਮਨਾਇਆ ਜਾਵੇਗਾ। ਬੀਬੀ ਜਗੀਰ ਕੌਰ ਨੇ ਆਖਿਆ ਕਿ ਪ੍ਰਕਾਸ਼ ਪੁਰਬ ਵਾਲੇ ਦਿਨ ਉਹ ਖ਼ੁਦ ਸ੍ਰੀ ਕਰਤਾਰਪੁਰ ਸਾਹਿਬ ਪਾਸਿਕਤਾਨ ਵਿਖੇ ਵਿਸ਼ਾਲ ਜਥਾ ਲੈ ਕੇ ਜਾਣਗੇ। ਇਸ ਦਿਨ ਸ਼੍ਰੋਮਣੀ ਕਮੇਟੀ ਵੱਲੋਂ ਲਿਜਾਏ ਜਾ ਰਹੇ ਜਥੇ ਦਾ ਸਾਰਾ ਖਰਚ ਸ਼੍ਰੋਮਣੀ ਕਮੇਟੀ ਵੱਲੋਂ ਕੀਤਾ ਜਾਵੇਗਾ।

ਉਨ੍ਹਾਂ ਨੇ ਕਿਹਾ ਕਿ ਸੰਗਤਾਂ 19 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦੇ ਜਥੇ ਵਿਚ ਸ੍ਰੀ ਕਰਤਾਰਪੁਰ ਸਾਹਿਬ ਜਾਣ ਲਈ ਆਪਣੀ ਕਾਰਵਾਈ ਮੁਕੰਮਲ ਕਰਨ ਅਤੇ ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਨੂੰ ਸੂਚਿਤ ਕਰਨ। ਇਸ ਦੌਰਾਨ ਬੀਬੀ ਜਗੀਰ ਕੌਰ ਨੇ ਇਹ ਵੀ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ 17 ਨਵੰਬਰ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਇਆ ਜਾਵੇਗਾ, ਜਿਸ ਦੇ ਭੋਗ 19 ਨਵੰਬਰ ਨੂੰ ਪਾਏ ਜਾਣਗੇ।

ਉਨ੍ਹਾਂ ਨੇ ਦੱਸਿਆ ਕਿ ਲਾਂਘਾ ਖੁਲ੍ਹਣ ਮਗਰੋਂ ਉਨ੍ਹਾਂ ਦੀ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਅਮੀਰ ਸਿੰਘ ਤੇ ਸਾਬਕਾ ਪ੍ਰਧਾਨ ਸ. ਬਿਸ਼ਨ ਸਿੰਘ ਨਾਲ ਗੱਲਬਾਤ ਹੋਈ ਹੈ, ਜਿਨ੍ਹਾਂ ਨੇ 19 ਨਵੰਬਰ ਵਾਲੇ ਜਥੇ ਸਬੰਧੀ ਮੁਕੰਮਲ ਪ੍ਰਬੰਧ ਕਰਨ ਦੀ ਵਚਨਬੱਧਤਾ ਪ੍ਰਗਟਾਈ ਹੈ। ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਕਾਸ਼ ਪੁਰਬ ਸਬੰਧੀ ਉਥੇ ਕਰਵਾਏ ਜਾਣ ਵਾਲੇ ਸਮਾਗਮਾਂ ਲਈ ਲੰਗਰ ਦੀਆਂ ਰਸਦਾਂ ਵੀ ਲੈ ਕੇ ਜਾਵੇਗੀ ਅਤੇ ਇਸ ਦੇ ਨਾਲ ਹੀ ਰਾਗੀ ਜਥੇ ਤੇ ਪ੍ਰਚਾਰਕ ਵੀ ਜਥੇ ਵਿਚ ਸ਼ਾਮਲ ਹੋਣਗੇ। ਜਥੇ ਦੀ ਗਿਣਤੀ ਸਬੰਧੀ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਇਸ ਸਬੰਧੀ ਸੂਚਿਤ ਕੀਤਾ ਗਿਆ ਅਤੇ ਭਾਰਤ ਸਰਕਾਰ ਵੱਲੋਂ ਤੈਅ ਨਿਯਮਾਂ ਅਨੁਸਾਰ ਹੀ ਜਥੇ ਦੇ ਮੈਂਬਰਾਂ ਦੀ ਗਿਣਤੀ ਹੋਵੇਗੀ।

ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਮ ਸਿੰਘ, ਸ. ਜਰਨੈਲ ਸਿੰਘ ਡੋਗਰਾਂਵਾਲਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਓਐਸਡੀ ਡਾ. ਸੁਖਬੀਰ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ ਆਦਿ ਮੌਜੂਦ ਸਨ।

LEAVE A REPLY

Please enter your comment!
Please enter your name here