ਆਰੰਭਤਾ ਮੌਕੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਰਹੀਆਂ ਮੌਜੂਦ
ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸੰਗਤਾਂ ਦੀ ਵੱਡੀ ਗਿਣਤੀ ’ਚ ਆਮਦ ਦੇ ਮੱਦੇਨਜ਼ਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੜਾਹ ਪ੍ਰਸ਼ਾਦ ਦੀ ਦੇਗ ਪ੍ਰਵਾਨ ਕਰਵਾਉਣ ਲਈ ਨਵੇਂ ਤਿਆਰ ਕੀਤੇ ਕਾਊਂਟਰਾਂ ਦੀ ਅੱਜ ਸ਼ੁਰੂਆਤ ਕੀਤੀ ਗਈ। ਕਾਊਂਟਰਾਂ ਦੀ ਆਰੰਭਤਾ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਅਨੰਦ ਸਾਹਿਬ ਦਾ ਜਾਪ ਕੀਤਾ ਅਤੇ ਅਰਦਾਸ ਭਾਈ ਸੁਖਦੇਵ ਸਿੰਘ ਨੇ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ ਲੱਖਾਂ ਦੀ ਗਿਣਤੀ ਸੰਗਤਾਂ ਨਤਮਸਤਕ ਹੁੰਦੀਆਂ ਹਨ ਅਤੇ ਸ਼ਰਧਾ ਅਨੁਸਾਰ ਕੜਾਹ ਪ੍ਰਸ਼ਾਦ ਦੀ ਦੇਗ ਕਰਵਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਸੰਗਤਾਂ ਦੀ ਵਧਦੀ ਆਮਦ ਦੇ ਮੱਦੇਨਜ਼ਰ ਕੜਾਹ ਪ੍ਰਸ਼ਾਦ ਭੇਟ ਕਰਨ ਲਈ ਨਵੇਂ ਕਾਊਂਟਰ ਤਿਆਰ ਕਰਵਾਏ ਗਏ ਹਨ, ਜਿਨ੍ਹਾਂ ਦੀ ਸੇਵਾ ਗੁਰੂ ਘਰ ਦੇ ਅਨਿੰਨ ਸ਼ਰਧਾਲੂ ਭਾਈ ਪ੍ਰਭਜੋਤ ਸਿੰਘ ਤੇ ਉਨ੍ਹਾਂ ਦੇ ਸਪੁੱਤਰਾਂ ਭਾਈ ਸੁਰਿੰਦਰਪਾਲ ਸਿੰਘ ਅਤੇ ਭਾਈ ਇੰਦਰਪਾਲ ਸਿੰਘ ਨੇ ਕਰਵਾਈ ਹੈ।
ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਸੇਵਕ ਪਰਿਵਾਰ ਨੇ ਸ੍ਰੀ ਅਖੰਡਪਾਠ ਸਾਹਿਬ ਲਈ 4 ਕਮਰਿਆਂ ਦੇ ਨਵੀਨੀਕਰਣ ਦੀ ਵੀ ਸੇਵਾ ਕਰਵਾਈ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਕਿਰਪਾ ਕਰਨ ਇਹ ਪਰਿਵਾਰ ਇਸੇ ਤਰ੍ਹਾਂ ਹੀ ਗੁਰੂ ਦੀਆਂ ਸੇਵਾਵਾਂ ਨਿਭਾਉਂਦਾ ਰਹੇ। ਇਸ ਮੌਕੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੇਵਕ ਪਰਿਵਾਰ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਸ. ਅਮਰਜੀਤ ਸਿੰਘ ਬੰਡਾਲਾ, ਮੈਂਬਰ ਸ. ਮੰਗਵਿੰਦਰ ਸਿੰਘ ਖਾਪੜਖੇੜੀ, ਓਐਸਡੀ ਸ. ਸਤਬੀਰ ਸਿੰਘ ਧਾਮੀ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਇੰਚਾਰਜ ਸ. ਸ਼ਹਿਬਾਜ਼ ਸਿੰਘ, ਸ. ਸੁਖਬੀਰ ਸਿੰਘ, ਮੈਨੇਜਰ ਸ. ਨਰਿੰਦਰ ਸਿੰਘ, ਵਧੀਕ ਮੈਨੇਜਰ ਸ. ਇਕਬਾਲ ਸਿੰਘ ਮੁਖੀ ਆਦਿ ਮੌਜੂਦ ਸਨ।