ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੂੂੰ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਨਹੀਂ ਮਿਲ ਸਕੀ।
ਅੱਜ ਲਗਪਗ ਇਕ ਘੰਟਾ ਚੱਲੀ ਸੁਣਵਾਈ ਦੌਰਾਨ ਸਰਕਾਰ ਵੱਲੋਂ ਸੀਨੀਅਰ ਐਡਵੋਕੇਟ ਸ੍ਰੀ ਪੀ. ਚਿਦਾਂਬਰਮ ਅਤੇ ਸ: ਮਜੀਠੀਆ ਵੱਲੋਂ ਸ੍ਰੀ ਮੁਕੁਲ ਰੋਹਤਗੀ ਪੇਸ਼ ਹੋਏ ਅਤੇ ਉਨ੍ਹਾਂ ਨੇ ਅਗਾਊਂ ਜ਼ਮਾਨਤ ਦੇ ਮਾਮਲੇ ’ਤੇ ਬਹਿਸ ਕੀਤੀ। ਇਹ ਸੁਣਵਾਈ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ।
ਸ: ਮਜੀਠੀਆ ਦੇ ਵਕੀਲ ਸ: ਦਮਨਜੀਤ ਸਿੰਘ ਸੋਬਤੀ ਨੇ ਦੱਸਿਆ ਕਿ ਅੱਜ ਦੀ ਸੁਣਵਾਈ ਤੋਂ ਬਾਅਦ ਅਦਾਲਤ ਨੇ ਰਾਜ ਸਰਕਾਰ ਨੂੰ 8 ਜਨਵਰੀ ਲਈ ਨੋਟਿਸ ਜਾਰੀ ਕਰ ਦਿੱਤਾ ਹੈ ਅਤੇ ਇਸ ’ਤੇ ਅਗਲੀ ਸੁਣਵਾਈ ਲਈ 10 ਜਨਵਰੀ ਦੀ ਤਾਰੀਖ਼ ਨਿਰਧਾਰਿਤ ਕੀਤੀ ਗਈ ਹੈ।
ਯਾਦ ਰਹੇ ਕਿ ਐਸ.ਟੀ.ਐਫ. ਦੀ ਸ:ਮਜੀਠੀਆ ਦੇ ਖਿਲਾਫ਼ ਰਿਪੋਰਟ ਦੇ ਆਧਾਰ ’ਤੇ ਪੰਜਾਬ ਪੁਲਿਸ ਵੱਲੋਂ ਮੁਹਾਲੀ ਥਾਣੇ ਵਿੱਚ ਸ: ਮਜੀਠੀਆ ਦੇ ਖਿਲਾਫ਼ ਐਨ.ਡੀ.ਪੀ.ਐਸ. ਦੀਆਂ ਸਖ਼ਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ ਜਿਸ ਤੋਂ ਬਾਅਦ ਸ: ਮਜੀਠੀਆ ਰੂਪੋਸ਼ ਚੱਲ ਰਹੇ ਹਨ ਅਤੇ ਕਾਨੂੰਨੀ ਚਾਰਾਜੋਈ ਰਾਹੀਂ ਰਾਹਤ ਪ੍ਰਾਪਤ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।
ਮੋਹਾਲੀ ਦੀ ਇਕ ਅਦਾਲਤ ਵੱਲੋਂ ਸ: ਮਜੀਠੀਆ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਗਈ ਸੀ ਜਿਸ ਤੋਂ ਬਾਅਦ ਉਨ੍ਹਾਂ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਰੁਖ਼ ਕੀਤਾ ਹੈ।
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਸ: ਮਜੀਠੀਆ ਦੀਆਂ ਨਵੇਂ ਸਾਲ ਦੇ ਮੌਕੇ ਸ੍ਰੀ ਦਰਬਾਰ ਸਾਹਿਬ ਵਿਖ਼ੇ ਨਤਮਸਤਕ ਹੋਣ ਦੀਆਂ ਤਸਵੀਰਾਂ ਸਾਹਮਣੇ ਆਈਆਂ ਸਨ ਅਤੇ ਇਹ ਦਾਅਵਾ ਕੀਤਾ ਗਿਆ ਸੀ ਕਿ ਉਹ ਪੰਜਾਬ ਵਿੱਚ ਹੀ ਹਨ ਪਰ ਲੰਘੇ ਦਿਨੀਂ ਗ੍ਰਹਿ ਮੰਤਰੀ ਸ: ਸੁਖ਼ਜਿੰਦਰ ਸਿੰਘ ਰੰਧਾਵਾ ਨੇ ਦਾਅਵਾ ਕੀਤਾ ਸੀ ਕਿ ਸ: ਮਜੀਠੀਆ ਦੀਆਂ ਇਹ ਤਸਵੀਰਾਂ ਪੁਰਾਣੀਆਂ ਹਨ। ਉਨ੍ਹਾਂ ਨੇ ਦਾਅਵਾ ਕੀਤਾ ਸੀ ਕਿ ਸ: ਮਜੀਠੀਆ ਪੰਜਾਬ ਵਿੱਚ ਨਹੀਂ ਹਨ ਸਗੋਂ ਪੰਜਾਬ ਤੋਂ ਬਾਹਰ ਕਿਤੇ ਟਿਕੇ ਹੋਏ ਹਨ।