ਰੂਸੀ ਹਮਲੇ ਤੋਂ ਬਾਅਦ ਯੂਕਰੇਨ ਵਿੱਚ ਸੰਕਟ ਹੋਰ ਗਹਿਰਾ ਹੋ ਗਿਆ ਹੈ ਅਤੇ ਵੱਡੀ ਗਿਣਤੀ ਵਿੱਚ ਪੰਜਾਬੀਆਂ ਸਮੇਤ ਭਾਰਤੀ ਵਿਦਿਆਰਥੀ ਅਤੇ ਲੋਕ ਉਥੇ ਫਸੇ ਹੋਏ ਹਨ। ਵਿਦਿਆਰਥੀਆਂ ਦੀ ਸੁਰੱਖਿਆ ਨੂੰ ਲੈ ਕੇ ਦੇਸ਼ ਭਰ ਵਿੱਚ ਚਿੰਤਾ ਵਧ ਗਈ ਹੈ। ਇਸੇ ਦੌਰਾਨ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਨੇ ਯੂਕਰੇਨ ਵਿੱਚ ਫਸੇ ਪੰਜਾਬੀਆਂ ਦੀ ਮਦਦ ਲਈ ਇੱਕ ਵਟਸਐਪ ਨੰਬਰ ਜਾਰੀ ਕੀਤਾ ਹੈ। ਫੇਸਬੁੱਕ ‘ਤੇ ਨੰਬਰ (9877847778) ਸਾਂਝਾ ਕਰਦੇ ਹੋਏ ਮਾਨ ਨੇ ਲਿਖਿਆ ਕਿ ਯੂਕਰੇਨ ‘ਚ ਫਸੇ ਪੰਜਾਬੀਆਂ ਜਾਂ ਉਨ੍ਹਾਂ ਦੇ ਰਿਸ਼ਤੇਦਾਰਾਂ ਨੂੰ ਬੇਨਤੀ ਹੈ ਕਿ ਉਹ ਸਾਡੇ ਨਾਲ ਸੰਪਰਕ ਕਰਨ। ਅਸੀਂ ਤੁਹਾਡੀ ਮਦਦ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰਾਂਗੇ।
ਯੂਕਰੇਨ ਦੀ ਰਾਜਧਾਨੀ ਕੀਵ ਵਿੱਚ ਕਈ ਧਮਾਕੇ ਹੋਏ। ਇਨ੍ਹਾਂ ਧਮਾਕਿਆਂ ਤੋਂ ਬਾਅਦ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਨਸਕੀ ਨੇ ਘੋਸ਼ਣਾ ਕੀਤੀ ਹੈ ਕਿ ਪੂਰੀ ਫੌਜ ਨੂੰ ਯੁੱਧ ਵਿਚ ਸ਼ਾਮਲ ਕੀਤਾ ਜਾਵੇਗਾ। ਯੂਕਰੇਨ ਦਾ ਦਾਅਵਾ ਹੈ ਕਿ ਉਸ ਦੇ ਬਲਾਂ ਨੇ 800 ਤੋਂ ਵੱਧ ਰੂਸੀ ਸੈਨਿਕਾਂ ਨੂੰ ਮਾਰ ਦਿੱਤਾ ਹੈ। ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਕਿਹਾ ਕਿ ਫਰਾਂਸ ਯੂਕਰੇਨ ਨੂੰ ਫੌਜੀ ਸਾਜ਼ੋ-ਸਾਮਾਨ ਅਤੇ 330 ਮਿਲੀਅਨ ਡਾਲਰ ਦੀ ਵਿੱਤੀ ਸਹਾਇਤਾ ਪ੍ਰਦਾਨ ਕਰੇਗਾ।