ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਚੇਤਾਵਨੀ ਦਿੱਤੀ ਹੈ ਕਿ ਮਹਿੰਗਾਈ ਹੋਰ ਵਧੇਗੀ ਅਤੇ ਇਸ ਦੇ ਨਾਲ ਹੀ ਸਰਕਾਰ ਨੂੰ ਦੇਸ਼ ਦੇ ਲੋਕਾਂ ਦੀ ਸੁਰੱਖਿਆ ਲਈ ਕਦਮ ਚੁੱਕਣ ਦੀ ਅਪੀਲ ਕੀਤੀ ਹੈ । ਰਾਹੁਲ ਨੇ ਕਿਹਾ ਕਿ ਰੂਸ-ਯੂਕਰੇਨ ਯੁੱਧ ਸ਼ੁਰੂ ਹੋਣ ਤੋਂ ਪਹਿਲਾਂ ਹੀ ਕੀਮਤਾਂ ‘ਚ ਰਿਕਾਰਡ ਵਾਧੇ ਨੇ ਗਰੀਬ ਅਤੇ ਮੱਧ ਵਰਗ ਨੂੰ ਕੁਚਲ ਦਿੱਤਾ ਸੀ। “ਇਹ (ਮਹਿੰਗਾਈ) ਹੋਰ ਵਧੇਗੀ ਕਿਉਂਕਿ ਕੱਚੇ ਤੇਲ ਦੀ ਕੀਮਤ 100 ਡਾਲਰ ਪ੍ਰਤੀ ਬੈਰਲ ਤੋਂ ਵੱਧ ਹੈ, ਭੋਜਨ ਦੀਆਂ ਕੀਮਤਾਂ ਵਿੱਚ 22 ਪ੍ਰਤੀਸ਼ਤ ਦੇ ਵਾਧੇ ਦੀ ਉਮੀਦ ਹੈ।” ਕੋਵਿਡ ਨੇ ਗਲੋਬਲ ਸਪਲਾਈ ਚੇਨ ਨੂੰ ਵਿਗਾੜ ਦਿੱਤਾ ਹੈ।
ਰਾਹੁਲ ਨੇ ਅੱਗੇ ਕਿਹਾ ਕਿ ਭਾਰਤ ਸਰਕਾਰ ਨੂੰ ਹੁਣ ਕਾਰਵਾਈ ਕਰਨੀ ਚਾਹੀਦੀ ਹੈ ਅਤੇ ਲੋਕਾਂ ਦੀ ਸੁਰੱਖਿਆ ਕਰਨੀ ਚਾਹੀਦੀ ਹੈ। ਸਰਕਾਰ ਵੱਲੋਂ ਸੋਮਵਾਰ ਨੂੰ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਕੱਚੇ ਤੇਲ ਅਤੇ ਗੈਰ-ਭੋਜਨ ਪਦਾਰਥਾਂ ਦੀਆਂ ਕੀਮਤਾਂ ‘ਚ ਵਾਧਾ ਹੋਣ ਕਾਰਨ ਫਰਵਰੀ ‘ਚ ਪ੍ਰਚੂਨ ਮਹਿੰਗਾਈ ਦਰ 6.07 ਫੀਸਦੀ ਦੇ ਅੱਠ ਮਹੀਨਿਆਂ ਦੇ ਉੱਚ ਪੱਧਰ ‘ਤੇ ਪਹੁੰਚ ਗਈ। ਇਸ ਸਮੇਂ ਦੌਰਾਨ ਥੋਕ ਮੁੱਲ ਆਧਾਰਿਤ ਮਹਿੰਗਾਈ ਦਰ ਵਧ ਕੇ 13.11 ਫੀਸਦੀ ਹੋ ਗਈ। 24 ਫਰਵਰੀ ਨੂੰ ਯੂਕਰੇਨ ‘ਤੇ ਰੂਸੀ ਹਮਲੇ ਤੋਂ ਬਾਅਦ ਕੱਚੇ ਤੇਲ ਅਤੇ ਕੁਦਰਤੀ ਗੈਸ ਦੀਆਂ ਕੀਮਤਾਂ ‘ਚ ਵਾਧੇ ਦਾ ਥੋਕ ਮੁੱਲ ਸੂਚਕ ਅੰਕ ‘ਤੇ ਬੁਰਾ ਅਸਰ ਪਿਆ ਹੈ।