ਪੰਜਾਬ ਵਿਧਾਨ ਸਭਾ ਇਜਲਾਸ ਦਾ ਅੱਜ ਆਖ਼ਰੀ ਦਿਨ ਹੈ। ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੁੰਦੇ ਸਾਰ ਹੀ ਸਭ ਤੋਂ ਪਹਿਲਾਂ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਵਿਧਾਨ ਸਭਾ ‘ਚ ਰਾਜਪਾਲ ਦੇ ਭਾਸ਼ਣ ‘ਤੇ ਚਰਚਾ ਕੀਤੀ ਜਾਵੇਗੀ।
ਇਸ ਦੇ ਨਾਲ ਹੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 3 ਮਹੀਨੇ ਦਾ ਬਜਟ ਪੇਸ਼ ਕੀਤਾ ਜਾਵੇਗਾ। ਇਹ ਬਜਟ 37 ਹਜ਼ਾਰ ਕਰੋੜ ਰੁਪਏ ਦਾ ਤੈਅ ਕੀਤਾ ਗਿਆ ਹੈ। ਵਿਧਾਨ ਸਭਾ ‘ਚ ਵੋਟ ਆਨ ਅਕਾਊਂਟ ਬਿੱਲ ਵੀ ਪੇਸ਼ ਕੀਤਾ ਜਾਵੇਗਾ।
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 23 ਮਾਰਚ ਦੇ ਸ਼ਹੀਦਾਂ ਦੀ ਬਰਸੀ ਨੂੰ ਲੈ ਕੇ ਪੰਜਾਬ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। 23 ਮਾਰਚ ਨੂੰ ਸ਼ਹੀਦ ਭਗਤ ਸਿੰਘ, ਸੁਖਦੇਵ ਸਿੰਘ ਅਤੇ ਰਾਜਗੁਰੂ ਦਾ ਸ਼ਹੀਦੀ ਦਿਹਾੜਾ ਹੈ ਅਤੇ ਬਰਸੀ ਸਮਾਗਮ ਮਨਾਏ ਜਾਣੇ ਹਨ।
ਆਮ ਆਦਮੀ ਪਾਰਟੀ ਦੀ ਨਵੀਂ ਸਰਕਾਰ ਦੇ ਪਹਿਲੇ ਵਿਧਾਨ ਸਭਾ ਦੇ 3 ਰੋਜ਼ਾ ਸੈਸ਼ਨ ਦੇ ਆਖਰੀ ਦਿਨ ਮੁੱਖ ਮੰਤਰੀ ਮਾਨ ਨੇ ਪੰਜਾਬ ਭਰ ਦੇ ਲੋਕਾਂ ਦੀ ਸ਼ਰਧਾ ਨੂੰ ਵੇਖਦਿਆਂ 23 ਮਾਰਚ ਦੀ ਛੁੱਟੀ ਦਾ ਐਲਾਨ ਕੀਤਾ।
ਜ਼ਿਕਰਯੋਗ ਹੈ ਕਿ ਪਹਿਲਾਂ ਪੰਜਾਬ ਸਰਕਾਰ ਵੱਲੋਂ ਸਿਰਫ਼ ਭਗਤ ਸਿੰਘ ਦੇ ਜੱਦੀ ਜ਼ਿਲ੍ਹੇ ਨਵਾਂ ਸ਼ਹਿਰ ਵਿੱਚ ਛੁੱਟੀ ਹੁੰਦੀ ਸੀ, ਪਰੰਤੂ ਹੁਣ ਮਾਨ ਸਰਕਾਰ ਵੱਲੋਂ ਪੰਜਾਬ ਭਰ ਦੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।