ਪਿਛਲੇ ਲੰਮੇ ਸਮੇਂ ਤੋਂ ਆਪਣੇ ਹੱਕੀ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਵੱਲੋਂ ਜੱਥੇਬੰਦੀ ਦੇ ਸੂਬਾਈ ਆਗੂਆਂ ਮਨੀ ਸੰਗਰੂਰ ਅਤੇ ਜੱਗਾ ਬੋਹਾ ਦੀ ਅਗਵਾਈ ਹੇਠ ਸਿੱਖਿਆ ਮੰਤਰੀ ਗੁਰਮੀਤ ਮੀਤ ਹੇਅਰ ਨੂੰ ਆਪਣੀ ਮੰਗਾਂ ਸੰਬੰਧੀ ਮੰਗ ਪੱਤਰ ਸੌਂਪਿਆ ਗਿਆ।
ਇਸ ਮੌਕੇ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਈਟੀਟੀ ਅਧਿਆਪਕਾਂ ਦੀਆਂ ਭਰਤੀਆਂ ਸਬੰਧੀ ਆ ਰਹੀਆਂ ਰੁਕਾਵਟਾਂ ਬਾਰੇ ਸਿੱਖਿਆ ਮੰਤਰੀ ਨੂੰ ਜਾਣੂ ਕਰਾਇਆ ਗਿਆ। ਬੇਰੁਜ਼ਗਾਰ ਅਧਿਆਪਕਾਂ ਦੀਆਂ ਮੰਗਾਂ ਸੁਣਨ ਉਪਰੰਤ ਸਿੱਖਿਆ ਮੰਤਰੀ ਮੀਤ ਹੇਅਰ ਵੱਲੋਂ ਭਰੋਸਾ ਦਿੱਤਾ ਗਿਆ ਹੈ ਕਿ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਦੀਆਂ ਮੰਗਾਂ ਨੂੰ ਜਲਦ ਹੱਲ ਕੀਤਾ ਜਾਵੇਗਾ ।
ਇਸ ਮੌਕੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਯੂਨੀਅਨ ਦੇ ਸੂਬਾ ਆਗੂ ਮਨੀ ਸੰਗਰੂਰ, ਜੱਗਾ ਬੋਹਾ, ਅਮਰਿੰਦਰ ਜੋਨੀ ਗੁਰਦੀਪ, ਲਾਡੀ, ਗੁਰਸੰਗਤ ਮਾਨਸਾ, ਬੇਅੰਤ ਮਾਨਸਾ ਨੇ ਕਿਹਾ ਕਿ ਲਗਾਤਾਰ ਕਾਂਗਰਸ ਸਰਕਾਰ ਤੋਂ ਪੰਜ ਸਾਲ ਬੇਰੁਜ਼ਗਾਰ ਅਧਿਆਪਕਾਂ ਨੂੰ ਨੌਕਰੀ ਤਾਂ ਨਹੀਂ ਮਿਲੀ, ਸਿਰਫ ਬੇਰੁਜ਼ਗਾਰ ਅਧਿਆਪਕਾਂ ਨੂੰ ਡਾਂਗਾਂ ਤੇ ਝੂਠੇ ਪਰਚੇ ਹਿੱਸੇ ਆਏ। ਉਨ੍ਹਾਂ ਕਿਹਾ ਕਿ ਬੇਰੁਜ਼ਗਾਰ ਈਟੀਟੀ ਅਧਿਆਪਕਾਂ ਦੀਆਂ 2364 ਤੇ 6635 ਪੋਸਟਾਂ ਨਿਕਲੀਆਂ ਜੋ ਕਿ ਕਾਂਗਰਸ ਸਰਕਾਰ ਦੀਆਂ ਨਾਲਾਇਕੀਆਂ ਕਾਰਨ ਕੋਰਟ ਕੇਸਾਂ ਵਿੱੱਚ ਫ਼ਸ ਚੁੱਕੀਆਂ ਹਨ। ਉਨ੍ਹਾਂ ਮੰਗ ਕੀਤੀ ਕਿ ਇਨ੍ਹਾਂ ਭਰਤੀਆਂ ਨੂੰ ਕੋਰਟ ਕੇਸਾਂ ਵਿੱਚੋਂ ਬਾਹਰ ਕੱਢ ਕੇ ਬੇਰੁਜ਼ਗਾਰ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣ।
ਉਨ੍ਹਾਂ ਕਿਹਾ ਕਿ 5994 ਈਟੀਟੀ ਅਧਿਆਪਕਾਂ ਦੀ ਭਰਤੀ ਦਾ ਇਸ਼ਤਿਹਾਰ ਤਾਂ ਜਾਰੀ ਹੋਇਆ ਸੀ ਪਰ ਉਸ ਦਾ ਆਨਲਾਈਨ ਪੋਰਟਲ ਨਹੀਂ ਖੋਲ੍ਹਿਆ ਗਿਆ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਜਲਦੀ ਤੋਂ ਜਲਦੀ 5994 ਅਸਾਮੀਆਂ ਦਾ ਪੋਰਟਲ ਆਨਲਾਇਨ ਕਰੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਦੀਆਂ ਮੰਗਾਂ ਮੰਨ ਸਾਰਥਕ ਹੱਲ ਕਰੇ ਤਾਂ ਕਿ ਬੇਰੁਜ਼ਗਾਰ ਅਧਿਆਪਕਾਂ ਨੂੰ ਰੁਜ਼ਗਾਰ ਮਿਲ ਸਕੇ।
ਇਸ ਮੌਕੇ ਆਗੂਆਂ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਪੰਜਾਬ ਸਰਕਾਰ ਵੱਲੋਂ ਜਲਦ ਬੇਰੁਜ਼ਗਾਰ ਅਧਿਆਪਕਾਂ ਦੀਆਂ ਭਰਤੀਆਂ ਪੂਰੀਆਂ ਨਹੀਂ ਕੀਤੀਆਂ ਗਈਆਂ ਤਾਂ ਆਉਣ ਵਾਲੇ ਸਮੇਂ ਵਿੱਚ ਪੰਜਾਬ ਸਰਕਾਰ ਖਿਲਾਫ਼ ਤਿੱਖਾ ਸੰਘਰਸ਼ ਕੀਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਹੋਵੇਗਾ ।