ਕਾਂਗਰਸ ਪਾਰਟੀ ਨੇ ਸੰਗਰੂਰ ਲੋਕ ਸਭਾ ਜ਼ਿਮਨੀ ਚੋਣਾਂ ਲਈ ਆਪਣੇ ਉਮੀਦਾਵਾਰ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਵਲੋਂ ਦਲਵੀਰ ਗੋਲਡੀ ਨੂੰ ਆਪਣਾ ਉਮੀਦਵਾਰ ਐਲਾਨਿਆ ਗਿਆ ਹੈ। ਉਹ ਕੱਲ੍ਹ ਨੂੰ ਨਾਮਜ਼ਦਗੀ ਪੱਤਰ ਭਰਨਗੇ। 6 ਜੂਨ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਆਖਰੀ ਦਿਨ ਹੈ। ਦਲਵੀਰ ਗੋਲਡੀ ਧੂਰੀ ਤੋਂ ਸਾਬਕਾ ਵਿਧਾਇਕ ਹਨ।
ਇਸ ਦੇ ਨਾਲ ਹੀ ਦੱਸ ਦਈਏ ਕਿ ਬੀਤੇ ਦਿਨੀ ਸਾਬਕਾ ਸੀਨੀਅਰ ਕਾਂਗਰਸੀ ਲੀਡਰ ਕੇਵਲ ਸਿੰਘ ਢਿੱਲੋਂ ਭਾਜਪਾ ‘ਚ ਸ਼ਾਮਿਲ ਹੋ ਗਏ ਸਨ ਤੇ ਅੱਜ ਉਨ੍ਹਾਂ ਨੂੰ ਭਾਜਪਾ ਦੁਆਰਾ ਸੰਗਰੂਰ ਜ਼ਿਮਨੀ ਚੋਣਾਂ ਲਈ ਉਮੀਦਵਾਰ ਐਲਾਨ ਦਿੱਤਾ ਗਿਆ ਹੈ।
ਆਮ ਆਦਮੀ ਪਾਰਟੀ ਲਈ ਇਹ ਸੀਟ ਕਾਫੀ ਅਹਿਮ ਹੈ ਜਿਸ ਲਈ ਉਹਨਾਂ ਵੱਲੋਂ ਜ਼ਿਲ੍ਹਾ ਪ੍ਰਧਾਨ ਗੁਰਮੇਲ ਸਿੰਘ ਨੂੰ ਟਿਕਟ ਦਿੱਤੀ ਗਈ ਹੈ। ਕੱਲ੍ਹ ਸੀਐੱਮ ਭਗਵੰਤ ਮਾਨ ਦੀ ਮੌਜੂਦਗੀ ‘ਚ ਉਹਨਾਂ ਵੱਲੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਗਿਆ।
ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਸਿਮਰਨਜੀਤ ਮਾਨ ਉਮੀਦਵਾਰ ਹਨ। ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਜੀਤ ਕੌਰ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ।
ਸੀਐੱਮ ਮਾਨ ਦੇ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕਣ ਅਤੇ ਸਾਂਸਦ ਵਜੋਂ ਅਸਤੀਫਾ ਦੇਣ ਤੋਂ ਬਾਅਦ ਇਹ ਸੀਟ ਖਾਲੀ ਹੋਈ ਸੀ। ਹੁਣ 23 ਜੂਨ ਨੂੰ ਜ਼ਿਮਨੀ ਚੋਣ ਹੋਣ ਜਾ ਰਹੀ ਹੈ ਅਤੇ ਭਲਕੇ ਇਸ ਸੀਟ ਲਈ ਨਾਮਜ਼ਦਗੀਆਂ ਭਰਨ ਦਾ ਆਖਰੀ ਦਿਨ ਹੈ।