ਕਰਨਾਟਕ ‘ਚ ਇੱਕ ਦਰਦਨਾਕ ਹਾਦਸਾ ਵਾਪਰ ਜਾਣ ਦੀ ਖਬਰ ਸਾਹਮਣੇ ਆਈ ਹੈ। ਇੱਥੇ ਕਾਲਮਬੇਲਾ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਦੋ ਬੱਚਿਆਂ ਸਮੇਤ 9 ਦੀ ਮੌਤ ਹੋ ਗਈ। ਇਸ ਤੋਂ ਇਲਾਵਾ 15 ਹੋਰ ਜ਼ਖ਼ਮੀ ਹੋ ਗਏ ਹਨ। ਜਾਣਕਾਰੀ ਅਨੁਸਾਰ ਇਹ ਹਾਦਸਾ ਸਵੇਰੇ ਕਰੀਬ 4:30 ਵਜੇ ਵਾਪਰਿਆ। ਹਾਦਸੇ ਦੌਰਾਨ ਇੱਕ ਲਾਰੀ ਨੇ ਯਾਤਰੀ ਵਾਹਨ ਨੂੰ ਟੱਕਰ ਮਾਰ ਦਿੱਤੀ। ਸੂਤਰਾਂ ਅਨੁਸਾਰ ਮਰਨ ਵਾਲੇ ਵਿਅਕਤੀ ਦਿਹਾੜੀਦਾਰ ਮਜ਼ਦੂਰ ਸਨ, ਜੋ ਰਾਏਚੂਰ ਜ਼ਿਲ੍ਹੇ ਤੋਂ ਬੰਗਲੁਰੂ ਜਾ ਰਹੇ ਸਨ। ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਹਾਦਸਾਗ੍ਰਸਤ ਕਰੂਜ਼ਰ ਗੱਡੀ ਵਿੱਚ ਟਰੈਫਿਕ ਨਿਯਮਾਂ ਨੂੰ ਨਜ਼ਰਅੰਦਾਜ ਕਰਦਿਆਂ ਕਰੀਬ 24 ਮੁਸਾਫਿਰ ਸਫ਼ਰ ਕਰ ਰਹੇ ਹਨ। ਮਰਨ ਵਾਲੇ ਯਾਤਰੀਆਂ ਵਿੱਚ ਦੋ ਬੱਚੇ ਵੀ ਸ਼ਾਮਲ ਹਨ। ਇਹ ਵੀ ਦੱਸਿਆ ਜਾਂਦਾ ਹੈ ਕਿ ਮ੍ਰਿਤਕਾਂ ਵਿੱਚੋਂ ਕਈ ਇੱਕੋ ਪਰਿਵਾਰ ਦੇ ਜੀਅ ਸਨ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਾਦਸੇ ’ਤੇ ਦੁੱਖ ਪ੍ਰਗਟਾਉਂਦਿਆਂ ਮ੍ਰਿਤਕਾਂ ਦੇ ਪਰਿਵਾਰਾਂ ਅਤੇ ਜ਼ਖ਼ਮੀਆਂ ਲਈ ਸਹਾਇਤਾ ਰਾਸ਼ੀ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਦਫ਼ਤਰ ਤੋਂ ਜਾਰੀ ਟਵੀਟ ਵਿੱਚ ਕਿਹਾ ਗਿਆ, ‘‘ਕਰਨਾਟਕ ਦੇ ਟੁਮਕੁਰੂ ਜ਼ਿਲ੍ਹੇ ਵਿੱਚ ਵਾਪਰਿਆ ਹਾਦਸਾ ਬੇਹੱਦ ਦੁਖਦਾਈ ਹੈ। ਜ਼ਖ਼ਮੀਆਂ ਦੀ ਸਿਹਤਯਾਬੀ ਲਈ ਅਰਦਾਸ। ਪ੍ਰਧਾਨ ਮੰਤਰੀ ਕੌਮੀ ਰਾਹਤ ਫੰਡ ਵਿੱਚੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਦੋ ਲੱਖ ਅਤੇ ਜ਼ਖ਼ਮੀਆਂ ਨੂੰ 50 ਹਜ਼ਾਰ ਰੁਪਏ ਦੀ ਮਦਦ ਦਿੱਤੀ ਜਾਵੇਗੀ…ਨਰਿੰਦਰ ਮੋਦੀ।’’ ਇਸੇ ਦੌਰਾਨ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਵੀ ਟਵੀਟ ਕਰਦਿਆਂ ਘਟਨਾ ਦੇ ਪੀੜਤਾਂ ਨਾਲ ਹਮਦਰਦੀ ਜ਼ਾਹਿਰ ਕੀਤੀ ਹੈ। ਸੂਬੇ ਦੇ ਮੁੱਖ ਮੰਤਰੀ ਬਸਵਰਾਜ ਬੋਮਈ ਨੇ ਵੀ ਸੂਬਾ ਸਰਕਾਰ ਵੱਲੋਂ ਪੀੜਤ ਪਰਿਵਾਰਾਂ ਲਈ ਪੰਜ ਲੱਖ ਦੀ ਸਹਾਇਤਾ ਰਾਸ਼ੀ ਦਾ ਐਲਾਨ ਕੀਤਾ ਹੈ।