ਆਮ ਆਦਮੀ ਪਾਰਟੀ ਦੇ MLA ਪਠਾਨਮਾਜਰਾ ਦੀਆਂ ਮੁਸ਼ਕਿਲਾਂ ਵਧਦੀਆ ਨਜ਼ਰ ਆ ਰਹੀਆਂ ਹਨ। ਦੱਸ ਦੇਈਏ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਪਟਿਆਲਾ ਜ਼ਿਲ੍ਹੇ ਦੇ ਸਨੌਰ ਵਿਧਾਨ ਸਭਾ ਹਲਕੇ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਖ਼ਿਲਾਫ਼ ਉਨ੍ਹਾਂ ਦੀ ਦੂਜੀ ਪਤਨੀ ਗੁਰਪ੍ਰੀਤ ਕੌਰ ਵੱਲੋਂ ਪੰਜਾਬ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਗਈ ਸੀ। ਹਾਈ ਕੋਰਟ ‘ਚ ਮੰਗਲਵਾਰ ਨੂੰ ਪਟੀਸ਼ਨ ‘ਤੇ ਸੁਣਵਾਈ ਹੋਈ। ਹਾਈਕੋਰਟ ਨੇ ਇਸ ਮਾਮਲੇ ‘ਚ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।
ਪਠਾਨਮਾਜਰਾ ਦੀ ਦੂਜੀ ਪਤਨੀ ਗੁਰਪ੍ਰੀਤ ਕੌਰ ਨੇ ਦੋਸ਼ ਲਗਾਇਆ ਹੈ ਕਿ ਪਠਾਨਮਾਜਰਾ ਨੇ ਉਸ ਨਾਲ ਝੂਠ ਬੋਲ ਕੇ ਦੂਜਾ ਵਿਆਹ ਕੀਤਾ ਹੈ। ਇੰਨਾ ਹੀ ਨਹੀਂ ਉਨ੍ਹਾਂ ਨੇ ਵਿਧਾਇਕ ‘ਤੇ ਸਰੀਰਕ ਤੇ ਮਾਨਸਿਕ ਸ਼ੋਸ਼ਣ ਦੇ ਵੀ ਦੋਸ਼ ਲਾਏ ਹਨ। ਇਸ ਤੋਂ ਪਹਿਲਾਂ ਗੁਰਪ੍ਰੀਤ ਨੇ ਜ਼ੀਰਕਪੁਰ ਥਾਣੇ ‘ਚ ਪਠਾਨਮਾਜਰਾ ਖਿਲਾਫ ਸ਼ਿਕਾਇਤ ਵੀ ਦਿੱਤੀ ਸੀ। ਉਨ੍ਹਾਂ ਦਾ ਦੋਸ਼ ਹੈ ਕਿ ਵਿਧਾਇਕ ਨੇ ਪਹਿਲੀ ਪਤਨੀ ਨੂੰ ਤਲਾਕ ਦਿੱਤੇ ਬਿਨਾਂ ਦੂਸਰਾ ਵਿਆਹ ਕੀਤਾ ਹੈ।
ਗੁਰਪ੍ਰੀਤ ਕੌਰ ਦਾ ਕਹਿਣਾ ਹੈ ਕਿ ਜਦੋਂ ਤੋਂ ਉਸ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਤਾਂ ਉਦੋਂ ਤੋਂ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਸਨ। ਗੁਰਪ੍ਰੀਤ ਕੌਰ ਨੇ ਸੁਰੱਖਿਆ ਦੀ ਵੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੇ ਇਨ੍ਹਾਂ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ਕਿਹਾ ਕਿ ਉਨ੍ਹਾਂ ਨੇ ਆਪਣੀ ਪਹਿਲੀ ਪਤਨੀ ਨੂੰ ਤਲਾਕ ਦੇ ਕੇ ਦੂਜਾ ਵਿਆਹ ਕੀਤਾ ਹੈ। ਹਾਲਾਂਕਿ ਉਨ੍ਹਾਂ ਦੀ ਪਹਿਲੀ ਪਤਨੀ ਉਨ੍ਹਾਂ ਦੇ ਨਾਲ ਰਹਿ ਰਹੀ ਹੈ।
ਦੂਜੇ ਪਾਸੇ ਇਨ੍ਹਾਂ ਦੋਸ਼ਾਂ ਬਾਰੇ ਸਪੱਸ਼ਟੀਕਰਨ ਦਿੰਦਿਆਂ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੇ ਕਿਹਾ ਸੀ ਕਿ ਇਹ ਸਭ ਵਿਰੋਧੀਆਂ ਦੀ ਚਾਲ ਹੈ। ਵਿਧਾਨ ਸਭਾ ਚੋਣਾਂ ‘ਚ ਵਿਰੋਧੀਆਂ ਤੋਂ ਹਾਰ ਬਰਦਾਸ਼ਤ ਨਹੀਂ ਹੋਈ ਤਾਂ ਹਰ ਕੋਈ ਮਿਲ ਕੇ ਸਾਜ਼ਿਸ਼ਾਂ ਘੜ ਰਿਹਾ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਕਰੀਬ ਇਕ ਸਾਲ ਪਹਿਲਾਂ ਦੂਜਾ ਵਿਆਹ ਕੀਤਾ ਸੀ। ਘਰ ਅਤੇ ਗੱਡੀ ਦੂਜੀ ਪਤਨੀ ਨੂੰ ਦਿੱਤੀ। ਹੁਣ ਦੂਜੀ ਪਤਨੀ ਉਨ੍ਹਾਂ ਨੂੰ ਪੁਰਾਣੀ ਵੀਡੀਓ ਦਿਖਾ ਕੇ ਭ੍ਰਿਸ਼ਟਾਚਾਰ ਕਰਨ ਲਈ ਮਜਬੂਰ ਕਰ ਰਹੀ ਸੀ। ਉਨ੍ਹਾਂ ਕਿਹਾ ਸੀ ਕਿ ਉਹ ਵੀ ਗੁਰਪ੍ਰੀਤ ਕੌਰ ਖਿਲਾਫ ਸ਼ਿਕਾਇਤ ਦਰਜ ਕਰਵਾਉਣਗੇ।