ਪਾਕਿਸਤਾਨ ਦੇ ਬਲੋਚਿਸਤਾਨ ‘ਚ ਦਹਿਸ਼ਤਗਰਦਾਂ ਦੁਆਰਾ ਹਾਈਕੋਰਟ ਦੇ ਸਾਬਕਾ ਚੀਫ਼ ਜਸਟਿਸ ‘ਤੇ ਅੰਨ੍ਹੇਵਾਹ ਗੋਲੀਬਾਰੀ ਕੀਤੀ ਗਈ। ਪਾਕਿਸਤਾਨ ਦੇ ਬਲੋਚਿਸਤਾਨ ‘ਚ ਹਮਲਾਵਰਾਂ ਨੇ ਸਾਬਕਾ ਚੀਫ਼ ਜਸਟਿਸ ਦੀ ਇੱਕ ਮਸਜਿਦ ਦੇ ਬਾਹਰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਮੀਡੀਆ ਰਿਪੋਰਟਾਂ ਮੁਤਾਬਕ ਖਾਰਨ ਦੇ ਪੁਲਿਸ ਸੁਪਰਡੈਂਟ ਆਸਿਫ਼ ਹਲੀਮ ਨੇ ਦੱਸਿਆ ਕਿ ਹਮਲਾਵਰਾਂ ਨੇ ਖਾਰਨ ਖੇਤਰ ਵਿੱਚ ਮਸਜਿਦ ਦੇ ਬਾਹਰ ਮੁਹੰਮਦ ਨੂਰ ਮਸਕਾਨਜ਼ਈ ‘ਤੇ ਗੋਲੀਬਾਰੀ ਕੀਤੀ, ਜਿਸ ‘ਚ ਜੱਜ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਇਸ ਤੋਂ ਬਾਅਦ ਉਨ੍ਹਾਂ ਨੂੰ ਨੇੜਲੇ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ: ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਜੇਲ੍ਹ ‘ਚੋਂ ਬਾਹਰ ਆਇਆ ਡੇਰਾ ਮੁਖੀ ਰਾਮ ਰਹੀਮ
ਸਾਬਕਾ ਜਸਟਿਸ ਦੀ ਹੱਤਿਆ ‘ਤੇ ਗੁੱਸਾ ਜ਼ਾਹਰ ਕਰਦੇ ਹੋਏ ਬਲੋਚਿਸਤਾਨ ਦੇ ਮੁੱਖ ਮੰਤਰੀ ਮੀਰ ਅਬਦੁਲ ਕੁਦੂਸ ਬਿਜੇਂਜੋ ਨੇ ਕਿਹਾ ਕਿ ਉਨ੍ਹਾਂ ਦੀਆਂ ਸੇਵਾਵਾਂ ਨੂੰ ਭੁੱਲਣਯੋਗ ਨਹੀਂ ਹੈ। ਬਿਜੇਂਜੋ ਨੇ ਕਿਹਾ ਕਿ ਸ਼ਾਂਤੀ ਦੇ ਦੁਸ਼ਮਣਾਂ ਦੇ ਕਾਇਰਾਨਾ ਹਮਲੇ ਦੇਸ਼ ਨੂੰ ਡਰਾ ਨਹੀਂ ਸਕਦੇ।
ਕਵੇਟਾ ਬਾਰ ਐਸੋਸੀਏਸ਼ਨ (QBA) ਦੇ ਪ੍ਰਧਾਨ ਅਜਮਲ ਖ਼ਾਨ ਕੱਕੜ ਨੇ ਵੀ ਮੁਸਕਾਨ ਦੇ ਕਤਲ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸਾਬਕਾ ਜੱਜ ਦੇ ਦੇਹਾਂਤ ਨਾਲ ਪਾਕਿਸਤਾਨ ਦਾ ਹਰ ਨਾਗਰਿਕ ਬਹੁਤ ਦੁਖੀ ਹੈ। ਉਨ੍ਹਾਂ ਕਿਹਾ ਕਿ ਅਸੀਂ ਇਸ ਘਟਨਾ ਦੀ ਸਖ਼ਤ ਨਿਖੇਧੀ ਕਰਦੇ ਹਾਂ ਅਤੇ ਮੰਗ ਕਰਦੇ ਹਾਂ ਕਿ ਕਾਤਲਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇ।