ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿੰਡ ਵਾਲੇ ਇਸ ਵਾਰ ਕਾਲੀ ਦੀਵਾਲੀ ਮਨਾਉਣਗੇ। ਪਿੰਡ ਦੇ ਲੋਕਾਂ ਨੇ ਫੈਸਲਾ ਕੀਤਾ ਕਿ ਪਿੰਡ ‘ਚ ਨਾ ਤਾਂ ਦੀਪਮਾਲਾ ਕੀਤੀ ਜਾਵੇਗੀ ਅਤੇ ਨਾ ਹੀ ਪਟਾਕੇ ਚਲਾਏ ਜਾਣਗੇ। ਸਿਰਫ ਦੀਵੇ ਜਗਾ ਕੇ ਸਿੱਧੂ ਦੀ ਯਾਦ ਨੂੰ ਤਾਜ਼ਾ ਕੀਤਾ ਜਾਵੇਗਾ। ਉਹ ਕਾਲੀਆਂ ਪੱਟੀਆਂ ਬੰਨ੍ਹ ਕੇ ਬੈਠਣਗੇ। ਸਰਕਾਰ ਦੇ ਕੰਨਾਂ ਤੱਕ ਇਹ ਆਵਾਜ਼ ਪਹੁੰਚਾਉਣਗੇ ਕਿ ਸਿੱਧੂ ਨੂੰ ਇਨਸਾਫ਼ ਦਿਵਾਇਆ ਜਾਵੇ।
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੇ ਭਾਵੁਕ ਹੁੰਦਿਆਂ ਆਖਿਆ ਹੈ ਕਿ ਸਾਨੂੰ ਇਨਸਾਫ ਨਹੀਂ ਮਿਲੇਗਾ। ਉਨ੍ਹਾਂ ਸਰਕਾਰ ਦੀ ਨੀਅਤ ‘ਤੇ ਸਵਾਲ ਵੀ ਚੁੱਕੇ। ਮੂਸੇਵਾਲਾ ਦੇ ਪਿਤਾ ਨੇ ਲੋਕਾਂ ਨੂੰ ਅਪੀਲ ਕੀਤੀ, ਉਨ੍ਹਾਂ ਕਿਹਾ ਕਿ ਲੋਕ ਕਾਲੀ ਦੀਵਾਲੀ ਮਨਾਉਣ। ਉਹ ਵਕਤ ਦਾ ਮਾਰਿਆ ਹੋਇਆ ਹੈ। ਸਰਕਾਰ ਤੋਂ ਇਨਸਾਫ ਦੀ ਉਮੀਦ ਨਹੀਂ। ਪਿੰਡ ਮੂਸੇਵਾਲਾ ਦੇ ਸਾਬਕਾ ਸਰਪੰਚ ਬਲਵਿੰਦਰ ਸਿੰਘ ਸਿੱਧੂ ਅਤੇ ਗਾਇਕ ਮੂਸੇਵਾਲਾ ਦੇ ਤਾਇਆ ਚਮਕੌਰ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਵਾਰ ਪਿੰਡ ਮੂਸੇਵਾਲਾ ਵਿੱਚ ਦੀਵਾਲੀ ਨਹੀਂ ਮਨਾਈ ਜਾਵੇਗੀ। ਇਹੀ ਕਾਰਨ ਹੈ ਕਿ ਪਿੰਡ ਦਾ ਕੋਈ ਵੀ ਦੁਕਾਨਦਾਰ ਪਟਾਕੇ ਜਾਂ ਮਠਿਆਈ ਨਹੀਂ ਲੈ ਕੇ ਆਇਆ। ਉਨ੍ਹਾਂ ਦੱਸਿਆ ਕਿ ਸਿੱਧੂ ਮੂਸੇਵਾਲਾ ਪੰਜਾਬੀਆਂ ਅਤੇ ਪਿੰਡ ਦਾ ਮਾਣ ਸੀ। ‘
ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਪਿੰਡ ਦੇ ਚੁੱਲ੍ਹੇ ਠੰਡੇ ਹਨ। ਮੂਸੇਵਾਲਾ ਦੀ ਸਮਾਧ ‘ਤੇ ਰੋਜ਼ਾਨਾ ਸੈਂਕੜੇ ਲੋਕ ਸ਼ਰਧਾਂਜਲੀ ਦੇਣ ਲਈ ਆਉਂਦੇ ਹਨ। ਪਿੰਡ ਦੇ ਗੁਰਦੁਆਰਾ ਸਾਹਿਬ ਤੋਂ ਐਲਾਨ ਕੀਤਾ ਗਿਆ ਹੈ ਕਿ ਇਸ ਵਾਰ ਦੀਵਾਲੀ ਕਾਲੀ ਰਹੇਗੀ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਦਿਵਾਉਣ ਲਈ ਕੈਂਡਲ ਮਾਰਚ ਕੱਢਿਆ ਜਾਵੇਗਾ। ਜ਼ਿਕਰਯੋਗ ਹੈ ਕਿ 29 ਮਈ ਨੂੰ ਪਿੰਡ ਜਵਾਹਰਕੇ ‘ਚ ਗੈਂਗਸਟਰਾਂ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ ਇਸ਼ਾਰੇ ‘ਤੇ ਸਿੱਧੂ ਮੂਸੇਵਾਲਾ ਨੂੰ ਸ਼ਾਰਪ ਸ਼ੂਟਰਾਂ ਨੇ ਮਾਰ ਦਿੱਤਾ ਸੀ।









