ਐਡਵੋਕੇਟ ਹਰਜਿੰਦਰ ਧਾਮੀ ਨੇ ਬੰਦੀ ਛੋੜ ਦਿਵਸ ਦੀ ਸਿੱਖ ਜਗਤ ਨੂੰ ਦਿੱਤੀ ਵਧਾਈ

0
121

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਮੁੱਚੇ ਸਿੱਖ ਜਗਤ ਨੂੰ ਬੰਦੀ ਛੋੜ ਦਿਵਸ ਦੀ ਵਧਾਈ ਦਿੱਤੀ ਹੈ। ਆਪਣੇ ਵਧਾਈ ਸੰਦੇਸ਼ ਵਿਚ ਉਨ੍ਹਾਂ ਆਖਿਆ ਕਿ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗਵਾਲੀਅਰ ਦੀ ਕੈਦ ਵਿਚੋਂ ਰਿਹਾਅ ਹੋ ਕੇ ਸ੍ਰੀ ਅੰਮ੍ਰਿਤਸਰ ਪਹੁੰਚਣ ਦੀ ਯਾਦ ਵਿਚ ਮਨਾਇਆ ਜਾਂਦਾ ਇਹ ਦਿਹਾੜਾ ਮਾਨਵਤਾ ਦੇ ਹੱਕ ਵਿਚ ਅਵਾਜ਼ ਬੁਲੰਦ ਕਰਨ ਦੀ ਪ੍ਰੇਰਣਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਛੇਵੇਂ ਪਾਤਸ਼ਾਹ ਜੀ ਨੇ ਆਪਣੇ ਨਾਲ 52 ਰਾਜਿਆਂ ਨੂੰ ਮੁਗ਼ਲ ਕੈਦ ਵਿੱਚੋਂ ਰਿਹਾਅ ਕਰਵਾ ਕੇ ਵਿਸ਼ਵ ਦੇ ਧਾਰਮਿਕ ਇਤਿਹਾਸ ਅੰਦਰ ਪਰਉਪਕਾਰ ਦੀ ਮਿਸਾਲੀ ਉਦਾਹਰਨ ਪੇਸ਼ ਕੀਤੀ।

ਐਡਵੋਕੇਟ ਧਾਮੀ ਨੇ ਬੰਦੀ ਛੋੜ ਦਿਵਸ ਮੌਕੇ ਗੁਰੂ ਸਾਹਿਬ ਦੇ ਉਪਦੇਸ਼ਾਂ ਦੀ ਰੌਸ਼ਨੀ ਵਿਚ ਜੀਵਨ ਜਿਊਣ ਦੀ ਸੰਗਤ ਨੂੰ ਅਪੀਲ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਇਸ ਮੌਕੇ ’ਤੇ ਜਿੱਥੇ ਅਸੀਂ ਆਪਣਾ ਚੁਗਿਰਦਾ ਰੁਸ਼ਨਾਉਣਾ ਹੈ, ਉਥੇ ਹੀ ਗੁਰਬਾਣੀ ਜਾਪ ਦੁਆਰਾ ਆਪਣਾ ਮਨ ਵੀ ਰੌਸ਼ਨ ਕਰਨਾ ਹੈ। ਉਨ੍ਹਾਂ ਬੰਦੀ ਛੋੜ ਦਿਵਸ ਮੌਕੇ ਆਪਸੀ ਭਾਈਚਾਰਕ ਸਾਂਝ ਦੀਆਂ ਤੰਦਾਂ ਮਜ਼ਬੂਤ ਕਰਨ ਅਤੇ ਮਨੁੱਖਤਾ ਦੀ ਭਲਾਈ ਤੇ ਕੁਦਰਤ ਦੀ ਸਾਂਭ ਸੰਭਾਲ ਵੱਲ ਵਿਸ਼ੇਸ਼ ਧਿਆਨ ਦੇਣ ਲਈ ਵੀ ਕਿਹਾ। ਦੱਸਣਯੋਗ ਹੈ ਕਿ ਸਿੱਖ ਕੌਮ ਦੀ ਚਲਦੀ ਆ ਰਹੀ ਪ੍ਰੰਪਰਾ ਅਨੁਸਾਰ ਅੱਜ 24 ਅਕਤੂਬਰ ਨੂੰ ਸ਼ਾਮ 5 ਵਜੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਦਰਸ਼ਨੀ ਡਿਓੜੀ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸਿੱਖ ਕੌਮ ਦੇ ਨਾਂ ਸੰਦੇਸ਼ ਦੇਣਗੇ।

LEAVE A REPLY

Please enter your comment!
Please enter your name here