ਦੇਸ਼ ‘ਚ ਜਾਰੀ ਰਹੇਗਾ EWS ਕੋਟਾ, SC ਨੇ 10 ਫੀਸਦੀ ਰਾਖਵਾਂਕਰਨ ਨੂੰ ਠਹਿਰਾਇਆ ਜਾਇਜ਼

0
187

ਦੇਸ਼ ਦੀ ਸਭ ਤੋਂ ਵੱਡੀ ਅਦਾਲਤ ਸੁਪਰੀਮ ਕੋਰਟ ਨੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ (EWS) ਨੂੰ 10 ਫੀਸਦੀ ਰਾਖਵਾਂਕਰਨ ਦੇਣ ਦੇ ਫੈਸਲੇ ਨੂੰ ਹਰੀ ਝੰਡੀ ਦੇ ਦਿੱਤੀ ਹੈ। ਸੁਪਰੀਮ ਕੋਰਟ ਦੇ 5 ਮੈਂਬਰੀ ਬੈਂਚ ਨੇ ਆਰਥਿਕ ਆਧਾਰ ’ਤੇ 10 ਫੀਸਦੀ ਰਾਖਵੇਂਕਰਨ ਨੂੰ ਜਾਇਜ਼ ਠਹਿਰਾਇਆ ਹੈ। ਅਦਾਲਤ ਨੇ ਕੇਂਦਰ ਸਰਕਾਰ ਦੇ ਫੈਸਲੇ ‘ਤੇ ਆਪਣੀ ਮੋਹਰ ਲਗਾਈ ਹੈ। ਚੀਫ਼ ਜਸਟਿਸ ਯੂ ਯੂ ਲਲਿਤ ਦੀ ਅਗਵਾਈ ਵਾਲੀ ਪੰਜ ਮੈਂਬਰੀ ਬੈਂਚ ਨੇ ਆਪਣਾ ਫ਼ੈਸਲਾ ਸੁਣਾਇਆ ਹੈ। ਬੈਂਚ ਵਿੱਚ ਜਸਟਿਸ ਦਿਨੇਸ਼ ਮਹੇਸ਼ਵਰੀ, ਐਸ ਰਵਿੰਦਰ ਭੱਟ, ਬੇਲਾ ਐਮ ਤ੍ਰਿਵੇਦੀ ਅਤੇ ਜੇਬੀ ਪਾਰਦੀਵਾਲਾ ਸ਼ਾਮਲ ਸਨ।

ਦੱਸ ਦੇਈਏ ਕਿ EWS ਲਈ 10 ਫੀਸਦੀ ਰਾਖਵੇਂਕਰਨ ਦੇ ਖਿਲਾਫ 30 ਤੋਂ ਵੱਧ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਸਨ। 27 ਸਤੰਬਰ ਨੂੰ ਹੋਈ ਪਿਛਲੀ ਸੁਣਵਾਈ ‘ਚ ਅਦਾਲਤ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ।

ਜਸਟਿਸ ਦਿਨੇਸ਼ ਮਹੇਸ਼ਵਰੀ ਈਡਬਲਯੂਐਸ ਰਾਖਵੇਂਕਰਨ ਦੇ ਹੱਕ ਵਿੱਚ ਹਨ। ਉਨ੍ਹਾਂ ਕਿਹਾ ਕਿ ਆਰਥਿਕ ਮਾਪਦੰਡਾਂ ‘ਤੇ ਰਾਖਵਾਂਕਰਨ ਸੰਵਿਧਾਨ ਦੇ ਮੂਲ ਢਾਂਚੇ ਦੀ ਉਲੰਘਣਾ ਨਹੀਂ ਕਰਦਾ। ਉਨ੍ਹਾਂ ਕਿਹਾ ਕਿ ਈਡਬਲਯੂਐਸ ਰਿਜ਼ਰਵੇਸ਼ਨ ਸਮਾਨਤਾ ਸੰਹਿਤਾ ਦੀ ਉਲੰਘਣਾ ਨਹੀਂ ਕਰਦਾ ਹੈ।

ਜਸਟਿਸ ਬੇਲਾ ਐਮ ਤ੍ਰਿਵੇਦੀ ਨੇ ਵੀ EWS ਰਾਖਵੇਂਕਰਨ ਦਾ ਸਮਰਥਨ ਕੀਤਾ। ਉਨ੍ਹਾਂ ਕਿਹਾ ਕਿ ਉਹ ਜਸਟਿਸ ਮਹੇਸ਼ਵਰੀ ਨਾਲ ਸਹਿਮਤ ਹਨ। ਜਨਰਲ ਸ਼੍ਰੇਣੀ ਵਿੱਚ EWS ਕੋਟਾ ਵੈਧ ਅਤੇ ਸੰਵਿਧਾਨਕ ਹੈ।

ਸਰਕਾਰ ਨੇ ਅਦਾਲਤ ਵਿੱਚ ਇਸ ਕਾਨੂੰਨ ਦਾ ਸਮਰਥਨ ਕੀਤਾ ਹੈ। ਸਰਕਾਰ ਦਾ ਕਹਿਣਾ ਹੈ ਕਿ ਇਸ ਕਾਨੂੰਨ ਰਾਹੀਂ ਗਰੀਬਾਂ ਲਈ ਰਾਖਵੇਂਕਰਨ ਦੀ ਵਿਵਸਥਾ ਹੈ। ਇਸ ਨਾਲ ਸੰਵਿਧਾਨ ਦਾ ਮੂਲ ਢਾਂਚਾ ਮਜ਼ਬੂਤ ​​ਹੁੰਦਾ ਹੈ। ਇਸ ਦੇ ਨਾਲ ਹੀ ਵਿਰੋਧ ‘ਚ ਦਾਇਰ ਪਟੀਸ਼ਨਾਂ ‘ਚ ਆਰਥਿਕ ਆਧਾਰ ‘ਤੇ ਰਾਖਵੇਂਕਰਨ ਨੂੰ ਸੰਵਿਧਾਨ ਦੇ ਮੂਲ ਢਾਂਚੇ ਦੇ ਖਿਲਾਫ ਦੱਸਦੇ ਹੋਏ ਰੱਦ ਕਰਨ ਦੀ ਮੰਗ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਈਡਬਲਿਊਐਸ ਨੂੰ ਸਿੱਖਿਆ ਅਤੇ ਨੌਕਰੀਆਂ ਵਿੱਚ 10 ਫੀਸਦੀ ਰਾਖਵਾਂਕਰਨ ਦੇਣ ਦੀ ਵਿਵਸਥਾ ਹੈ। ਕੇਂਦਰ ਸਰਕਾਰ ਨੇ 2019 ਵਿੱਚ 103ਵੇਂ ਸੰਵਿਧਾਨਕ ਸੋਧ ਬਿੱਲ ਰਾਹੀਂ ਇਸ ਦਾ ਪ੍ਰਬੰਧ ਕੀਤਾ ਸੀ।

LEAVE A REPLY

Please enter your comment!
Please enter your name here