ਮਨੀ ਲਾਂਡਰਿੰਗ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਆਮ ਆਦਮੀ ਪਾਰਟੀ ਦੇ ਮੰਤਰੀ ਸਤੇਂਦਰ ਜੈਨ ਨੂੰ ਕਥਿਤ ਤੌਰ ’ਤੇ ਵਿਸ਼ੇਸ਼ ਸਹੂਲਤ ਦੇਣ ਦੇ ਮਾਮਲੇ ਵਿੱਚ ਤਿਹਾੜ ਜੇਲ੍ਹ ਦੇ ਸੁਪਰਡੈਂਟ ਅਜੀਤ ਕੁਮਾਰ ਨੂੰ ਅੱਜ ਮੁਅੱਤਲ ਕਰ ਦਿੱਤਾ ਗਿਆ। ਪਿਛਲੇ ਹਫ਼ਤੇ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅਦਾਲਤ ਵਿੱਚ ਦਾਅਵਾ ਕੀਤਾ ਸੀ ਕਿ ਤਿਹਾੜ ਜੇਲ੍ਹ ਵਿੱਚ ਬੰਦ ਜੈਨ ਨੂੰ ਵਿਸ਼ੇਸ਼ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ।
ਕੇਂਦਰੀ ਏਜੰਸੀ ਵੱਲੋਂ ਪੇਸ਼ ਵਧੀਕ ਸੌਲਿਸਟਰ ਜਨਰਲ ਐਸਵੀ ਰਾਜੂ ਨੇ ਵਿਸ਼ੇਸ਼ ਜੱਜ ਵਿਕਾਸ ਢੁੱਲ ਦੀ ਅਦਾਲਤ ਵਿੱਚ ਕਿਹਾ ਸੀ ਕਿ ਅਣਪਛਾਤੇ ਵਿਅਕਤੀ ਜੈਨ ਦੀ ਮਾਲਸ ਕਰਦੇ ਹਨ ਅਤੇ ਉਸ ਨੂੰ ਵਿਸ਼ੇਸ਼ ਖਾਣਾ ਦਿੱਤਾ ਜਾਂਦਾ ਹੈ। ਦਿੱਲੀ ਦੇ ਮੰਤਰੀ ਨੂੰ ਕੇਂਦਰੀ ਏਜੰਸੀ ਨੇ 30 ਮਈ ਨੂੰ ਗ੍ਰਿਫ਼ਤਾਰ ਕੀਤਾ ਸੀ। ਮਹੀਨੇ ਦੀ ਸ਼ੁਰੂਆਤ ਵਿੱਚ ਠੱਗ ਸੁਕੇਸ਼ ਚੰਦਰਸ਼ੇਖਰ ਵੱਲੋਂ ਕਥਿਤ ਤੌਰ ’ਤੇ ਇਹ ਦੋਸ਼ ਲਾਏ ਜਾਣ ‘ਤੇ ਕਿ ਜੈਨ ਤੇ ਗੋਇਲ ਨੇ ਉਸ ਤੋਂ ਜੇਲ੍ਹ ਵਿੱਚ ਸੁਰੱਖਿਆ ਬਦਲੇ 10 ਕਰੋੜ ਰੁਪਏ ਦੀ ਮੰਗ ਕੀਤੀ ਸੀ। ਜ਼ਿਕਰਯੋਗ ਹੈ ਕਿ ਕੁੱਝ ਦਿਨ ਪਹਿਲਾਂ ਡੀਜੀ ਜੇਲ੍ਹਾਂ ਸੰਦੀਪ ਗੋਇਲ ਨੂੰ ਤਿਹਾੜ ਜੇਲ੍ਹ ਤੋਂ ਤਬਦੀਲ ਕਰ ਦਿੱਤਾ ਗਿਆ ਸੀ।