ਵਿਜੀਲੈਂਸ ਵੱਲੋਂ 1200 ਕਰੋੜ ਰੁਪਏ ਦੇ ਸਿੰਚਾਈ ਘੁਟਾਲੇ ਵਿੱਚ ਵੱਡੀ ਕਾਰਵਾਈ ਦੀ ਤਿਆਰੀ ਹੈ। ਵਿਜੀਲੈਂਸ ਅਧਿਕਾਰੀਆਂ ਨੇ ਅੱਜ ਸਾਬਕਾ ਮੰਤਰੀ ਤੇ ਅਕਾਲੀ ਆਗੂ ਸ਼ਰਨਜੀਤ ਢਿੱਲੋਂ ਅਤੇ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਸਰਵੇਸ਼ ਕੌਸ਼ਲ ਨੂੰ ਤਲਬ ਕੀਤਾ ਹੈ। ਸ਼ਰਨਜੀਤ ਸਿੰਘ ਢਿੱਲੋਂ ਅਤੇ ਜਨਮੇਜਾ ਸਿੰਘ ਸੇਖੋਂ, ਜੋ 2007-2012 ਅਤੇ 2012-2017 ਦਰਮਿਆਨ ਅਕਾਲੀ ਸਰਕਾਰ ਵਿੱਚ ਸਿੰਚਾਈ ਮੰਤਰੀ ਰਹੇ ਹਨ, ਇਸ ਘੁਟਾਲੇ ਦੇ ਮੁੱਖ ਦੋਸ਼ੀ ਹਨ।
ਵਿਜੀਲੈਂਸ ਇਸ ਮਾਮਲੇ ਵਿੱਚ ਢਿੱਲੋਂ ਅਤੇ ਸੇਖੋਂ ਦੇ ਨਾਲ-ਨਾਲ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਸਰਵੇਸ਼ ਕੌਸ਼ਲ, ਸਾਬਕਾ ਵਿਸ਼ੇਸ਼ ਮੁੱਖ ਸਕੱਤਰ ਕੇਬੀਐਸ ਸਿੱਧੂ ਅਤੇ ਸਾਬਕਾ ਸਕੱਤਰ ਕੇ.ਐਸ. ਪੰਨੂ ਖਿਲਾਫ ਲੁੱਕ ਆਉਟ ਨੋਟਿਸ ਜਾਰੀ ਕਰ ਚੁੱਕੀ ਹੈ। ਇਨ੍ਹਾਂ ਲੋਕਾਂ ‘ਤੇ ਇਕ ਠੇਕੇਦਾਰ ਤੋਂ ਰਿਸ਼ਵਤ ਲੈ ਕੇ ਸਿੰਚਾਈ ਵਿਭਾਗ ‘ਚ 1200 ਕਰੋੜ ਰੁਪਏ ਦਾ ਕੰਮ ਦੇਣ ਦਾ ਦੋਸ਼ ਹੈ।
ਮਾਮਲੇ ਦੇ ਮੁੱਖ ਮੁਲਜ਼ਮ ਠੇਕੇਦਾਰ ਗੁਰਿੰਦਰ ਸਿੰਘ ਨੇ ਹਲਫ਼ਨਾਮਾ ਦੇ ਕੇ ਕਿਹਾ ਸੀ ਕਿ ਸਿੰਚਾਈ ਘੁਟਾਲੇ ਵਿੱਚ 3 ਸਾਬਕਾ ਆਈਏਐਸ ਅਧਿਕਾਰੀ, 2 ਸਾਬਕਾ ਮੰਤਰੀ ਅਤੇ ਉਨ੍ਹਾਂ ਦੇ ਨਿੱਜੀ ਸਕੱਤਰ ਵੀ ਸ਼ਾਮਲ ਹਨ। ਵਿਜੀਲੈਂਸ ਬਿਊਰੋ ਨੇ ਅਗਸਤ 2017 ਵਿੱਚ ਇਹ ਬਿਆਨ ਦਰਜ ਕੀਤੇ ਸਨ। ਵਿਭਾਗੀ ਸੂਤਰਾਂ ਅਨੁਸਾਰ ਸ਼ਰਨਜੀਤ ਸਿੰਘ ਢਿੱਲੋਂ ਅਤੇ ਆਈਏਐਸ ਸਰਵੇਸ਼ ਕੌਸ਼ਲ ਤੋਂ ਅੱਜ ਪੁੱਛਗਿੱਛ ਕੀਤੀ ਜਾਵੇਗੀ। ਜਿਨ੍ਹਾਂ ਸਾਬਕਾ ਅਧਿਕਾਰੀਆਂ ਤੇ ਆਗੂਆਂ ਦੇ ਨਾਂ ਸਾਹਮਣੇ ਆਉਣਗੇ ਉਨ੍ਹਾਂ ਨੂੰ ਵੀ ਜਾਂਚ ਵਿੱਚ ਸ਼ਾਮਲ ਕੀਤਾ ਜਾਵੇਗਾ।
 
			 
		