ਲਖੀਮਪੁਰ ਖੀਰੀ ਹਿੰਸਾ ਮਾਮਲੇ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਅਦਾਲਤ ਨੇ ਅੱਜ ਅਸ਼ੀਸ਼ ਮਿਸ਼ਰਾ ਸਮੇਤ 14 ਲੋਕਾਂ ਖਿਲਾਫ ਦੋਸ਼ ਤੈਅ ਕਰ ਦਿੱਤੇ ਹਨ।
ਇਸ ਹਿੰਸਾ ਮਾਮਲੇ ‘ਚ ਕੇਂਦਰੀ ਗ੍ਰਹਿ ਮੰਤਰੀ ਅਜੇ ਕੁਮਾਰ ਮਿਸ਼ਰਾ ‘ਟੇਨੀ’ ਦਾ ਪੁੱਤਰ ਆਸ਼ੀਸ਼ ਮਿਸ਼ਰਾ ਮੁੱਖ ਦੋਸ਼ੀ ਹੈ। ਇਸ ਹਿੰਸਾ ਵਿੱਚ ਚਾਰ ਕਿਸਾਨ ਮਾਰੇ ਗਏ ਸਨ। ਜ਼ਿਕਰਯੋਗ ਹੈ ਕਿ ਇਕ ਦਿਨ ਪਹਿਲਾਂ ਯਾਨੀ 5 ਦਸੰਬਰ ਨੂੰ ਆਸ਼ੀਸ਼ ਮਿਸ਼ਰਾ ਤੋਂ ਇਲਾਵਾ 13 ਹੋਰ ਦੋਸ਼ੀਆਂ ਦੀਆਂ ਡਿਸਚਾਰਜ ਅਰਜ਼ੀਆਂ ਨੂੰ ਰੱਦ ਕਰ ਦਿੱਤਾ ਗਿਆ ਸੀ। ਇਨ੍ਹਾਂ ਮੁਲਜ਼ਮਾਂ ਨੇ ਅਦਾਲਤ ਵਿੱਚ ਪਟੀਸ਼ਨ ਰਾਹੀਂ ਆਪਣਾ ਪੱਖ ਪੇਸ਼ ਕਰਦਿਆਂ ਕਿਹਾ ਸੀ ਕਿ ਉਹ ਇਸ ਘਟਨਾ ਵਿੱਚ ਸ਼ਾਮਲ ਨਹੀਂ ਸਨ। ਇਸ ਲਈ ਅਸੀਂ ਪੂਰੀ ਤਰ੍ਹਾਂ ਬੇਕਸੂਰ ਹਾਂ,ਪਰ ਅਦਾਲਤ ਨੇ ਮੁਲਜ਼ਮਾਂ ਦੀ ਪਟੀਸ਼ਨ ਰੱਦ ਕਰ ਦਿੱਤੀ ਹੈ।
ਲਖੀਮਪੁਰ ਖੀਰੀ ਜ਼ਿਲ੍ਹੇ ਵਿੱਚ 3 ਅਕਤੂਬਰ 2021 ਨੂੰ ਕਿਸਾਨ ਨਵੇਂ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਸੜਕ ‘ਤੇ ਆ ਗਏ ਸਨ। ਦੋਸ਼ ਹੈ ਕਿ ਕੇਂਦਰੀ ਮੰਤਰੀ ਅਤੇ ਸਥਾਨਕ ਸਾਂਸਦ ਅਜੈ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ‘ਤੇ ਗੱਡੀ ਚੜ੍ਹਾ ਦਿੱਤੀ ਸੀ। ਇਸ ਤੋਂ ਬਾਅਦ ਹਿੰਸਾ ਹੋਈ। ਇਸ ਹਿੰਸਾ ਵਿੱਚ ਚਾਰ ਕਿਸਾਨਾਂ ਸਮੇਤ ਕੁੱਲ ਅੱਠ ਲੋਕ ਮਾਰੇ ਗਏ ਸਨ।