ਮਾਲੇਰਕੋਟਲਾ ਦੇ ਨਵੇਂ ਡਿਪਟੀ ਕਮਿਸ਼ਨਰ ਨੇ ਸੰਭਾਲਿਆ ਅਹੁਦਾ

0
108

2014 ਬੈਚ ਦੇ ਆਈ.ਏ.ਐਸ ਅਧਿਕਾਰੀ ਜਤਿੰਦਰ ਜੋਰਵਾਲ ਨੂੰ ਸੰਯਮ ਅਗਰਵਾਲ ਦੇ ਵਿਭਾਗੀ ਸਿਖਲਾਈ ਉੱਤੇ ਚੱਲਦਿਆਂ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਮਾਲੇਰਕੋਟਲਾ ਦੇ ਡਿਪਟੀ ਕਮਿਸ਼ਨਰ ਵਜੋਂ ਵਾਧੂ ਚਾਰਜ ਦਿੱਤਾ ਗਿਆ ਹੈ ਤੇ ਉਹਨਾਂ ਆਪਣਾ ਅਹੁਦਾ ਸੰਭਾਲ ਲਿਆ ਹੈ। ਇੱਥੇ ਵਰਨਣਯੋਗ ਹੈ ਕਿ ਉਹ ਡਿਪਟੀ ਕਮਿਸ਼ਨਰ ਸੰਗਰੂਰ ਵਜੋਂ ਸੇਵਾਵਾਂ ਨਿਭਾਅ ਰਹੇ ਹਨ।

ਰਸਮੀ ਤੌਰ ’ਤੇ ਆਪਣਾ ਅਹੁਦਾ ਸੰਭਾਲਣ ਮਗਰੋਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਕੌਰ,ਐਸ.ਡੀ.ਐਮ.ਮਾਲੇਰਕੋਟਲਾ ਕਰਨਦੀਪ ਸਿੰਘ, ਐਸ.ਡੀ.ਐਮ.ਅਹਿਮਦਗੜ੍ਹ ਹਰਬੰਸ ਸਿੰਘ ,ਸਹਾਇਕ ਕਮਿਸ਼ਨਰ ਗੁਰਮੀਤ ਕੁਮਾਰ ਤੋਂ ਜ਼ਿਲ੍ਹੇ ਵਿੱਚ ਚੱਲ ਰਹੇ ਕਾਰਜਾਂ ਬਾਰੇ ਸੰਖੇਪ ਜਾਇਜ਼ਾ ਲਿਆ। ਉਨ੍ਹਾਂ ਕਿਹਾ ਲੋਕਾਂ ਨੂੰ ਸਾਫ਼ ਸੁਥਰੀਆਂ, ਸਮਾਂਬੱਧ ਅਤੇ ਪਾਰਦਰਸ਼ੀ ਪ੍ਰਸ਼ਾਸਨਿਕ ਸੇਵਾਵਾਂ ਪ੍ਰਦਾਨ ਕਰਨ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ।

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋੜਵੰਦਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਦਾ ਲਾਭ ਹਰ ਯੋਗ ਵਿਅਕਤੀ ਤੱਕ ਪਹੁੰਚਾਉਣ ਨੂੰ ਪ੍ਰਮੁੱਖਤਾ ਰਹੇਗੀ ਅਤੇ ਲੋਕਾਂ ਨੂੰ ਬਿਹਤਰ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਤਰਜੀਹ ਰਹੇਗੀ। ਉਨ੍ਹਾਂ ਕਿਹਾ ਕਿ ਅਧਿਕਾਰੀ ਤੇ ਕਰਮਚਾਰੀ, ਸਰਕਾਰੀ ਦਫ਼ਤਰਾਂ ‘ਚ ਸਮੇਂ ਸਿਰ ਪੁੱਜਣ ਨੂੰ ਯਕੀਨੀ ਬਣਾਉਣ । ਲੋਕਾਂ ਦੀਆਂ ਮੁਸ਼ਕਲਾਂ ਪਹਿਲ ਦੇ ਅਧਾਰ ‘ਤੇ ਹੱਲ ਕਰਨ ਨੂੰ ਤਰਜੀਹ ਦੇਣ ਤਾਂ ਕਿ ਕਿਸੇ ਨਾਗਰਿਕ ਨੂੰ ਵੀ ਸਰਕਾਰੀ ਦਫ਼ਤਰਾਂ’ਚ ਖੱਜਲ ਖ਼ੁਆਰ ਨਾ ਹੋਣਾ ਪਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦਾ ਕੋਈ ਵੀ ਵਿਅਕਤੀ ਉਨ੍ਹਾਂ ਨਾਲ ਸਬੰਧਿਤ ਸਮੱਸਿਆਵਾਂ ਲੈ ਕੇ ਉਨ੍ਹਾਂ ਦੇ ਦਫ਼ਤਰ ਵਿਖੇ ਕਿਸੇ ਵੀ ਕੰਮਕਾਜ ਵਾਲੇ ਦਿਨ ਆ ਸਕਦਾ ਹੈ ।

ਇਸ ਉਪਰੰਤ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਨੇ ਸਬ ਡਵੀਜ਼ਨ ਅਮਰਗੜ੍ਹ ਦੇ ਪਿੰਡ ਤੋਲੇਵਾਲ ਵਿਖੇ ਬਣੇ ਵਾਹਨਾਂ ਦੇ ਡਰਾਈਵਿੰਗ ਜਾਂਚ ਕੇਂਦਰ ਦਾ ਦੌਰਾ ਵੀ ਕੀਤਾ । ਇਸ ਮੌਕੇ ਉਨ੍ਹਾਂ ਨਾਲ ਐਸ.ਡੀ.ਐਮ. ਮਾਲੇਰਕੋਟਲਾ ਕਰਨਦੀਪ ਸਿੰਘ,ਆਰ.ਟੀ.ਏ ਕਮ ਐਸ.ਡੀ.ਐਮ. ਭਵਾਨੀਗੜ੍ਹ ਵਨੀਤ ਕੁਮਾਰ, ਐਕਸ਼ੀਅਨ ਪੀ.ਡਵਲਯੂ.ਡੀ ਬਲਵਿੰਦਰ ਸਿੰਘ ਵੀ ਮੌਜੂਦ ਸਨ ।

 

LEAVE A REPLY

Please enter your comment!
Please enter your name here