ਹਰਿਆਣਾ ਦੇ ਯਮੁਨਾਨਗਰ ‘ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਚਾਰ ਹੋਰ ਲੋਕਾਂ ਦੀ ਮੌਤ ਹੋ ਗਈ। ਮ੍ਰਿਤਕਾਂ ‘ਚ ਮਾਂਡੇਬਾੜੀ ਪਿੰਡ ਦਾ ਰਮੇਸ਼ ਉਰਫ ਭਿੰਡੀ-32 ਵੀ ਸ਼ਾਮਲ ਹੈ, ਜਿਸ ਨੂੰ ਯਮੁਨਾਨਗਰ ਪੁਲਸ ਨੇ 9 ਨਵੰਬਰ ਨੂੰ ਮਾਂਡੇਬਾੜੀ ਪਿੰਡ ‘ਚ ਨਾਜਾਇਜ਼ ਸ਼ਰਾਬ ਵੇਚਣ ਦੇ ਦੋਸ਼ ‘ਚ ਗ੍ਰਿਫਤਾਰ ਕੀਤਾ ਸੀ।
ਇਸ ਤੋਂ ਪਹਿਲਾਂ ਰਮੇਸ਼ ਨੇ ਜ਼ਹਿਰੀਲੀ ਸ਼ਰਾਬ ਵੀ ਪੀ ਲਈ ਸੀ। ਗ੍ਰਿਫਤਾਰੀ ਦੇ ਬਾਅਦ ਤੋਂ ਹੀ ਉਸਦੀ ਸਿਹਤ ਠੀਕ ਨਹੀਂ ਸੀ।ਉਸ ਨੂੰ ਇਲਾਜ ਲਈ ਪੀਜੀਆਈ ਚੰਡੀਗੜ੍ਹ ਦਾਖਲ ਕਰਵਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ। ਪਿੰਡ ਸਾਰਨ ਦੇ ਸੁਸ਼ੀਲ ਦੀ ਵੀ ਜ਼ਹਿਰੀਲੀ ਸ਼ਰਾਬ ਪੀਣ ਨਾਲ ਮੌਤ ਹੋ ਗਈ।
ਇਸ ਤੋਂ ਇਲਾਵਾ ਬਿਲਾਸਪੁਰ ਸੈਕਸ਼ਨ ਦੇ ਪਿੰਡ ਬਿਜੌਲੀ ‘ਚ ਵੀ ਜ਼ਹਿਰੀਲੀ ਸ਼ਰਾਬ ਪੀਣ ਨਾਲ ਦੋ ਵਿਅਕਤੀਆਂ ਦੀ ਮੌਤ ਦੱਸੀ ਜਾ ਰਹੀ ਹੈ, ਜਿਨ੍ਹਾਂ ਦੀ ਪਛਾਣ ਰਵੀ-23 ਅਤੇ ਸੰਜੂ-42 ਵਜੋਂ ਹੋਈ ਹੈ। ਹਾਲਾਂਕਿ ਸ਼ਨੀਵਾਰ ਨੂੰ ਬਿਜੌਲੀ ‘ਚ ਹੋਈਆਂ ਦੋ ਮੌਤਾਂ ਦੀ ਸੂਚਨਾ ਪੁਲਸ ਨੂੰ ਨਹੀਂ ਦਿੱਤੀ ਗਈ ਸੀ ਅਤੇ ਪਰਿਵਾਰਕ ਮੈਂਬਰਾਂ ਨੇ ਚੁੱਪਚਾਪ ਉਨ੍ਹਾਂ ਦਾ ਸਸਕਾਰ ਕਰ ਦਿੱਤਾ ਸੀ।
ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲਿਆਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਯਮੁਨਾਨਗਰ ‘ਚ ਹੀ ਮਰਨ ਵਾਲਿਆਂ ਦੀ ਗਿਣਤੀ 22 ਤੱਕ ਪਹੁੰਚ ਗਈ ਹੈ, ਜਦਕਿ ਅੰਬਾਲਾ ‘ਚ ਵੀ ਦੋ ਫੈਕਟਰੀ ਕਰਮਚਾਰੀਆਂ ਦੀ ਮੌਤ ਹੋ ਗਈ ਹੈ, ਮਤਲਬ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲਿਆਂ ਦੀ ਗਿਣਤੀ 24 ਹੋ ਗਈ ਹੈ।