ਮੀਤ ਹੇਅਰ ਨੇ ਖੇਡ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ
ਆਪ ਪਾਰਟੀ ਦੇ ਬਰਨਾਲਾ ਤੋਂ ਵਿਧਾਇਕ ਅਤੇ ਪੰਜਾਬ ਸਰਕਾਰ ਵਿੱਚ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਆਪਣੇ ਅਹੁਦੇ ਤੋਂ ਅਸਤੀਫਾ ਦਿੱਤਾ ਹੈ। ਦਰਅਸਲ, ਉਹਨਾਂ ਨੇ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਚੁਣੇ ਜਾਣ ਤੋਂ ਬਾਅਦ ਆਪਣੇ ਅਹੁਦੇ ਤੋਂ ਅਸਤੀਫਾ ਦਿੱਤਾ ਹੈ | ਉਹਨਾਂ ਵੱਲੋਂ ਆਪਣਾ ਅਸਤੀਫਾ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਭੇਜਿਆ ਗਿਆ ਸੀ , ਜਿਸ ਨੂੰ ਮਨਜ਼ੂਰ ਕਰ ਲਿਆ ਗਿਆ ਹੈ |
ਹੁਣ ਖੇਡ ਵਿਭਾਗ ਮੁੱਖ ਮੰਤਰੀ ਭਗਵੰਤ ਮਾਨ ਕੋਲ ਰਹੇਗਾ
ਦੱਸ ਦਈਏ ਕਿ ਹੁਣ ਖੇਡ ਵਿਭਾਗ ਮੁੱਖ ਮੰਤਰੀ ਭਗਵੰਤ ਮਾਨ ਕੋਲ ਰਹੇਗਾ। ਪੰਜਾਬ ਤੋਂ ‘ਆਪ’ ਦੇ ਤਿੰਨ ਸੰਸਦ ਮੈਂਬਰ ਚੁਣੇ ਗਏ ਹਨ। ਗੁਰਮੀਤ ਸਿੰਘ ਮੀਤ ਹੇਅਰ ਨੇ ਸੰਗਰੂਰ ਤੋਂ ਚੋਣ ਲੜੀ ਸੀ ਅਤੇ ਜਿੱਤ ਹਾਸਿਲ ਕੀਤੀ ਸੀ। ਸੀਟ ਖਾਲੀ ਹੋਣ ਤੋਂ ਬਾਅਦ ਚੋਣ ਕਮਿਸ਼ਨ ਵੱਲੋਂ ਜਲਦੀ ਹੀ ਇਸ ਸੀਟ ‘ਤੇ ਉਪ ਚੋਣ ਕਰਵਾਈ ਜਾਵੇਗੀ।
ਸਿਰਫ਼ ਸੰਗਰੂਰ ਹੀ ਨਹੀਂ, ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਤੋਂ ਵਿਧਾਇਕ ਸੁਖਜਿੰਦਰ ਰੰਧਾਵਾ, ਗਿੱਦੜਬਾਹਾ ਤੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਹੁਸ਼ਿਆਰਪੁਰ ਤੋਂ ਡਾ: ਰਾਜ ਕੁਮਾਰ ਚੱਬੇਵਾਲ ਦੇ ਸੰਸਦ ਪਹੁੰਚਣ ਮਗਰੋਂ ਇੱਥੇ ਵੀ ਉਪ ਚੋਣ ਹੋਣੀ ਹੈ। ਧਿਆਨਯੋਗ ਹੈ ਕਿ ਸ਼ੀਤਲ ਅੰਗੁਰਾਲ ਦੇ ਅਸਤੀਫੇ ਤੋਂ ਬਾਅਦ ਜਲੰਧਰ ਵਿੱਚ ਅਗਲੇ ਮਹੀਨੇ ਚੋਣਾਂ ਹੋ ਰਹੀਆਂ ਹਨ।