ਘਰੋਂ ਦੋਸਤ ਨਾਲ ਗਏ ਨੌਜਵਾਨ ਨਾਲ ਵਾਪਰਿਆ ਭਾਣਾ , ਝਾੜੀਆਂ ‘ਚੋਂ ਮਿਲੀ ਲਾਸ਼
ਬਰਨਾਲਾ ਤੋਂ ਇੱਕ ਬਹੁਤ ਹੀ ਦੁਖਦਾਈ ਘਟਨਾ ਸਾਹਮਣੇ ਆਈ ਹੈ ਜਿੱਥੇ ਕਿ ਅਨਾਜ ਮੰਡੀ ‘ਚੋਂ ਇੱਕ ਨੌਜਵਾਨ ਦੀ ਲਾਸ਼ ਮਿਲੀ ਹੈ | ਜਿਸ ਤੋਂ ਬਾਅਦ ਘਟਨਾ ਦੀ ਸੂਚਨਾ ਮਿਲਣ ‘ਤੇ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ‘ਚ ਰਖਵਾ ਦਿੱਤਾ ਹੈ | ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਇੱਕ ਹੋਰ ਨੌਜਵਾਨ ‘ਤੇ ਆਪਣੇ ਪੁੱਤਰ ਨੂੰ ਚਿੱਟੇ ਦੀ ਓਵਰਡੋਜ਼ ਦੇ ਕੇ ਮਾਰਨ ਦਾ ਦੋਸ਼ ਲਗਾਇਆ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ |
ਬੀਤੇ ਦਿਨ ਤੋਂ ਸੀ ਲਾਪਤਾ
ਇਸ ਮੌਕੇ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਨੌਜਵਾਨ ਦੇ ਪਿਤਾ ਸ਼ੰਭੂ ਕੁਮਾਰ ਅਤੇ ਰਿਸ਼ਤੇਦਾਰ ਸੂਰਜ ਨੇ ਦੱਸਿਆ ਕਿ ਉਸ ਦਾ ਲੜਕਾ ਰੋਮੀ ਕੁਮਾਰ ਬੀਤੇ ਦਿਨ ਤੋਂ ਲਾਪਤਾ ਸੀ ਅਤੇ ਉਸ ਦੇ ਲੜਕੇ ਨੂੰ ਕੋਈ ਹੋਰ ਨੌਜਵਾਨ ਸੰਦੀਪ ਕੁਮਾਰ ਆਪਣੇ ਨਾਲ ਲੈ ਗਿਆ ਸੀ ਅਤੇ ਅੱਜ ਉਸ ਨੂੰ ਫੋਨ ‘ਤੇ ਪਤਾ ਲੱਗਾ ਉਸ ਦੇ ਲੜਕੇ ਦੀ ਲਾਸ਼ ਬਰਨਾਲਾ ਸ਼ਹਿਰ ਦੀ ਦਾਣਾ ਮੰਡੀ ਦੀਆਂ ਝਾੜੀਆਂ ਵਿਚ ਪਈ ਹੈ। ਜਿਸ ਤੋਂ ਬਾਅਦ ਉਸ ਨੇ ਮੌਕੇ ‘ਤੇ ਪਹੁੰਚ ਕੇ ਪੁਲਿਸ ਨੂੰ ਸੂਚਿਤ ਕੀਤਾ।
ਲੜਕੇ ਨੂੰ ਬਣਾਇਆ ਨਸ਼ੇ ਦਾ ਆਦੀ
ਮ੍ਰਿਤਕ ਨੌਜਵਾਨ ਦੇ ਪਿਤਾ ਨੇ ਨੌਜਵਾਨ ਸੰਦੀਪ ਕੁਮਾਰ ‘ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਹੀ ਉਸ ਦੇ ਲੜਕੇ ਨੂੰ ਨਸ਼ੇ ਦਾ ਆਦੀ ਬਣਾਇਆ ਸੀ। ਉਹ ਕੱਲ੍ਹ ਮੇਰੇ ਪੁੱਤ ਨੂੰ ਆਪਣੇ ਨਾਲ ਲੈ ਗਿਆ ਸੀ ਅਤੇ ਅੱਜ ਜਦੋਂ ਉਸ ਦੀ ਲਾਸ਼ ਮਿਲੀ ਤਾਂ ਉਕਤ ਨੌਜਵਾਨ ਉਥੇ ਮੌਜੂਦ ਨਹੀਂ ਸੀ। ਉਸ ਨੇ ਸੰਦੀਪ ‘ਤੇ ਦੋਸ਼ ਲਾਉਂਦਿਆਂ ਕਿਹਾ ਕਿ ਇਹ ਨੌਜਵਾਨ ਇਲਾਕੇ ਦੇ ਹੋਰ ਨੌਜਵਾਨਾਂ ਨੂੰ ਆਪਣੇ ਨਾਲ ਲੈ ਜਾਂਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਮੰਗ ਕੀਤੀ ਕਿ ਉਸ ਦੇ ਪੁੱਤਰ ਦੀ ਮੌਤ ਦਾ ਇਨਸਾਫ਼ ਦਿੱਤਾ ਜਾਵੇ ਅਤੇ ਨਸ਼ਾ ਤਸਕਰੀ ਕਰਨ ਵਾਲੇ ਨੌਜਵਾਨ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ।
ਇਹ ਵੀ ਪੜ੍ਹੋ : ਆਸਟ੍ਰੇਲੀਆ ਦੇ ਮਿਊਜ਼ੀਅਮ ‘ਚ ਸ਼ੁਸੋਭਿਤ ਹੋਣਗੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇਹ ਮਾਡਲ
ਪੋਸਟਮਾਰਟਮ ਰਿਪੋਰਟ ਆਉਣ ‘ਤੇ ਕੀਤੀ ਜਾਵੇਗੀ ਅਗਲੀ ਕਾਰਵਾਈ
ਇਸ ਸਬੰਧੀ ਥਾਣਾ ਸਦਰ ਦੇ ਮੁਖੀ ਸੌਦਾਗਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਬਰਨਾਲਾ ਸ਼ਹਿਰ ਦੀ ਅਨਾਜ ਮੰਡੀ ‘ਚ ਇੱਕ ਨੌਜਵਾਨ ਦੀ ਲਾਸ਼ ਪਈ ਹੈ, ਜਿਸ ਤੋਂ ਬਾਅਦ ਉਨ੍ਹਾਂ ਨੇ ਮੌਕੇ ‘ਤੇ ਪਹੁੰਚ ਕੇ ਆਪਣੇ ਉੱਚ ਅਧਿਕਾਰੀਆਂ ਨੂੰ ਸੂਚਿਤ ਕੀਤਾ ਅਤੇ ਪੁਲਿਸ ਦੇ ਉੱਚ ਅਧਿਕਾਰੀਆਂ ਦੀ ਹਾਜ਼ਰੀ ‘ਚ ਨੇ ਦੱਸਿਆ ਕਿ ਨੌਜਵਾਨ ਦੀ ਲਾਸ਼ ਨੂੰ ਪੋਸਟਮਾਰਟਮ ਲਈ ਬਰਨਾਲਾ ਦੇ ਸਰਕਾਰੀ ਹਸਪਤਾਲ ‘ਚ ਰਖਵਾਇਆ ਗਿਆ ਹੈ, ਜਦਕਿ ਪੋਸਟਮਾਰਟਮ ਦੀ ਰਿਪੋਰਟ ਆਉਣ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।