ਤੇਜ਼ ਰਫਤਾਰ ਕਾਰ ਨੇ 4 ਲੋਕਾਂ ਦੀ ਲਈ ਜਾਨ, ਪਤੀ-ਪਤਨੀ ਤੇ ਦੋ ਬੱਚਿਆਂ ਦੀ ਹੋਈ ਮੌਤ
ਮੋਗਾ ਦੇ ਕਸਬਾ ਬਾਘਾਪੁਰਾਣਾ ਤੋਂ ਇਕ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਕਿ ਇੱਕ ਤੇਜ਼ ਰਫਤਾਰ ਕਾਰ ਨੇ 4 ਲੋਕਾਂ ਦੀ ਜਾਨ ਲੈ ਲਈ ਹੈ । ਜਿਸ ਵਿੱਚ ਪਤੀ-ਪਤਨੀ ਤੇ ਦੋ ਬੱਚੇ ਸ਼ਾਮਲ ਹਨ | ਮਿਲੀ ਜਾਣਕਾਰੀ ਮੁਤਾਬਕ ਕਾਰ ਨੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਵਿੱਚ ਮੋਟਰਸਾਈਕਲ ਸਵਾਰ ਪਤੀ-ਪਤਨੀ ਤੇ ਦੋ ਬੱਚਿਆਂ ਦੀ ਮੌਤ ਹੋ ਗਈ। ਇਹ ਟੱਕਰ ਇੰਨੀ ਜ਼ਬਰਦਸਤ ਸੀ ਕਿ ਮੋਟਰਸਾਈਕਲ ਪੂਰੀ ਤਰ੍ਹਾਂ ਚਕਨਾਚੂਰ ਹੋ ਗਿਆ।
ਦੋ ਬੱਚਿਆਂ ਦੀ ਮੌਕੇ ‘ਤੇ ਹੀ ਮੌਤ
ਦਰਅਸਲ, ਮੋਟਰਸਾਈਕਲ ਚਾਲਕ ਆਪਣੀ ਪਤਨੀ ਅਤੇ ਬੱਚਿਆਂ ਸਮੇਤ ਬਾਘਾਪੁਰਾਣਾ ਤੋਂ ਪਿੰਡ ਜੈਮਲਵਾਲਾ ਜਾ ਰਿਹਾ ਸੀ। ਇਸ ਦੌਰਾਨ ਜਦੋਂ ਮੁਦੱਕੀ ਰੋਡ ‘ਤੇ ਪਿੰਡ ਲੰਗੇਆਣਾ ਨੇੜੇ ਪਹੁੰਚੇ ਤਾਂ ਅਚਾਨਕ ਆਈ ਇੱਕ ਤੇਜ਼ ਰਫਤਾਰ ਕਾਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਨਤੀਜੇ ਵੱਜੋਂ ਮੋਟਰਸਾਈਕਲ ਸਵਾਰ ਪਤੀ-ਪਤਨੀ ਅਤੇ ਦੋ ਬੱਚਿਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ।
ਇਹ ਵੀ ਪੜ੍ਹੋ : ਵਿੱਤੀ ਸਾਲ 2023-24 ਵਿੱਚ ਕਿਹੜੇ ਕ੍ਰਿਕਟਰ ਨੇ ਭਰਿਆ ਸਭ ਤੋਂ ਜ਼ਿਆਦਾ ਟੈਕਸ, ਪੜ੍ਹੋ ਪੂਰੀ ਲਿਸਟ
ਕਾਰ ਚਾਲਕ ਹਾਦਸੇ ਦੌਰਾਨ ਨਸ਼ੇ ਵਿੱਚ ਸੀ ਧੁੱਤ
ਉੱਥੇ ਮੌਜੂਦ ਲੋਕਾਂ ਨੇ ਦੱਸਿਆ ਕਿ ਕਾਰ ਚਾਲਕ ਹਾਦਸੇ ਦੌਰਾਨ ਨਸ਼ੇ ਵਿੱਚ ਧੁੱਤ ਸੀ। ਉਨ੍ਹਾਂ ਦੱਸਿਆ ਕਿ ਘਟਨਾ ਨੂੰ ਅੰਜ਼ਾਮ ਦੇਣ ਮਗਰੋਂ ਕਾਰ ਚਾਲਕ ਮੌਕੇ ਤੋਂ ਫਰਾਰ ਹੋਣ ਅੱਗੇਆ ਤਾਂ ਲੋਕਾਂ ਨੇ ਉਸਨੂੰ ਫੜ ਲਿਆ ਤੇ ਪੁਲਿਸ ਦੇ ਹਵਾਲੇ ਕਰ ਦਿੱਤਾ। ਇਸ ਸਬੰਧੀ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਮੁੱਦਕੀ ਰੋਡ ‘ਤੇ ਤੇਜ਼ ਰਫ਼ਤਾਰ ਕਾਰ ਨੇ ਬਾਈਕ ਨੂੰ ਟੱਕਰ ਮਾਰ ਦਿੱਤੀ, ਜਿਸ ਵਿੱਚ 4 ਲੋਕਾਂ ਦੀ ਮੌਤ ਹੋ ਗਈ ਹੈ। ਬਾਈਕ ‘ਤੇ ਪਤੀ-ਪਤਨੀ ਤੇ 2 ਬੱਚੇ ਸਵਾਰ ਸਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਮੌਕੇ ‘ਤੇ ਪਹੁੰਚ ਕੇ ਦੇਹਾਂ ਨੂੰ ਕਬਜ਼ੇ ਵਿੱਚ ਲੈ ਕੇ ਮੋਗਾ ਦੇ ਸਰਕਾਰੀ ਹਸਪਤਾਲ ਵਿੱਚ ਭੇਜ ਦਿੱਤਾ ਤੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।