ਬਿਊਰੋ ਨੇ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲਾਨਰ ਕੀਤਾ ਕਾਬੂ
ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਨਗਰ ਨਿਗਮ ਅੰਮ੍ਰਿਤਸਰ ਵਿਖੇ ਤਾਇਨਾਤ ਸਹਾਇਕ ਟਾਊਨ ਪਲਾਨਰ (ਏ.ਟੀ.ਪੀ.) ਹਰਜਿੰਦਰ ਸਿੰਘ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਮੁਲਜ਼ਮ ਨੇ ਪਹਿਲਾਂ ਵੀ 5 ਲੱਖ ਰੁਪਏ ਦੀ ਰਿਸ਼ਵਤ ਲਈ ਸੀ
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਸਾਈ ਕਿਰਨ ਵਾਸੀ ਸੰਧੂ ਐਵੀਨਿਊ, ਬਟਾਲਾ ਰੋਡ, ਅੰਮ੍ਰਿਤਸਰ ਸ਼ਹਿਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਸ (ਸ਼ਿਕਾਇਤਕਰਤਾ) ਵੱਲੋਂ ਕੋਟ ਖਾਲਸਾ, ਅੰਮ੍ਰਿਤਸਰ ਵਿਖੇ ਬਣਾਈ ਜਾ ਰਹੀ ਕਲੋਨੀ ਲਈ ਇਤਰਾਜ਼ ਹੀਣਤਾ ਸਰਟੀਫਿਕੇਟ (ਐਨ.ਓ.ਸੀ.) ਜਾਰੀ ਕਰਨ ਬਦਲੇ ਉਕਤ ਮੁਲਜ਼ਮ ਨੇ ਪਹਿਲਾਂ ਵੀ 5 ਲੱਖ ਰੁਪਏ ਦੀ ਰਿਸ਼ਵਤ ਲਈ ਸੀ। ਉਨ੍ਹਾਂ ਅੱਗੇ ਕਿਹਾ ਕਿ ਮੁਲਜ਼ਮ ਨੇ ਫਿਰ ਤੋਂ ਐਨ.ਓ.ਸੀ. ਸਬੰਧੀ ਸ਼ਰਤਾਂ ਪੂਰੀਆਂ ਕਰਨ ਬਦਲੇ 2 ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ।
DSP ਵਵਿੰਦਰ ਮਹਾਜਨ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਅੰਮ੍ਰਿਤਸਰ ਤੇ ਬਾਰਡਰ ਰੇਂਜ ‘ਚ ਰੈੱਡ ਅਲਰਟ ਜਾਰੀ || Punjab News
ਬੁਲਾਰੇ ਨੇ ਦੱਸਿਆ ਕਿ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਨੇ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਕੋਲੋਂ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧੀ ਏ.ਟੀ.ਪੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।