ਪੰਚਾਇਤ ਚੋਣਾਂ ‘ਚ ਨਾਮਜ਼ਦਗੀ ਭਰਨ ਤੋਂ ਰੋਕੇ ਗਏ ਉਮੀਦਵਾਰ ਅੱਜ ਪਹੁੰਚਣ ਚੰਡੀਗੜ੍ਹ ਮੁੱਖ ਦਫਤਰ : ਡਾ. ਦਲਜੀਤ ਸਿੰਘ ਚੀਮਾ
ਸ਼੍ਰੋਮਣੀ ਅਕਾਲੀ ਦਲ ਨੇ ਉਹਨਾਂ ਸਾਰੇ ਪਾਰਟੀ ਵਰਕਰਾਂ ਅਤੇ ਆਗੂਆਂ ਨੂੰ ਅਪੀਲ ਕੀਤੀ ਜਿਹਨਾਂ ਨੂੰ ਨਾਮਜ਼ਦਗੀ ਪੱਤਰ ਭਰਨ ਤੋਂ ਰੋਕਿਆ ਗਿਆ ਹੈ, ਕਿ ਉਹ ਭਲਕੇ ਜ਼ਰੂਰੀ ਦਸਤਾਵੇਜ਼ ਅਤੇ ਆਮ ਆਦਮੀ ਪਾਰਟੀ (ਆਪ) ਦੇ ਆਗੂਆਂ ਤੇ ਸਰਕਾਰੀ ਅਧਿਕਾਰੀਆਂ ਵੱਲੋਂ ਕੀਤੀ ਧੱਕੇਸ਼ਾਹੀ ਦੇ ਸਬੂਤ ਲੈ ਕੇ 7 ਅਕਤੂਬਰ ਨੂੰ ਚੰਡੀਗੜ੍ਹ ਵਿਚ ਪਾਰਟੀ ਦੇ ਮੁੱਖ ਦਫਤਰ ਪਹੁੰਚਣ ਤਾਂ ਜੋ ਪਾਰਟੀ ਉਹਨਾਂ ਲਈ ਨਿਆਂ ਹਾਸਲ ਕਰਨ ਵਾਸਤੇ ਲੋੜੀਂਦੇ ਕਾਨੂੰਨੀ ਕਦਮ ਚੁੱਕ ਸਕੇ।
ਲੋਕਤੰਤਰ ਦੀ ਆਵਾਜ਼ ਕੁਚਲਣ ਦਾ ਯਤਨ
ਇਹ ਅਪੀਲ ਕਰਦਿਆਂ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪਾਰਟੀ ਨੇ ਇਕ ਉਚ ਪੱਧਰੀ ਲੀਗਲ ਟੀਮ ਦਾ ਗਠਨ ਕੀਤਾ ਹੈ ਤਾਂ ਜੋ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਲੋੜੀਂਦੀਆਂ ਪਟੀਸ਼ਨਾਂ ਦਾਇਰ ਕੀਤੀਆਂ ਜਾ ਸਕਣ ਕਿਉਂਕਿ ਆਪ ਸਰਕਾਰ ਨੇ ਵਿਰੋਧੀ ਧਿਰ ਦੇ ਉਮੀਦਵਾਰਾਂ ਨੂੰ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਰੋਕ ਕੇ ਲੋਕਤੰਤਰ ਦੀ ਆਵਾਜ਼ ਕੁਚਲਣ ਦਾ ਯਤਨ ਕੀਤਾ ਹੈ।
ਉਮੀਦਵਾਰਾਂ ਦੇ ਕਾਗਜ਼ ਵੱਡੀ ਪੱਧਰ ’ਤੇ ਰੱਦ ਕੀਤੇ ਗਏ
ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪਾਰਟੀ ਨੂੰ ਇਹ ਸ਼ਿਕਾਇਤਾਂ ਮਿਲੀਆਂ ਹਨ ਕਿ ਸੂਬੇ ਦੇ ਵੱਖ-ਵੱਖ ਭਾਗਾਂ ਵਿਚ ਸਰਪੰਚ ਅਤੇ ਪੰਚ ਅਹੁਦਿਆਂ ਲਈ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਦੇ ਕਾਗਜ਼ ਵੱਡੀ ਪੱਧਰ ’ਤੇ ਰੱਦ ਕੀਤੇ ਗਏ ਹਨ। ਉਹਨਾਂ ਕਿਹਾ ਕਿ ਅਸੀਂ ਸੂਬਾਈ ਚੋਣ ਕਮਿਸ਼ਨ ਕੋਲ ਪਹੁੰਚ ਕਰ ਕੇ ਆਪਣੀਆਂ ਸ਼ਿਕਾਇਤਾਂ ਦਿੱਤੀਆਂ ਸਨ ਪਰ ਉਹਨਾਂ ਦਾ ਨਿਬੇੜਾ ਨਹੀਂ ਕੀਤਾ ਗਿਆ।
ਮੁੱਖ ਦਫਤਰ ਵਿਚ 11.00 ਵਜੇ ਕਰਨਗੇ ਮੁਲਾਕਾਤ
ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਹੁਣ ਲੀਗਲ ਟੀਮ ਦਾ ਗਠਨ ਕੀਤਾ ਗਿਆ ਹੈ ਤਾਂ ਜੋ ਸ਼ਿਕਾਇਤਾਂ ਦੀ ਘੋਖ ਕਰ ਕੇ ਪੀੜਤਾਂ ਲਈ ਨਿਆਂ ਹਾਸਲ ਕੀਤਾ ਜਾ ਸਕੇ। ਉਹਨਾਂ ਕਿਹਾ ਕਿ ਲੀਗਲ ਟੀਮ ਦੀ ਅਗਵਾਈ ਪਾਰਟੀ ਦੇ ਲੀਗਲ ਸੈਲ ਦੇ ਪ੍ਰਧਾਨ ਅਰਸ਼ਦੀਪ ਸਿੰਘ ਕਲੇਰ ਕਰਨਗੇ ਜਦੋਂ ਕਿ ਇਸ ਵਿਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਕਾਬਲ ਵਕੀਲ ਵੀ ਸ਼ਾਮਲ ਕੀਤੇ ਗਏ ਹਨ। ਉਹਨਾ ਦੱਸਿਆ ਕਿ ਇਹ ਟੀਮ ਕੱਲ੍ਹ 7 ਅਕਤੂਬਰ ਨੂੰ ਪਾਰਟੀ ਦੇ ਮੁੱਖ ਦਫਤਰ ਵਿਚ 11.00 ਵਜੇ ਤੋਂ ਪੀੜਤ ਉਮੀਦਵਾਰਾਂ ਨਾਲ ਮੁਲਾਕਾਤ ਕਰੇਗੀ।
ਝੂਠੇ ਫੌਜਦਾਰੀ ਕੇਸ ਕਰ ਦਿੱਤੇ ਗਏ ਦਰਜ
ਇਸ ਦੌਰਾਨ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਸੀਨੀਅਰ ਅਕਾਲੀ ਆਗੂ ਵਰਦੇਵ ਸਿੰਘ ਮਾਨ ਅਤੇ ਬੌਬੀ ਮਾਨ ਦੇ ਖਿਲਾਫ ਕੇਸ ਦਰਜ ਕਰਨ ਦੀ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਇਹਨਾਂ ਦੋਵਾਂ ਆਗੂਆਂ ਦੇ ਪੁੱਤਰ ਨਾਮਜ਼ਦਗੀ ਪੱਤਰ ਰੱਦ ਕਰ ਦਿੱਤੇ ਗਏ ਤੇ ਇਹਨਾਂ ਨੂੰ ਨਿਆਂ ਦੇਣ ਦੀ ਥਾਂ ਸੀਨੀਅਰ ਆਗੂਆਂ ਖਿਲਾਫ ਝੂਠੇ ਫੌਜਦਾਰੀ ਕੇਸ ਦਰਜ ਕਰ ਦਿੱਤੇ ਗਏ।