ਪੰਜਾਬ ਸਰਕਾਰ ਵੱਲੋਂ 9 ਅਕਤੂਬਰ ਨੂੰ BKU (ਏਕਤਾ-ਉਗਰਾਹਾਂ) ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਨਾਲ ਮੀਟਿੰਗ
ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਤੇ ਉੱਚ ਅਧਿਕਾਰੀਆਂ ਵੱਲੋਂ ਖੇਤੀ ਨੀਤੀ ਖਰੜੇ ਸਬੰਧੀ ਭਾਰਤੀ ਕਿਸਾਨ ਯੂਨੀਅਨ (ਏਕਤਾ- ਉਗਰਾਹਾਂ )ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸਾਂਝੇ ਸੂਬਾਈ ਵਫ਼ਦ ਨਾਲ਼ ਪੰਜਾਬ ਭਵਨ ਚੰਡੀਗੜ੍ਹ ਵਿਖੇ ਭਲਕੇ 9 ਅਕਤੂਬਰ ਨੂੰ ਸਵੇਰੇ 10.30 ਵਜੇ ਮੀਟਿੰਗ ਕੀਤੀ ਜਾਵੇਗੀ।
ਖੇਤੀ ਨੀਤੀ ਖਰੜੇ ਦਾ ਗੰਭੀਰਤਾ ਨਾਲ ਅਧਿਐਨ
ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਜੋਰਾ ਸਿੰਘ ਨਸਰਾਲੀ ਤੇ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਵੱਲੋਂ ਜਾਰੀ ਕੀਤੇ ਗਏ ਸਾਂਝੇ ਬਿਆਨ ਰਾਹੀਂ ਇਹ ਜਾਣਕਾਰੀ ਦਿੱਤੀ ਗਈ। ਉਹਨਾਂ ਦੱਸਿਆ ਕਿ ਦੋਹਾਂ ਜਥੇਬੰਦੀਆਂ ਵੱਲੋਂ ਮਾਹਰਾਂ ਦੁਆਰਾ ਤਿਆਰ ਕੀਤੇ ਅਤੇ ਪੰਜਾਬ ਸਰਕਾਰ ਵੱਲੋਂ ਸੁਝਾਵਾਂ ਲਈ ਜਾਰੀ ਕੀਤੇ ਖੇਤੀ ਨੀਤੀ ਖਰੜੇ ਦਾ ਗੰਭੀਰਤਾ ਨਾਲ ਅਧਿਐਨ ਕੀਤਾ ਗਿਆ ਹੈ।
ਕੋਲਕਾਤਾ ਆਰਜੀ ਕਾਰ ਮੈਡੀਕਲ ਕਾਲਜ ਦੇ 50 ਸੀਨੀਅਰ ਡਾਕਟਰਾਂ ਦਾ ਅਸਤੀਫਾ || Latest News
ਖੇਤੀਬਾੜੀ ਮੰਤਰੀ ਦੀ ਅਗਵਾਈ ਹੇਠ ਹੋਣ ਵਾਲੀ ਮੀਟਿੰਗ ਦੌਰਾਨ ਦੋਹਾਂ ਜਥੇਬੰਦੀਆਂ ਵੱਲੋਂ ਖਰੜੇ ਵਿੱਚ ਵਾਧੇ ਕਰਨ ਲਈ ਠੋਸ ਸੁਝਾਅ ਮੁੱਦੇਵਾਰ ਪੇਸ਼ ਕੀਤੇ ਜਾਣਗੇ ਅਤੇ ਇਹਨਾਂ ਮੁੱਦਿਆਂ ਨੂੰ ਖੇਤੀ ਨੀਤੀ ਖਰੜੇ ਵਿੱਚ ਸ਼ਾਮਿਲ ਕਰਕੇ ਬਾਕਾਇਦਾ ਸਰਕਾਰੀ ਖੇਤੀ ਨੀਤੀ ਦਸਤਾਵੇਜ਼ ਛੇਤੀ ਜਾਰੀ ਕਰਨ ਤੇ ਲਾਗੂ ਕਰਨ ਦਾ ਅਮਲ ਸ਼ੁਰੂ ਕਰਨ ਦੀ ਮੰਗ ਕੀਤੀ ਜਾਵੇਗੀ।
ਉਹਨਾਂ ਆਖਿਆ ਕਿ ਇਸ ਤੋਂ ਇਲਾਵਾ ਚੰਡੀਗੜ੍ਹ ਵਿਖੇ ਦੋਹਾਂ ਜਥੇਬੰਦੀਆਂ ਵੱਲੋਂ ਲਾਏ ਖੇਤੀ ਨੀਤੀ ਮੋਰਚੇ ਦੌਰਾਨ ਪੰਜ ਸਤੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਥੇਬੰਦੀਆਂ ਨਾਲ਼ ਕੀਤੀ ਮੀਟਿੰਗ ਸਮੇਂ ਖੇਤੀ ਨੀਤੀ ਖਰੜਾ ਜਾਰੀ ਕਰਨ ਤੋਂ ਇਲਾਵਾ ਮੰਨੀਆਂ ਗਈਆਂ ਹੋਰ ਮੰਗਾਂ ਨੂੰ ਲਾਗੂ ਕਰਨ ‘ਚ ਪੰਜਾਬ ਸਰਕਾਰ ਵੱਲੋਂ ਕੀਤੀ ਜਾ ਰਹੀ ਟਾਲ ਮਟੋਲ ਦਾ ਮੁੱਦਾ ਵੀ ਉਠਾਇਆ ਜਾਵੇਗਾ। ਉਹਨਾਂ ਆਖਿਆ ਕਿ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨਾਲ ਮੀਟਿੰਗ ਉਪਰੰਤ ਸਰਕਾਰ ਦੇ ਰੱਵਈਏ ਨੂੰ ਭਾਂਪ ਕੇ ਅਗਲੇ ਸੰਘਰਸ਼ ਦੀ ਰੂਪ ਰੇਖਾ ਦਾ ਐਲਾਨ ਵੀ ਕੀਤਾ ਜਾਵੇਗਾ।