ਭਲਕੇ ਸ਼ਰਾਬ ਦੇ ਠੇਕੇ ਬੰਦ ਰੱਖਣ ਦਾ ਕੀਤਾ ਗਿਆ ਐਲਾਨ
ਭਲਕੇ ਯਾਨੀ 20 ਨਵੰਬਰ ਨੂੰ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਬਰਨਾਲਾ, ਗੁਰਦਾਸਪੁਰ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਸ਼ਰਾਬ ਦੇ ਠੇਕੇ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋੜੀਂਦੀਆਂ ਤਿਆਰੀਆਂ ਅਤੇ ਪ੍ਰਬੰਧ ਮੁਕੰਮਲ ਕੀਤੇ ਜਾ ਚੁੱਕੇ ਹਨ ਤਾਂ ਜੋ 20 ਨਵੰਬਰ ਨੂੰ ਚੋਣ ਪ੍ਰੀਕਿਰਿਆ ਸ਼ਾਂਤੀ ਨਾਲ ਨੇਪਰੇ ਚੜ੍ਹ ਸਕੇ | ਰਿਟਰਨਿੰਗ ਅਫ਼ਸਰ ਦੇ ਵੱਲੋਂ ਹੋਟਲ/ਮੈਰਿਜ ਪੈਲੇਸ ਵਾਲਿਆਂ ਨੂੰ ਹਦਾਇਤ ਕੀਤੀ ਕਿ ਚੋਣ ਜ਼ਾਬਤੇ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਹਲਕੇ ਤੋਂ ਬਾਹਰੀ ਵਿਅਕਤੀਆਂ ਦੀ ਸ਼ਨਾਖਤ ਦਾ ਸਬੂਤ ਲੈ ਕੇ ਹੀ ਰਹਿਣ ਦੀ ਇਜਾਜ਼ਤ ਦਿੱਤੀ ਜਾਵੇ ਅਤੇ ਡਰਾਈ ਡੇਅ ਦੇ ਨਿਰਦੇਸ਼ਾਂ ਦੀ ਪੂਰੀ ਪਾਲਣਾ ਯਕੀਨੀ ਬਣਾਈ ਜਾਵੇ।
ਚੋਣਾਂ ਦੌਰਾਨ ਅਮਨ-ਕਾਨੂੰਨ ਬਣਾਈ ਰੱਖਣ ਲਈ ਸ਼ਰਾਬ ’ਤੇ ਪਾਬੰਦੀ ਲਾਗੂ ਕੀਤੀ ਗਈ ਹੈ। ਡਰਾਈ ਡੇਅ ਲਗਾਇਆ ਗਿਆ ਹੈ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਬੇਅਦਬੀ ਦੀ ਸੰਭਾਵਨਾ ਨੂੰ ਰੋਕਿਆ ਜਾ ਸਕੇ ਅਤੇ ਵੋਟਰ ਸ਼ਰਾਬ ਦੀ ਲਪੇਟ ਵਿੱਚ ਨਾ ਆਉਣ।
ਇਹ ਵੀ ਪੜ੍ਹੋ : ਦਿੱਲੀ ‘ਚ ਵੱਧਦਾ ਪ੍ਰਦੂਸ਼ਣ! ਸਕੂਲਾਂ ਤੋਂ ਬਾਅਦ ਹੁਣ ਯੂਨੀਵਰਸਿਟੀਆਂ ‘ਚ ਵੀ ਹੋਵੇਗੀ ਆਨਲਾਈਨ ਪੜ੍ਹਾਈ
ਛੁੱਟੀ ਦਾ ਨੋਟੀਫਿਕੇਸ਼ਨ ਜਾਰੀ
ਇਸ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਗੁਰਦਾਸਪੁਰ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ ਜ਼ਿਲ੍ਹਿਆਂ ਵਿੱਚ ਸਥਿਤ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਰਹੇਗੀ। ਨੋਟੀਫਿਕੇਸ਼ਨ ਵਿਚ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਕੋਈ ਸਰਕਾਰੀ ਅਧਿਕਾਰੀ/ਕਰਮਚਾਰੀ ਡੇਰਾ ਬਾਬਾ ਨਾਨਕ, ਚੱਬੇਵਾਲ, ਗਿੱਦੜਬਾਹਾ ਅਤੇ ਬਰਨਾਲਾ ਹਲਕਿਆਂ ਦੀ ਵੋਟਰ ਸੂਚੀ ਵਿਚ ਵੋਟਰ ਹੈ ਅਤੇ ਪੰਜਾਬ ਦੇ ਕਿਸੇ ਹੋਰ ਜ਼ਿਲ੍ਹੇ ਵਿਚ ਕਿਸੇ ਵੀ ਸਰਕਾਰੀ ਦਫ਼ਤਰ ਜਾਂ ਵਿੱਦਿਅਕ ਅਦਾਰੇ ਵਿੱਚ ਕੰਮ ਕਰਦਾ ਹੈ ਤਾਂ ਉਹ ਵਿਸ਼ੇਸ਼ ਛੁੱਟੀ ਲੈ ਸਕਦਾ ਹੈ। ਇਹ ਛੁੱਟੀ ਅਧਿਕਾਰੀ/ਕਰਮਚਾਰੀ ਦੇ ਛੁੱਟੀ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ।
ਦੱਸ ਦਈਏ ਕਿ 20 ਨਵੰਬਰ ਨੂੰ ਪੰਜਾਬ ਵਿੱਚ ਚਾਰ ਵਿਧਾਨ ਸਭਾ ਸੀਟਾਂ ਬਰਨਾਲਾ, ਗਿੱਦੜਬਾਹਾ, ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ਵਿੱਚ ਜ਼ਿਮਨੀ ਚੋਣਾਂ ਹੋ ਰਹੀਆਂ ਹਨ।