ਹੁਸ਼ਿਆਰਪੁਰ: 1400 ਤੋਂ ਵੱਧ ਪੰਚਾਇਤਾਂ ਦੇ ਪੰਚ ਤੇ ਸਰਪੰਚ ਅੱਜ ਚੁੱਕਣਗੇ ਸਹੁੰ, ਸਾਰੀਆਂ ਤਿਆਰੀਆਂ ਮੁਕੰਮਲ
ਹੁਸ਼ਿਆਰਪੁਰ :ਅੱਜ ਪੰਚਾਂ ਤੇ ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਦੇ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਟਾਂਡਾ ਬਾਈਪਾਸ ਨੇੜੇ ਸਥਾਨਕ ਲਾਜਵੰਤੀ ਸਟੇਡੀਅਮ ਵਿਖੇ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਇਸ ਸਮਾਗਮ ਵਿੱਚ 1403 ਪੰਚਾਇਤਾਂ ਦੇ ਕੁੱਲ 9314 ਪੰਚ ਅਤੇ ਸਰਪੰਚ ਸਹੁੰ ਚੁੱਕਣਗੇ, ਜਿਸ ਲਈ ਸਾਰੇ ਪੁਖ਼ਤਾ ਪ੍ਰਬੰਧ ਕਰ ਲਏ ਗਏ ਹਨ।
ਡਾ. ਰਵਜੋਤ ਸਿੰਘ ਮੁੱਖ ਮਹਿਮਾਨ ਵਜੋਂ ਕਰਨਗੇ ਸ਼ਿਰਕਤ
ਇਸ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਸਥਾਨਕ ਸਰਕਾਰਾਂ ਅਤੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਸ ਤੋਂ ਇਲਾਵਾ ਲੋਕ ਸਭਾ ਮੈਂਬਰ ਡਾ: ਰਾਜ ਕੁਮਾਰ ਚੱਬੇਵਾਲ ਅਤੇ ਵਿਧਾਇਕ ਵੀ ਸ਼ਿਰਕਤ ਕਰਨਗੇ। ਉਨ੍ਹਾਂ ਦੱਸਿਆ ਕਿ ਚੁਣੇ ਹੋਏ ਨੁਮਾਇੰਦਿਆਂ ਦੇ ਬੈਠਣ ਦੀ ਵਿਵਸਥਾ ਨੂੰ ਵੱਖ-ਵੱਖ ਬਲਾਕਾਂ ਵਿੱਚ ਵੰਡਿਆ ਗਿਆ ਹੈ, ਤਾਂ ਜੋ ਉਹ ਆਪਣੇ ਨਿਰਧਾਰਤ ਸਥਾਨਾਂ ‘ਤੇ ਬੈਠ ਸਕਣ।
ਡਿਪਟੀ ਕਮਿਸ਼ਨਰ ਨੇ ਲਿਆ ਤਿਆਰੀਆਂ ਅਤੇ ਪ੍ਰਬੰਧਾਂ ਦਾ ਜਾਇਜ਼ਾ
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਖੁਦ ਸਮਾਗਮ ਸਥਾਨ ਦਾ ਦੌਰਾ ਕਰਕੇ ਤਿਆਰੀਆਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੁਰੱਖਿਆ ਅਤੇ ਹੋਰ ਪ੍ਰਬੰਧਾਂ ਨੂੰ ਪੂਰੀ ਤਰ੍ਹਾਂ ਯਕੀਨੀ ਬਣਾਇਆ ਜਾਵੇ ਤਾਂ ਜੋ ਇਸ ਵੱਡੇ ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।