ਸੁਖਬੀਰ ਬਾਦਲ ‘ਤੇ ਹੋਏ ਹ/ਮਲੇ ਮਾਮਲੇ ‘ਚ ਬਿਕਰਮ ਮਜੀਠੀਆ ਨੇ ਪੰਜਾਬ DGP ਨੂੰ ਲਿਖਿਆ ਪੱਤਰ
ਚੰਡੀਗੜ੍ਹ : ਸ੍ਰੀ ਦਰਬਾਰ ਸਾਹਿਬ ਦੇ ਬਾਹਰ ਸੁਖਬੀਰ ਬਾਦਲ ‘ਤੇ ਹੋਏ ਹਮਲੇ ਮਾਮਲੇ ‘ਚ ਬਿਕਰਮ ਮਜੀਠੀਆ ਨੇ ਡੀਜੀਪੀ ਪੰਜਾਬ ਗੌਰਵ ਯਾਦਵ ਨੂੰ 13 ਪੰਨਿਆਂ ਦੀ ਚਿੱਠੀ ਲਿਖੀ ਹੈ। ਜਿਸ ਵਿੱਚ ਉਨ੍ਹਾਂ ਨੇ ਐਸਪੀ ਹਰਪਾਲ ਸਿੰਘ ਰੰਧਾਵਾ ਖ਼ਿਲਾਫ਼ ਕਾਰਵਾਈ ਕਰਕੇ ਉਸ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਵੀ ਕੀਤੀ ਹੈ। ਉਨ੍ਹਾਂ ਪੰਜਾਬ ਪੁਲੀਸ ਕਮਿਸ਼ਨਰ ਵੱਲੋਂ ਕੀਤੀ ਜਾ ਰਹੀ ਜਾਂਚ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ।
ਰੰਧਾਵਾ ਖ਼ਿਲਾਫ਼ ਕਾਰਵਾਈ ਦੀ ਮੰਗ
ਦੱਸ ਦਈਏ ਕਿ ਬੀਤੀ 4 ਦਸੰਬਰ (ਬੁੱਧਵਾਰ) ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਧਾਰਮਿਕ ਸੇਵਾ ਨਿਭਾ ਰਹੇ ਸੁਖਬੀਰ ਸਿੰਘ ਬਾਦਲ ‘ਤੇ ਜਾਨਲੇਵਾ ਹਮਲਾ ਹੋਇਆ, ਇਸ ਦੌਰਾਨ ਉਨ੍ਹਾਂ ‘ਤੇ ਨਰਾਇਣ ਸਿੰਘ ਚੌੜਾ ਵੱਲੋਂ ਗੋਲ਼ੀ ਚਲਾਈ ਗਈ ਸੀ। ਹਾਲਾਂਕਿ ਇਹ ਹਮਲਾ ਪੁਲਸ ਅਧਿਕਾਰੀਆਂ ਦੀ ਮੁਸਤੈਦੀ ਨਾਲ ਨਾਕਾਮ ਕਰ ਦਿੱਤਾ ਗਿਆ ਸੀ। ਘਟਨਾ ਤੋਂ ਬਾਅਦ ਤੋਂ ਹੀ ਬਿਕਰਮ ਮਜੀਠੀਆ ਲਗਾਤਾਰ ਪੁਲਿਸ ਦੀ ਜਾਂਚ ‘ਤੇ ਸਵਾਲ ਉਠਾ ਰਹੇ ਹਨ। ਉਨ੍ਹਾਂ ਲਿਖਿਆ ਹੈ ਕਿ ਸੁਖਬੀਰ ਬਾਦਲ ‘ਤੇ ਹਮਲਾ ਪੰਜਾਬ ਪੁਲਿਸ ਦੀ ਨਾਕਾਮੀ ਕਾਰਨ ਹੋਇਆ ਹੈ। ਅੰਮ੍ਰਿਤਸਰ ਪੁਲਿਸ ਸੁਖਬੀਰ ਸਿੰਘ ਬਾਦਲ ਦੀ ਜਾਨ-ਮਾਲ ਦੀ ਰਾਖੀ ਕਰਨ ‘ਚ ਅਸਫਲ ਰਹੀ। ਉਨ੍ਹਾਂ ਲਿਖਿਆ ਕਿ ਨਾਰਾਇਣ ਸਿੰਘ ਖ਼ਿਲਾਫ਼ ਆਰ.ਡੀ.ਐਕਸ, ਗ੍ਰਨੇਡ ਤੇ ਹੋਰ ਹਥਿਆਰਾਂ ਦੀ ਬਰਾਮਦਗੀ ਵਰਗੇ 21 ਮਾਮਲੇ ਦਰਜ ਹਨ ਅਤੇ ਨਾਰਾਇਣ ਸਿੰਘ ਚੌੜਾ ਦੀਆਂ ਪੁਲਸ ਸੁਪਰਡੈਂਟ ਹਰਪਾਲ ਸਿੰਘ ਰੰਧਾਵਾ ਨਾਲ ਗੱਲਬਾਤ ਦੀਆਂ ਤਸਵੀਰਾਂ ਵੀ ਪੇਸ਼ ਕੀਤੀਆਂ ਜਾ ਚੁੱਕੀਆਂ ਹਨ। ਇਸ ਲਈ ਹਰਪਾਲ ਸਿੰਘ ਰੰਧਾਵਾ ਖ਼ਿਲਾਫ਼ ਕਾਰਵਾਈ ਕੀਤੀ ਜਾਵੇ।