ਆਮ ਆਦਮੀ ਪਾਰਟੀ ਦੀ ਸਰਕਾਰ ਅੱਜ ਮਹਿਲਾਵਾਂ ਨੂੰ ਦੇ ਸਕਦੀ ਹੈ ਵੱਡਾ ਤੋਹਫ਼ਾ, 1000 ਰੁਪਏ ਆਉਣਗੇ ਖਾਤੇ ‘ਚ…
ਅੱਜ ਦਿੱਲੀ ਵਿੱਚ ਮਹਿਲਾ ਸਨਮਾਨ ਨਿਧੀ ਯੋਜਨਾ ਨੂੰ ਲੈ ਕੇ ਕੈਬਨਿਟ ਦੀ ਮੀਟਿੰਗ ਹੋਣ ਜਾ ਰਹੀ ਹੈ। ਇਸ ਮੌਕੇ 18 ਸਾਲ ਜਾਂ ਇਸ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਸਰਕਾਰ 1000 ਰੁਪਏ ਦੇਣ ਦੀ ਤਿਆਰੀ ‘ਚ ਲੱਗ ਰਹੀ ਹੈ | ਕੈਬਨਿਟ ‘ਚ ਪ੍ਰਸਤਾਵ ਪਾਸ ਹੋਣ ਤੋਂ ਬਾਅਦ ਪਾਰਟੀ ਕੋਈ ਵੱਡਾ ਐਲਾਨ ਕਰ ਸਕਦੀ ਹੈ। ਮਹਿਲਾ ਸਨਮਾਨ ਫੰਡ ਨੂੰ ਲੈ ਕੇ ਦਿੱਲੀ ਸਰਕਾਰ ਦੀ ਕੈਬਨਿਟ ਦੀ ਬੈਠਕ ਖਤਮ ਹੋਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਪਾਰਟੀ ਹੈੱਡਕੁਆਰਟਰ ‘ਚ ਇਸ ਯੋਜਨਾ ਨੂੰ ਲੈ ਕੇ ਵੱਡਾ ਐਲਾਨ ਕਰ ਸਕਦੇ ਹਨ। ਪਾਰਟੀ ਹੈੱਡਕੁਆਰਟਰ ਵਿਖੇ ਪ੍ਰੋਗਰਾਮ ਦੀਆਂ ਪੂਰੀਆਂ ਤਿਆਰੀਆਂ ਹਨ।
ਔਰਤਾਂ ਨੂੰ ਵੱਡਾ ਤੋਹਫਾ ਦੇਣ ਦੀ ਤਿਆਰੀ
ਦਿੱਲੀ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬਾ ਸਰਕਾਰ ਨੇ ਔਰਤਾਂ ਨੂੰ ਵੱਡਾ ਤੋਹਫਾ ਦੇਣ ਦੀ ਤਿਆਰੀ ਕਰ ਲਈ ਹੈ। ਕੇਜਰੀਵਾਲ ਦੁਪਹਿਰ 1 ਵਜੇ ਔਰਤਾਂ ਲਈ 1000 ਰੁਪਏ ਮਹੀਨਾ ਦੇਣ ਐਲਾਨ ਕਰ ਸਕਦੇ ਹਨ। ਮੁੱਖ ਮੰਤਰੀ ਮਹਿਲਾ ਸਨਮਾਨ ਯੋਜਨਾ ਰਾਜ ਦੀਆਂ ਔਰਤਾਂ ਨੂੰ 1,000 ਰੁਪਏ ਦਾ ਮਹੀਨਾਵਾਰ ਮਾਣ ਭੱਤਾ ਦੇਣ ਲਈ ਸ਼ੁਰੂ ਕੀਤੀ ਜਾ ਰਹੀ ਹੈ। ਇਸ ਸਕੀਮ ਨੂੰ ਆਮ ਆਦਮੀ ਪਾਰਟੀ ਦੇ ਚੋਣ ਵਾਅਦਿਆਂ ਦਾ ਹਿੱਸਾ ਮੰਨਿਆ ਜਾ ਰਿਹਾ ਹੈ।
ਔਰਤਾਂ ਦੇ ਖਾਤੇ ਵਿਚ ਪਾਏ ਜਾਣਗੇ 1000 ਰੁਪਏ
ਇਸ ਸਕੀਮ ਬਾਰੇ ਨਵੰਬਰ ਮਹੀਨੇ ਵਿੱਚ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਸੀ ਕਿ ਔਰਤਾਂ ਲਈ ਮੁੱਖ ਮੰਤਰੀ ਮਹਿਲਾ ਸਨਮਾਨ ਯੋਜਨਾ ਦੀ ਰਜਿਸਟ੍ਰੇਸ਼ਨ ਜਲਦੀ ਸ਼ੁਰੂ ਕੀਤੀ ਜਾਵੇਗੀ। ਜਿਸ ਤੋਂ ਬਾਅਦ ਔਰਤਾਂ ਦੇ ਖਾਤੇ ਵਿਚ 1000 ਰੁਪਏ ਪਾਏ ਜਾਣਗੇ।
ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਇਹ ਵੀ ਕਿਹਾ ਸੀ ਕਿ ਇਸ ਯੋਜਨਾ ਦਾ ਲਾਭ ਲੈਣ ਲਈ ਜ਼ਰੂਰੀ ਸ਼ਰਤਾਂ ਦਾ ਪਾਲਣ ਕਰਨਾ ਹੋਵੇਗਾ। ਯਾਨੀ ਕਿ ਔਰਤਾਂ ਰਾਜ ਦੀਆਂ ਰਜਿਸਟਰਡ ਵੋਟਰ ਹੋਣੀਆਂ ਚਾਹੀਦੀਆਂ ਹਨ।
ਵਿੱਤ ਵਿਭਾਗ ਨੇ ਕਿਹਾ ਹੈ ਕਿ ਦਿੱਲੀ ਵਿੱਚ ਲਗਭਗ 67 ਲੱਖ ਔਰਤਾਂ ਹਨ, ਜਿਨ੍ਹਾਂ ਵਿੱਚੋਂ ਲਗਭਗ 38 ਲੱਖ ਔਰਤਾਂ ਇਸ ਯੋਜਨਾ ਲਈ ਯੋਗ ਹੋਣਗੀਆਂ। ਜੇਕਰ ਇਨ੍ਹਾਂ ਸਾਰੀਆਂ ਔਰਤਾਂ ਨੂੰ ਮਹਿਲਾ ਸਨਮਾਨ ਨਿਧੀ ਦਾ ਲਾਭ ਮਿਲਦਾ ਹੈ ਤਾਂ ਵਿੱਤ ਵਿਭਾਗ ‘ਤੇ 4000 ਕਰੋੜ ਰੁਪਏ ਤੋਂ ਵੱਧ ਦਾ ਵਾਧੂ ਬੋਝ ਪਵੇਗਾ।