ਪੰਜਾਬ ਦੇ 17 ਜ਼ਿਲ੍ਹਿਆਂ ‘ਚ ਧੁੰਦ ਦਾ ਅਲਰਟ ਜਾਰੀ, ਤੇਜ਼ ਹਵਾਵਾਂ ਨਾਲ ਹੋਰ ਵਧੇਗੀ ਠੰਢ
ਚੰਡੀਗੜ੍ਹ : ਪੰਜਾਬ ‘ਚ ਬੀਤੇ ਕੱਲ੍ਹ ਤੋਂ ਪੈ ਰਹੇ ਲਗਾਤਾਰ ਮੀਂਹ ਤੋਂ ਬਾਅਦ ਹੁਣ ਪੰਜਾਬ-ਚੰਡੀਗੜ੍ਹ ‘ਚ ਧੁੰਦ ਦਾ ਅਸਰ ਦੇਖਣ ਨੂੰ ਮਿਲੇਗਾ। ਪੰਜਾਬ ਅਤੇ ਚੰਡੀਗੜ੍ਹ ਵਿੱਚ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ ਧੁੰਦ ਦਾ ਅਸਰ 31 ਦਸੰਬਰ ਤੱਕ ਦਿਖਾਈ ਦੇਵੇਗਾ। ਇਸ ਦਾ ਮਤਲਬ ਹੈ ਕਿ ਕੁਝ ਖੇਤਰਾਂ ਵਿੱਚ ਵਿਜ਼ੀਬਿਲਟੀ 100 ਮੀਟਰ ਤੱਕ ਘੱਟ ਸਕਦੀ ਹੈ। ਇਸ ਦੇ ਨਾਲ ਹੀ ਕੋਲਡ ਵੇਵ ਅਲਰਟ ਵੀ ਜਾਰੀ ਕੀਤਾ ਗਿਆ ਹੈ।
ਇਨ੍ਹਾਂ ਜ਼ਿਲ੍ਹਿਆਂ ‘ਚ ਧੁੰਦ ਦਾ ਅਲਰਟ
ਪੰਜਾਬ ਦੇ 17 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ ਅਤੇ ਮਲੇਰਕੋਟਲਾ ਵਿੱਚ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਦੱਸ ਦਈਏ ਕਿ ਅੱਜ ਚੰਡੀਗੜ੍ਹ ‘ਚ ਹਲਕੀ ਬੱਦਲਵਾਈ ਰਹੇਗੀ, ਮੀਂਹ ਪੈਣ ਦੀ ਸੰਭਾਵਨਾ ਵੀ ਹੈ। ਤਾਪਮਾਨ 11 ਤੋਂ 19 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਜਤਾਈ ਗਈ ਹੈ।