ਕਿਸਾਨ ਆਗੂ ਡੱਲੇਵਾਲ ‘ਤੇ ਅੱਜ ਸੁਪਰੀਮ ਕੋਰਟ ‘ਚ ਸੁਣਵਾਈ
ਖਨੌਰੀ ਬਾਰਡਰ ‘ਤੇ 36 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਅੱਜ ਮੁੜ ਸੁਣਵਾਈ ਹੋਵੇਗੀ। 28 ਦਸੰਬਰ ਨੂੰ ਹੋਈ ਸੁਣਵਾਈ ਵਿੱਚ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ 31 ਦਸੰਬਰ ਤੱਕ ਦਾ ਸਮਾਂ ਦਿੱਤਾ ਸੀ। ਪੰਜਾਬ ਸਰਕਾਰ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਹਸਪਤਾਲ ‘ਚ ਦਾਖਲ ਨਹੀਂ ਕਰਵਾ ਸਕੀ। ਅਦਾਲਤ ਨੇ ਇਹ ਸਮਾਂ ਸੀਮਾ ਮਾਣਹਾਨੀ ਪਟੀਸ਼ਨ ਦੀ ਸੁਣਵਾਈ ਦੌਰਾਨ ਦਿੱਤੀ ਸੀ। ਅਜਿਹੇ ‘ਚ ਦੋਵਾਂ ਅਧਿਕਾਰੀਆਂ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ।
ਪੰਜਾਬ ਪੁਲਿਸ ਨੇ ਕਿਸਾਨਾਂ ਅਤੇ ਡੱਲੇਵਾਲ ਨੂੰ ਮਨਾਉਣ ਦੀ ਕੀਤੀ ਕੋਸ਼ਿਸ਼
ਅਦਾਲਤ ਦੇ ਹੁਕਮਾਂ ਤੋਂ ਬਾਅਦ ਪੰਜਾਬ ਪੁਲਿਸ ਨੇ ਕਿਸਾਨਾਂ ਅਤੇ ਡੱਲੇਵਾਲ ਨੂੰ ਮਨਾਉਣ ਦੀ ਪੂਰੀ ਕੋਸ਼ਿਸ਼ ਕੀਤੀ। 29 ਅਤੇ 30 ਦਸੰਬਰ ਨੂੰ ਵੀ ਪਟਿਆਲਾ ਪੁਲਿਸ ਦੇ ਸੀਨੀਅਰ ਅਧਿਕਾਰੀ ਅਤੇ ਸੇਵਾਮੁਕਤ ਏਡੀਜੀਪੀ ਜਸਕਰਨ ਸਿੰਘ ਖਨੌਰੀ ਬਾਰਡਰ ਪੁੱਜੇ। ਕਿਸਾਨ ਆਗੂਆਂ ਤੇ ਡੱਲੇਵਾਲ ਨਾਲ ਵੀ ਗੱਲ ਕੀਤੀ ਪਰ ਉਹ ਨਹੀਂ ਮੰਨੇ।
36 ਦਿਨਾਂ ਤੋਂ ਮਰਨ ਵਰਤ ‘ਤੇ ਡੱਲੇਵਾਲ
ਦੱਸ ਦਈਏ ਕਿ 70 ਸਾਲਾ ਕਿਸਾਨ ਆਗੂ ਜਗਜੀਤ ਡੱਲੇਵਾਲ 36 ਦਿਨਾਂ ਤੋਂ ਮਰਨ ਵਰਤ ‘ਤੇ ਹਨ। ਡਾਕਟਰਾਂ ਦਾ ਕਹਿਣਾ ਹੈ ਕਿ ਡੱਲੇਵਾਲ ਦਾ ਬਲੱਡ ਪ੍ਰੈਸ਼ਰ ਵੀ ਕਾਫੀ ਘਟ ਰਿਹਾ ਹੈ। 60 ਸਾਲ ਤੋਂ ਵੱਧ ਉਮਰ ਦੇ ਵਿਅਕਤੀ ਦਾ ਆਮ ਬਲੱਡ ਪ੍ਰੈਸ਼ਰ 133/69 ਮੰਨਿਆ ਜਾਂਦਾ ਹੈ। ਡੱਲੇਵਾਲ ਦੀ ਇਮਿਊਨਿਟੀ ਵੀ ਕਾਫੀ ਕਮਜ਼ੋਰ ਹੋ ਗਈ ਹੈ। ਪਰ ਉਹ ਡਾਕਟਰੀ ਇਲਾਜ ਕਰਵਾਉਣ ਤੋਂ ਲਗਾਤਾਰ ਮਨ੍ਹਾ ਕਰ ਰਹੇ ਹਨ।