ਅੰਮ੍ਰਿਤਸਰ ਜਿਲ੍ਹਾ ਪ੍ਰਸ਼ਾਸਨ ਨੇ 120 ਨਵਜੰਮੀਆਂ ਲੜਕੀਆਂ ਦੀ ਮਨਾਈ ਲੋਹੜੀ

0
24

ਅੰਮ੍ਰਿਤਸਰ ਜਿਲ੍ਹਾ ਪ੍ਰਸ਼ਾਸਨ ਨੇ 120 ਨਵਜੰਮੀਆਂ ਲੜਕੀਆਂ ਦੀ ਮਨਾਈ ਲੋਹੜੀ

ਅੰਮ੍ਰਿਤਸਰ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੇ ਵਿਸ਼ੇਸ਼ ਸੱਦੇ ਉੱਤੇ ਜਿਲ੍ਹਾ ਪ੍ਰਸ਼ਾਸਨ ਵਲੋਂ ਮਾਲ ਰੋਡ ਸਥਿਤ ਸਕੂਲ ਆਫ ਐਮੀਨੈਂਸ ਫਾਰ ਗਰਲਜ਼ ਵਿਖੇ ਨਵ ਜੰਮੀਆਂ ਬੱਚੀਆਂ ਦੀ ਲੋਹੜੀ ਮਨਾਈ ਗਈ। ਇਸ ਮੌਕੇ ਔਰਤਾਂ ਦੀ ਸਿਹਤ, ਸਫ਼ਾਈ ਅਤੇ ਜਾਗਰੂਕਤਾ ਸਬੰਧੀ ਕੈਂਪ ਦੇ ਨਾਲ-ਨਾਲ ਰੋਜ਼ਗਾਰ ਤੇ ਹੁਨਰ ਵਿਕਾਸ ਲਈ ਵਿਸ਼ੇਸ਼ ਕੈਂਪ ਵੀ ਲਗਾਏ ਗਏ। ਇਸ ਮੌਕੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਲੜਕੀਆਂ ਹੀ ਸਹੀ ਅਰਥਾਂ ਵਿੱਚ ਸਮਾਜ ਨੂੰ ਅੱਗੇ ਲੈ ਕੇ ਜਾ ਸਕਦੀਆਂ ਹਨ। ਉਨਾਂ ਕਿਹਾ ਕਿ ਲੜਕੇ-ਲੜਕੀ ਦਾ ਭੇਦਭਾਵ ਨਹੀਂ ਕਰਨਾ ਚਾਹੀਦਾ ਸਗੋਂ ਧੀਆਂ ਦੀ ਲੋਹੜੀ ਵੀ ਹਰ ਸਾਲ ਮਨਾਉਣੀ ਚਾਹੀਦੀ ਹੈ। ਉਨਾਂ ਕਿਹਾ ਕਿ ਬੇਟੀ ਬਚਾਓ ਬੇਟੀ ਪੜ੍ਹਾਓ ਦਾ ਨਾਅਰਾ ਹੋਰ ਬੁਲੰਦ ਕਰਨਾ ਚਾਹੀਦਾ ਹੈ ਅਤੇ ਆਪਣੀਆਂ ਬੱਚੀਆਂ ਨੂੰ ਚੰਗੀ ਸਿਹਤ ਦੇ ਨਾਲ ਨਾਲ ਚੰਗੀ ਸਿੱਖਿਆ ਦੇਣਾ ਹਰ ਮਾ-ਬਾਪ ਦਾ ਫਰਜ਼ ਬਣਦਾ ਹੈ। ਉਨਾਂ ਕਿਹਾ ਕਿ ਅੱਜ ਸਾਨੂੰ ਮਹਿਲਾ ਸ਼ਸ਼ਕਤੀਕਰਨ ਦੀ ਲੋੜ ਹੈ। ਉਨਾਂ ਕਿਹਾ ਕਿ ਅੱਜ ਦਾ ਖੇਤਰ ਚਾਹੇ ਕੋਈ ਵੀ ਕਿਉਂ ਨਾ ਹੋਵੇ ਲੜਕੀਆਂ ਹਰ ਖੇਤਰ ਵਿੱਚ ਉਡਾਰੀ ਮਾਰ ਰਹੀਆਂ ਹਨ।

ਨਵ ਜੰਮੀਆਂ ਬੱਚੀਆਂ ਦੇ ਮਾਪਿਆਂ ਨੂੰ ਕੀਤਾ ਸਨਮਾਨਿਤ

ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਸਹਿਯੋਗ ਨਾਲ 120 ਨਵ ਜੰਮੀਆਂ ਲੜਕੀਆਂ ਦੀ ਲੋਹੜੀ ਮਨਾਉਂਦੇ ਹੋਏ ਭੁੱਗਾ ਬਾਲ੍ਹਿਆ ਗਿਆ। ਡਿਪਟੀ ਕਮਿਸ਼ਨਰ ਨੇ ਬੱਚੀਆਂ ਨਾਲ ਆਪ ਬੋਲੀਆਂ ਪਾ ਕੇ ਲੋਹੜੀ ਦਾ ਤਿਉਹਾਰ ਮਨਾਇਆ। ਇਸ ਮੌਕੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਨਵ ਜੰਮੀਆਂ ਬੱਚੀਆਂ ਦੇ ਮਾਪਿਆਂ ਨੂੰ ਕੰਬਲ ਅਤੇ ਲੋਹੜੀ ਨਾਲ ਸਬੰਧਤ ਰਵਾਇਤੀ ਸਾਮਾਨ ਦੇ ਕੇ ਸਨਮਾਨਿਤ ਵੀ ਕੀਤਾ ਅਤੇ ਵੱਖ-ਵੱਖ ਖੇਤਰਾਂ ਵਿੱਚ ਉਪਲੱਭਧੀਆਂ ਹਾਸਿਲ ਕਰਨ ਵਾਲੀਆਂ 15 ਲੜਕੀਆਂ ਨੂੰ ਸਨਮਾਨਿਤ ਕੀਤਾ ਗਿਆ ਜਿਨ੍ਹਾਂ ਵਿਚੋੱ 5 ਮਹਿਲਾਵਾਂ ਪਿੰਕ ਆਟੋ ਚਾਲਕ ਵੀ ਸਨ।

ਲੜਕੀਆਂ ਦੇ ਅਨੁਪਾਤ ਵਿੱਚ ਹੋਇਆ ਵਾਧਾ

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਿਹਤ ਵਿਭਾਗ ਦੇ ਯਤਨਾਂ ਸਦਕਾਂ ਪਹਿਲਾਂ ਦੇ ਮੁਕਾਬਲੇ ਲੜਕੀਆਂ ਦੇ ਅਨੁਪਾਤ ਵਿੱਚ ਵਾਧਾ ਹੋਇਆ ਹੈ। ਉਨਾਂ ਦੱਸਿਆ ਕਿ ਸਾਨੂੰ ਸਮਾਜ ਵਿਚੋਂ ਦਹੇਜ਼ ਵਰਗੀਆਂ ਕੁਰੀਤੀਆਂ ਨੂੰ ਖ਼ਤਮ ਕਰਨਾ ਚਾਹੀਦਾ ਹੈ ਅਤੇ ਲੜਕਿਆਂ ਨੂੰ ਵੀ ਲੜਕੀਆਂ ਦੀ ਇਜ਼ਤ ਕਰਨ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ ਤਾਂ ਜੋ ਇਕ ਚੰਗੇ ਸਾਮਾਜ ਦੀ ਸਿਰਜਨਾ ਕੀਤੀ ਜਾ ਸਕੇ।

LEAVE A REPLY

Please enter your comment!
Please enter your name here