ਸੰਯੁਕਤ ਕਿਸਾਨ ਮੋਰਚੇ ਦਾ ਅੰਦੋਲਨ ਨੂੰ ਸਮਰਥਨ
ਪੰਜਾਬ ਦੇ ਮੋਗਾ ਵਿੱਚ ਅੱਜ ਸੰਯੁਕਤ ਕਿਸਾਨ ਮੋਰਚਾ (SKM) ਦੀ ਮਹਾਪੰਚਾਇਤ ਹੋਈ। ਮਹਾਪੰਚਾਇਤ ‘ਚ ਇਹ ਫੈਸਲਾ ਕੀਤਾ ਗਿਆ ਹੈ ਕਿ ਸਮੂਹ ਕਿਸਾਨ ਜਥੇਬੰਦੀਆਂ ਇੱਕਮੁੱਠ ਹੋ ਕੇ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਚੱਲ ਰਹੇ ਕਿਸਾਨ ਅੰਦੋਲਨ ਦਾ ਸਮਰਥਨ ਕਰਨਗੀਆਂ। ਇਸ ਦੇ ਲਈ ਮਹਾਪੰਚਾਇਤ ‘ਚ ਪ੍ਰਸਤਾਵ ਪੇਸ਼ ਕੀਤਾ ਗਿਆ, ਜਿਸ ‘ਤੇ ਸਾਰੀਆਂ ਯੂਨੀਅਨਾਂ ਦੇ ਆਗੂਆਂ ਨੇ ਸਹਿਮਤੀ ਜਤਾਈ।
ਇਹ ਪਹਿਲੀ ਵਾਰ ਹੋਵੇਗਾ ਜਦੋਂ ਇਸ ਕਿਸਾਨ ਅੰਦੋਲਨ ਵਿੱਚ ਸ਼ਾਮਲ ਐਸ.ਕੇ.ਐਮ ਅਤੇ ਕਿਸਾਨ ਯੂਨੀਅਨਾਂ ਸ਼ਾਮਲ ਹੋਣਗੀਆਂ। ਇਸ ਤੋਂ ਪਹਿਲਾਂ ਕੇਵਲ ਜਗਜੀਤ ਸਿੰਘ ਡੱਲੇਵਾਲ ਦਾ ਸਾਂਝਾ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਸਰਵਣ ਸਿੰਘ ਪੰਧੇਰ ਦਾ ਕਿਸਾਨ ਮਜ਼ਦੂਰ ਮੋਰਚਾ ਪਿਛਲੇ ਕਰੀਬ 11 ਮਹੀਨਿਆਂ ਤੋਂ ਸ਼ੰਭੂ ਅਤੇ ਖਨੌਰੀ ਵਿੱਚ ਮੋਰਚਾ ਸੰਭਾਲ ਰਹੇ ਹਨ।
ਰਾਜੀਵ ਗਾਂਧੀ ਲਾਅ ਯੂਨੀਵਰਸਿਟੀ ਦਾ ਰਜਿਸਟਰਾਰ ਮੁਅੱਤਲ || Punjab News
ਇਸ ਦੇ ਨਾਲ ਹੀ ਭਲਕੇ (ਸ਼ੁੱਕਰਵਾਰ) ਨੂੰ 101 ਕਿਸਾਨਾਂ ਦਾ ਜਥਾ 6 ਮੈਂਬਰੀ ਕਮੇਟੀ ਸਮੇਤ ਖਨੌਰੀ ਮੋਰਚੇ ਵਿੱਚ ਜਾਵੇਗਾ। ਉਥੇ ਮਹਾਪੰਚਾਇਤ ‘ਚ ਪਾਸ ਪ੍ਰਸਤਾਵ ਨੂੰ ਫਰੰਟ ਦੇ ਨੇਤਾਵਾਂ ਦੇ ਸਾਹਮਣੇ ਰੱਖਿਆ ਜਾਵੇਗਾ। ਪ੍ਰਸਤਾਵ ‘ਤੇ ਵੀ ਸਹਿਮਤੀ ਲਈ ਜਾਵੇਗੀ। ਇਸ ਤੋਂ ਬਾਅਦ 15 ਜਨਵਰੀ ਨੂੰ ਪਟਿਆਲਾ ਵਿੱਚ ਏਕਤਾ ਲਈ ਮੀਟਿੰਗ ਕੀਤੀ ਜਾਵੇਗੀ। ਇਸ ਵਿੱਚ ਸੰਘਰਸ਼ ਨੂੰ ਲੈ ਕੇ ਅਗਲੀ ਰਣਨੀਤੀ ਬਣਾਈ ਜਾਵੇਗੀ।
26 ਜਨਵਰੀ ਨੂੰ ਟਰੈਕਟਰ ਮਾਰਚ
ਮਹਾਪੰਚਾਇਤ ਦੇ ਮੰਚ ਤੋਂ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਹੈ ਕਿ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਹੋਣ ਵਾਲੇ ਮਾਰਚ ਖਿਲਾਫ ਕੋਈ ਵੀ ਕਿਸਾਨ ਆਗੂ ਬਿਆਨਬਾਜ਼ੀ ਨਹੀਂ ਕਰੇਗਾ। ਨਾਲ ਹੀ ਸਰਕਾਰ ਤੋਂ ਮੰਗਾਂ ਪੂਰੀਆਂ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਮਹਾਪੰਚਾਇਤ ਵਿੱਚ ਫੈਸਲਾ ਕੀਤਾ ਗਿਆ ਹੈ ਕਿ 13 ਜਨਵਰੀ ਨੂੰ ਤਹਿਸੀਲ ਪੱਧਰ ’ਤੇ ਕੇਂਦਰ ਦੀ ਖੇਤੀ ਮੰਡੀਕਰਨ ਨੀਤੀ ਦੇ ਖਰੜੇ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ। ਇਸ ਦੇ ਨਾਲ ਹੀ 26 ਜਨਵਰੀ ਨੂੰ ਟਰੈਕਟਰ ਮਾਰਚ ਵੀ ਕੱਢਿਆ ਜਾਵੇਗਾ। ਆਗੂਆਂ ਨੇ ਕਿਹਾ ਹੈ ਕਿ ਜੇਕਰ ਸਹਿਮਤੀ ਬਣੀ ਤਾਂ ਇਹ ਪ੍ਰੋਗਰਾਮ ਸਾਂਝੇ ਤੌਰ ’ਤੇ ਵੀ ਕੀਤਾ ਜਾ ਸਕਦਾ ਹੈ।