ਅੰਮ੍ਰਿਤਸਰ: ਨਵੀਆਂ ਵਿਕਸਿਤ ਹੋ ਰਹੀਆਂ ਅਣ ਅਧਿਕਾਰਿਤ ਕਲੋਨੀਆਂ ਉੱਪਰ ਚੱਲਿਆ ਪੀਲਾ ਪੰਜਾ

0
13

ਅੰਮ੍ਰਿਤਸਰ: ਨਵੀਆਂ ਵਿਕਸਿਤ ਹੋ ਰਹੀਆਂ ਅਣ ਅਧਿਕਾਰਿਤ ਕਲੋਨੀਆਂ ਉੱਪਰ ਚੱਲਿਆ ਪੀਲਾ ਪੰਜਾ

ਅੰਮਿਤਸਰ 21 ਫਰਵਰੀ: ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਏਡੀਏ ਦੇ ਮੁੱਖ ਪ੍ਰਸ਼ਾਸਕ ਅੰਕੁਰਜੀਤ ਸਿੰਘ, ਆਈ.ਏ.ਐਸ ਅਤੇ ਵਧੀਕ ਮੁੱਖ ਪ੍ਰਸ਼ਾਸਕ ਮੇਜਰ ਅਮਿਤ ਸਰੀਨ, ਪੀ.ਸੀ.ਐਸ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਏਡੀਏ ਦੇ ਰੈਗੂਲੇਟਰੀ ਵਿੰਗ ਵੱਲੋਂ ਡਿਊਟੀ ਮੈਜਿਸਟ੍ਰੇਟ ਸ਼੍ਰੀ ਜਗਬੀਰ ਸਿੰਘ, ਉੱਪ-ਮੰਡਲ ਇੰਜੀਨੀਅਰ (ਜਸ), ਏਡੀਏ, ਅੰਮ੍ਰਿਤਸਰ ਅਤੇ ਥਾਣਾ ਘਰਿੰਡਾ ਦੇ ਪੁਲਿਸ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਛੇਹਰਟਾ ਸਾਹਿਬ ਤੋਂ ਗੁਰੂਦੁਆਰਾ ਸੰਨ ਸਾਹਿਬ ਰੋਡ ਤੇ ਪਿੰਡ ਬਾਸਰਕੇ ਗਿੱਲਾਂ ਉੱਪਰ ਬਣ ਰਹੀਆਂ ਅਣ-ਅਧਿਕਾਰਤ ਕਲੋਨੀਆਂ ਵਿਰੁੱਧ ਕਾਰਵਾਈ ਕਰਦੇ ਹੋਏ ਕਲੋਨੀਆਂ ਨੂੰ ਢਾਹ ਦਿੱਤਾ ਗਿਆ।
ਨਿਯਮਾਂ ਦੀਆਂ ਉਡਾਈਆਂ ਧੱਜੀਆਂ 
ਰੈਗੁਲੇਟਰੀ ਵਿੰਗ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭਵਿੱਖ ਦੇ ਵਿਕਾਸ ਨੂੰ ਨਿਯੰਤਰਣ ਕਰਨ ਲਈ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪਿੰਡ ਬਾਸਰਕੇ ਗਿੱਲਾਂ ਵਿਖੇ ਵਿਕਸਿਤ ਕੀਤੀ ਜਾ ਰਹੀਆਂ ਨਵੀਂ ਅਣ-ਅਧਿਕਾਰਤ ਕਲੋਨੀਆਂ ਨੂੰ ਪਾਪਰਾ ਐਕਟ-1995 ਅਧੀਨ ਨੋਟਿਸ ਜਾਰੀ ਕਰਦਿਆਂ ਕੰਮ ਬੰਦ ਕਰਵਾਉਂਦੇ ਹੋਏ ਡੈਮੋਲੀਸ਼ਨ ਦੀ ਕਾਰਵਾਈ ਕੀਤੀ ਗਈ ਹੈ, ਕਿਉਂਜੋ ਉਕਤ ਅਣ-ਅਧਿਕਾਰਤ ਕਲੋਨੀਆਂ ਦੇ ਮਾਲਕਾਂ ਵੱਲੋਂ ਸਰਕਾਰ ਦੀਆਂ ਹਦਾਇਤਾਂ ਦੀ ਪ੍ਰਵਾਹ ਨਾ ਕਰਦੇ ਹੋਏ ਸਰਕਾਰੀ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਸਨ।
ਹੋਵੇਗੀ ਕਾਨੂੰਨੀ ਕਾਰਵਾਈ
ਉਨ੍ਹਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਅਣ-ਅਧਿਕਾਰਤ ਕਲੋਨੀ ਕੱਟਣ ਵਾਲੇ ਵਿਅਕਤੀ ਵਿਰੁੱਧ ਪਾਪਰਾ ਐਕਟ-1995 ਦੀ ਸੋਧ 2024 ਅਨੁਸਾਰ 5 ਤੋਂ 10 ਸਾਲ ਦੀ ਕੈਦ ਅਤੇ 25 ਲੱਖ ਤੋਂ 5 ਕਰੋੜ ਦਾ ਜੁਰਮਾਨਾ ਵੀ ਕੀਤਾ ਜਾ ਸਕਦਾ ਹੈ। ਵਿਭਾਗ ਵੱਲ਼ੋਂ ਹੁਣ ਤੱਕ ਕੁੱਲ 15 ਅਣ-ਅਧਿਕਾਰਿਤ ਕਲੋਨੀ ਕੱਟਣ ਵਾਲੇ ਕਲੋਨਾਈਜਰਾਂ ਅਤੇ ਅਣ-ਅਧਿਕਾਰਿਤ ਉਸਾਰੀ ਕਰਨ ਵਾਲੇ ਉਸਾਰੀਕਰਤਾਵਾਂ ਵਿਰੁੱਧ ਐਫ.ਆਈ.ਆਰ ਦਰਜ ਕਰਨ ਲਈ ਪੁਲਿਸ ਵਿਭਾਗ ਨੂੰ ਲਿਖਿਆ ਜਾ ਚੁੱਕਾ ਹੈ। ਇਸ ਤੋਂ ਇਲਾਵਾ ਪੁੱਡਾ ਦੇ ਰੈਗੂਲੇਟਰੀ ਵਿੰਗ ਵੱਲੋਂ ਸਮੇਂ-ਸਮੇਂ ਤੇ ਜ਼ਿਲਾ ਅੰਮ੍ਰਿਤਸਰ ਅੰਦਰ ਵਿਕਸਿਤ ਕੀਤੀਆਂ ਜਾ ਰਹੀਆਂ ਅਣ-ਅਧਿਕਾਰਤ ਕਲੋਨੀਆਂ ਅਤੇ ਉਸਾਰੀਆਂ ਦਾ ਮੌਕਾ ਚੈਕ ਕਰਦੇ ਹੋਏ ਸਬੰਧਤ ਐਕਟ ਤਹਿਤ ਨੋਟਿਸ ਜਾਰੀ ਕਰਦਿਆਂ ਕੰਮ ਬੰਦ ਕਰਵਾਉਂਦੇ ਹੋਏ ਸਬੰਧਤ ਥਾਣਾ ਅਫਸਰ ਨੂੰ ਅਗਲੇਰੀ ਕਾਨੂੰਨੀ ਕਾਰਵਾਈ ਕਰਨ ਲਈ ਕਿਹਾ ਜਾ ਰਿਹਾ ਹੈ।
ਲੋੜੀਂਦੀਆਂ ਪ੍ਰਵਾਨਗੀਆਂ ਪ੍ਰਾਪਤ ਕਰਨ ਉਪਰੰਤ ਹੀ ਹੋਵੇ ਉਸਾਰੀ
ਏਡੀਏ ਦੇ ਰੈਗੂਲੇਟਰੀ ਵਿੰਗ ਨੇ ਆਮ ਜਨਤਾ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਗੈਰ-ਕਨੂੰਨੀ ਕਲੋਨੀਆਂ ਜੋ ਕਿ ਪੁੱਡਾ ਵਿਭਾਗ ਤੋਂ ਮੰਜੂਰ ਸ਼ੁਦਾ ਨਹੀਂ ਹਨ, ਉਹਨਾਂ ਵਿੱਚ ਪੈਂਦੇ ਪਲਾਟਾਂ ਦੀ ਵਿਕਰੀ ਸਬੰਧੀ ਕਿਸੇ ਵੀ ਇਸ਼ਤਿਹਾਰ ਅਨੁਸਾਰ ਪਲਾਟ ਖਰੀਦਣ ਤੋਂ ਪਹਿਲਾਂ ਉਸ ਕਲੋਨੀ ਸਬੰਧੀ ਪੁੱਡਾ ਵੱਲੋਂ ਜਾਰੀ ਕੀਤੀ ਗਈ ਮੰਜੂਰੀ ਦੀ ਮੰਗ ਜ਼ਰੂਰ ਕਰਨ ਤਾਂ ਜੋ ਉਨ੍ਹਾਂ ਦੇ ਧਨ ਮਾਲ ਦਾ ਨੁਕਸਾਨ ਨਾ ਹੋ ਸਕੇ ਅਤੇ ਉਨ੍ਹਾਂ ਲਈ ਪਰੇਸ਼ਾਨੀ ਦਾ ਕਾਰਨ ਨਾ ਬਣੇ। ਇਸ ਤੋ ਇਲਾਵਾ ਉਹਨਾਂ ਵੱਲੋਂ ਇਹ ਵੀ ਅਪੀਲ ਕੀਤੀ ਗਈ ਕਿ ਜ਼ਿਲੇ ਅੰਦਰ ਕਿਸੇ ਵੀ ਜਗ੍ਹਾ ਉੱਪਰ ਕਿਸੇ ਵੀ ਪ੍ਰਕਾਰ ਦੀ ਉਸਾਰੀ ਕਰਨ ਤੋਂ ਪਹਿਲਾਂ ਪੁੱਡਾ ਵਿਭਾਗ ਪਾਸੋਂ ਲੋੜੀਂਦੀਆਂ ਪ੍ਰਵਾਨਗੀਆਂ ਪ੍ਰਾਪਤ ਕਰਨ ਉਪਰੰਤ ਹੀ ਉਸਾਰੀ ਕੀਤੀ ਜਾਵੇ।

LEAVE A REPLY

Please enter your comment!
Please enter your name here