ਪੰਜਾਬ ਵਿਧਾਨ ਸਭਾ ਦਾ ਦੋ ਰੋਜ਼ਾ ਵਿਸ਼ੇਸ਼ ਸੈਸ਼ਨ ਅੱਜ ਤੋਂ ਸ਼ੁਰੂ, ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਸਮੇਤ 12 ਵਿਛੜੀਆਂ ਰੂਹਾਂ ਨੂੰ ਦਿੱਤੀ ਜਾਵੇਗੀ ਸ਼ਰਧਾਂਜਲੀ
ਚੰਡੀਗੜ੍ਹ, 24 ਫਰਵਰੀ: ਪੰਜਾਬ ਵਿਧਾਨ ਸਭਾ ਦਾ ਦੋ ਰੋਜ਼ਾ ਵਿਸ਼ੇਸ਼ ਸੈਸ਼ਨ ਅੱਜ (24 ਫਰਵਰੀ) ਤੋਂ ਸ਼ੁਰੂ ਹੋ ਰਿਹਾ ਹੈ। ਇਸ ਦੌਰਾਨ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਸਮੇਤ 12 ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ, ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ। ਇਸ ਦੌਰਾਨ ਸਾਬਕਾ ਮੰਤਰੀ ਧਰਮਪਾਲ ਸਿੰਘ ਸੱਭਰਵਾਲ, ਸਾਬਕਾ ਮੰਤਰੀ ਅਜੈਵ ਸਿੰਘ ਮੁਖਮੇਲਪੁਰ, ਸਾਬਕਾ ਰਾਜ ਸਭਾ ਮੈਂਬਰ ਹਰਵਿੰਦਰ ਸਿੰਘ ਹੰਸ ਪਾਲ, ਸਾਬਕਾ ਵਿਧਾਇਕ ਜੋਗਿੰਦਰ ਪਾਲ ਜੈਨ, ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਬੁੱਟਰ, ਸਾਬਕਾ ਵਿਧਾਇਕ ਭਾਗ ਸਿੰਘ, ਆਜ਼ਾਦੀ ਘੁਲਾਟੀਆਂ ਕਰਨੈਲ ਸਿੰਘ, ਕਿੱਕਰ ਸਿੰਘ ਤੇ ਕੇਹਰ ਸਿੰਘ ਅਤੇ ਚਿਤਰਕਾਰ ਜਰਨੈਲ ਸਿੰਘ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ। ਇਸ ਤੋਂ ਬਾਅਦ ਸੈਸ਼ਨ ਅੱਗੇ ਵਧੇਗਾ।
ਸੈਸ਼ਨ ਦੇ ਹੰਗਾਮਾ ਭਰਪੂਰ ਰਹਿਣ ਦੀ ਸੰਭਾਵਨਾ
ਇਸ ਤੋਂ ਬਾਅਦ ਵਿਧਾਨ ਸਭਾ ਵਿੱਚ ਵੱਖ-ਵੱਖ ਵਿਭਾਗਾਂ ਦੀਆਂ ਰਿਪੋਰਟਾਂ ਪੇਸ਼ ਕੀਤੀਆਂ ਜਾਣਗੀਆਂ। ਇਨ੍ਹਾਂ ਵਿੱਚ ਪੰਚਾਇਤੀ ਰਾਜ ਸੰਸਥਾਵਾਂ ਨਾਲ ਸਬੰਧਤ ਕਮੇਟੀ ਰਿਪੋਰਟ ਪੇਸ਼ ਕਰੇਗੀ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਆਵਾਸ ਯੋਜਨਾ (ਪੇਂਡੂ) ਬਾਰੇ ਕਮੇਟੀ ਦੀ ਦੂਜੀ ਵਿਸਥਾਰਤ ਰਿਪੋਰਟ ਪੇਸ਼ ਕੀਤੀ ਜਾਵੇਗੀ ਅਤੇ ਅਤੇ ਕੇਰਲਾ ਰਾਜ ਦੀ ਤਰਜ਼ ‘ਤੇ ਪੰਜਾਬ ਵਿਚ ਪੰਚਾਇਤੀ ਰਾਜ ਪ੍ਰਣਾਲੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਕਮੇਟੀ ਦੀ ਤੀਜੀ ਵਿਸਥਾਰਤ ਰਿਪੋਰਟ ਪੇਸ਼ ਕੀਤੀ ਜਾਵੇਗੀ। ਹਾਲਾਂਕਿ, ਬਜਟ ਇਜਲਾਸ ਤੋਂ ਠੀਕ ਪਹਿਲਾਂ ਹੋ ਰਿਹਾ ਇਜਲਾਸ ਹੰਗਾਮਾ ਭਰਪੂਰ ਹੋਣ ਦੀ ਸੰਭਾਵਨਾ ਹੈ। ਵਿਰੋਧੀ ਪਾਰਟੀਆਂ ਕਾਨੂੰਨ ਵਿਵਸਥਾ, ਅਮਰੀਕਾ ਤੋਂ ਡਿਪੋਰਟ ਕੀਤੇ ਜਾ ਰਹੇ ਨੌਜਵਾਨਾਂ ਅਤੇ ਨਸ਼ਿਆਂ ਵਰਗੇ ਮੁੱਦਿਆਂ ‘ਤੇ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕਰਨਗੀਆਂ।
ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ, ਪੁਲਿਸ ਅਧਿਕਾਰੀਆਂ ਦੇ ਹੋਏ ਤਬਾਦਲੇ, ਵੇਖੋ List