ਪੰਜਾਬੀ ਭਾਸ਼ਾ ਵਿਵਾਦ: ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਸਕੂਲਾਂ ਲਈ ਹਦਾਇਤਾਂ ਜਾਰੀ, ਉਲੰਘਣਾ ਕਰਨ ‘ਤੇ ਹੋਵੇਗੀ ਕਾਰਵਾਈ
ਪੰਜਾਬ ਸਰਕਾਰ ਨੇ ਸੂਬੇ ਵਿੱਚ ਚੱਲ ਰਹੇ ਸਾਰੇ ਬੋਰਡ- ਸਕੂਲਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਵਿਦਿਆਰਥੀਆਂ ਨੂੰ ਪੰਜਾਬੀ ਵਿਸ਼ੇ ਨੂੰ ਲਾਜ਼ਮੀ ਵਿਸ਼ੇ ਵਜੋਂ ਪੜ੍ਹਾਉਣਗੇ। ਸੂਬੇ ਦੇ ਸਾਰੇ ਸਕੂਲਾਂ ਭਾਵੇਂ ਉਹ ਕਿਸੇ ਵੀ ਬੋਰਡ ਨਾਲ ਸਬੰਧਤ ਹੋਣ, ਲਈ ਪੰਜਾਬੀ ਨੂੰ ਮੁੱਖ ਤੇ ਲਾਜ਼ਮੀ ਵਿਸ਼ੇ ਵਜੋਂ ਪੜ੍ਹਾਉਣਾ ਲਾਜ਼ਮੀ ਕੀਤਾ ਗਿਆ ਹੈ। ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ।
ਪੰਜਾਬੀ ਤੋਂ ਬਿਨਾਂ ਪਾਸ ਨਹੀਂ ਐਲਾਨਿਆ ਜਾਵੇਗਾ ਵਿਦਿਆਰਥੀ
ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੀ ਇਸ ਮਾਮਲੇ ਨੂੰ ਲੈ ਕੇ ਅੱਜ ਇਕ ਪ੍ਰੈੱਸ ਕਾਨਫਰੰਸ ਵੀ ਕੀਤੀ। ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਚ ਕਿਹਾ ਗਿਆ ਹੈ ਕਿ 10ਵੀਂ ਜਮਾਤ ਦੇ ਕਿਸੇ ਵੀ ਵਿਦਿਆਰਥੀ ਨੂੰ ਪੰਜਾਬੀ ਤੋਂ ਬਿਨਾਂ ਪਾਸ ਐਲਾਨਿਆ ਨਹੀਂ ਜਾਵੇਗਾ। ਜਿਹੜੇ ਸਕੂਲ ਇਹਨਾਂ ਨਿਯਮਾਂ ਦੀ ਪਾਲਣਾ ਨਹੀਂ ਕਰਨਗੇ ਉਨ੍ਹਾਂ ਵਿਰੁੱਧ ਪੰਜਾਬ ਭਾਸ਼ਾ ਐਕਟ 2008 ਤਹਿਤ ਕਾਰਵਾਈ ਕੀਤੀ ਜਾਵੇਗੀ।