ਪਹਾੜੀ ਰਾਜਾਂ ਵਿੱਚ ਭਾਰੀ ਮੀਂਹ ਅਤੇ ਬਰਫ਼ਬਾਰੀ ਜਾਰੀ: ਹਿਮਾਚਲ ਵਿੱਚ 583 ਸੜਕਾਂ, 5 ਰਾਸ਼ਟਰੀ ਰਾਜਮਾਰਗ ਬੰਦ
ਪਹਾੜੀ ਇਲਾਕਿਆਂ ਵਿੱਚ ਮੀਂਹ ਅਤੇ ਬਰਫ਼ਬਾਰੀ ਜਾਰੀ ਹੈ। ਅਗਲੇ ਹਫ਼ਤੇ ਤੋਂ ਬਾਅਦ ਵੀ ਮੀਂਹ ਅਤੇ ਬਰਫ਼ਬਾਰੀ ਜਾਰੀ ਰਹਿਣ ਦੀ ਸੰਭਾਵਨਾ ਹੈ। ਹਿਮਾਚਲ ਪ੍ਰਦੇਸ਼ ਦੇ ਕੁਝ ਇਲਾਕਿਆਂ ‘ਚ 2 ਫੁੱਟ ਤੋਂ ਜ਼ਿਆਦਾ ਬਰਫਬਾਰੀ ਹੋਈ ਹੈ। ਇਸ ਨਾਲ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ। ਸਟੇਟ ਐਮਰਜੈਂਸੀ ਆਪ੍ਰੇਸ਼ਨ ਸੈਂਟਰ ਅਨੁਸਾਰ ਸੂਬੇ ਦੀਆਂ 583 ਸੜਕਾਂ ਅਤੇ 5 ਰਾਸ਼ਟਰੀ ਰਾਜਮਾਰਗ ਬੰਦ ਹਨ। ਇਸ ਤੋਂ ਇਲਾਵਾ 2263 ਟਰਾਂਸਫਾਰਮਰ ਅਤੇ 279 ਜਲ ਸਪਲਾਈ ਸਕੀਮਾਂ ਬੰਦ ਪਈਆਂ ਹਨ।
ਮੈਦਾਨੀ ਇਲਾਕਿਆਂ ‘ਚ ਵੀ ਅਸਰ
ਪਹਾੜਾਂ ‘ਚ ਬਦਲੇ ਮੌਸਮ ਦਾ ਅਸਰ ਮੈਦਾਨੀ ਇਲਾਕਿਆਂ ‘ਤੇ ਵੀ ਪਿਆ ਹੈ। ਇਸ ਕਾਰਨ ਪੰਜਾਬ ਅਤੇ ਹਰਿਆਣਾ ਦੇ ਕੁਝ ਹਿੱਸਿਆਂ ਵਿੱਚ ਮੀਂਹ ਤੋਂ ਬਾਅਦ ਤਾਪਮਾਨ ਵਿੱਚ ਗਿਰਾਵਟ ਆਈ ਹੈ। ਮੌਸਮ ਵਿਭਾਗ ਦੇ ਤਾਜ਼ਾ ਅੰਕੜਿਆਂ ਅਨੁਸਾਰ ਪੰਜਾਬ, ਰਾਜਸਥਾਨ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਦੇ ਵੱਖ-ਵੱਖ ਹਿੱਸਿਆਂ ਵਿੱਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ, ਬਿਜਲੀ ਡਿੱਗਣ ਅਤੇ ਗੜੇ ਪੈਣ ਦੀ ਸੰਭਾਵਨਾ ਹੈ। ਉੱਤਰਾਖੰਡ ਅਤੇ ਪੱਛਮੀ ਉੱਤਰ ਪ੍ਰਦੇਸ਼ ਦੇ ਕਈ ਇਲਾਕਿਆਂ ਵਿੱਚ ਤੂਫ਼ਾਨੀ ਹਵਾਵਾਂ ਦੇ ਨਾਲ ਗੜੇ ਪੈਣ ਦੀ ਸੰਭਾਵਨਾ ਹੈ।