ਕੈਬਨਿਟ ਮੰਤਰੀ ਅਮਨ ਅਰੋੜਾ ਨੇ ਨਸ਼ਾ ਤਸਕਰਾਂ ਨੂੰ ਦਿੱਤੀ ਚੇਤਾਵਨੀ; ਕਿਹਾ- ਆਤਮ ਸਮਰਪਣ ਕਰੋ ਜਾਂ ਫਿਰ…
ਲੁਧਿਆਣਾ – ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਐਲਾਨ ਕੀਤਾ ਗਿਆ ਕਿ ਪੰਜਾਬ ਸਰਕਾਰ ਉਦੋਂ ਤੱਕ ਚੈਨ ਨਾਲ ਨਹੀਂ ਬੈਠੇਗੀ ਜਦੋਂ ਤੱਕ ਸੂਬੇ ਵਿੱਚੋਂ ਨਸ਼ੇ ਦਾ ਮੁਕੰਮਲ ਖਾਤਮਾ ਨਹੀਂ ਕੀਤਾ ਜਾਂਦਾ ਅਤੇ ਨਸ਼ਾ ਤਸਕਰਾਂ ‘ਤੇ ਪੂਰੀ ਤਰ੍ਹਾਂ ਨਕੇਲ ਨਹੀਂ ਕੱਸੀ ਜਾਂਦੀ।
ਨਸ਼ਿਆਂ ਦੇ ਖਾਤਮੇ ਲਈ ਬਣਾਈ ਗਈ ਪੰਜ ਮੈਂਬਰੀ ਕੈਬਨਿਟ ਸਬ-ਕਮੇਟੀ ਦੀ ਉੱਚ ਪੱਧਰੀ ਮੀਟਿੰਗ ਦੇ ਮੈਂਬਰ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੇ ਨਾਲ ‘ਯੁੱਧ ਨਸ਼ਿਆਂ ਵਿਰੁੱਧ’ ਪ੍ਰੋਗਰਾਮ ਤਹਿਤ ਪੁਲਿਸ ਲਾਈਨਜ਼ ਵਿਖੇ ਸਿਵਲ ਅਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਜਾਂ ਤਾਂ ਨਸ਼ਾ ਤਸਕਰ ਆਤਮ ਸਮਰਪਣ ਕਰ ਦੇਣ ਨਹੀਂ ਤਾਂ ਗੰਭੀਰ ਨਤੀਜੇਂ ਭੁਗਤਣ ਲਈ ਤਿਆਰ ਰਹਿਣ ਕਿਉਂਕਿ ‘ਆਪ’ ਸਰਕਾਰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਫਤਿਹ ਹਾਸਲ ਕਰਨ ਤੱਕ ਚੈਨ ਨਾਲ ਨਹੀਂ ਬੈਠੇਗੀ।
ਪੁਲਿਸ ਦੇ ਯਤਨਾਂ ਵਿੱਚ ਸਹਿਯੋਗ ਦੇਣ ਦਾ ਸੱਦਾ
ਉਨ੍ਹਾਂ ਇਸ ਗੈਰ-ਕਾਨੂੰਨੀ ਗਤੀਵਿਧੀ ਵਿੱਚ ਸ਼ਾਮਲ ਲੋਕਾਂ ਨੂੰ ਫੜਨ ਲਈ ਪੰਜਾਬ ਪੁਲਿਸ ਦੀ ਤਾਕਤ, ਸੂਝ-ਬੂਝ ਅਤੇ ਯੋਗਤਾ ‘ਤੇ ਚਾਨਣਾ ਪਾਉਂਦਿਆਂ ਭਰਪੂਰ ਵਿਸ਼ਵਾਸ਼ ਪ੍ਰਗਟਾਇਆ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨੂੰ ਖ਼ਤਮ ਕਰਨ ਵਿੱਚ ਮਦਦ ਕਰਨਾ ਇੱਕ ਸਮੂਹਿਕ ਜ਼ਿੰਮੇਵਾਰੀ ਹੈ ਅਤੇ ਲੋਕਾਂ ਨੂੰ ਨਸ਼ਿਆਂ ਦੀ ਤਸਕਰੀ ਨੂੰ ਨੱਥ ਪਾਉਣ ਲਈ ਪੁਲਿਸ ਦੇ ਯਤਨਾਂ ਵਿੱਚ ਸਹਿਯੋਗ ਦੇਣ ਦਾ ਸੱਦਾ ਦਿੱਤਾ।
ਲੋਕਾਂ ਨੂੰ ਨਸ਼ੇ ਦੇ ਤਸਕਰਾਂ ਬਾਰੇ ਸੂਚਿਤ ਕਰਨ ਦੀ ਅਪੀਲ
ਕੈਬਨਿਟ ਮੰਤਰੀ ਅਰੋੜਾ ਨੇ ਇਹ ਵੀ ਕਿਹਾ ਕਿ ਪੁਲਿਸ ਨੂੰ ਤਸਕਰਾਂ ਵਿਰੁੱਧ ਕਾਰਵਾਈ ਕਰਨ ਅਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਲਈ ਪੂਰੀ ਖੁੱਲ ਦਿੱਤੀ ਗਈ ਹੈ। ਉਨ੍ਹਾਂ ਇਹ ਵੀ ਖੁਲਾਸਾ ਕੀਤਾ ਕਿ 1 ਤੋਂ 4 ਮਾਰਚ ਤੱਕ ਪੰਜਾਬ ਪੁਲਿਸ ਨੇ 580 ਐਨ.ਡੀ.ਪੀ.ਐਸ. ਕੇਸ ਦਰਜ ਕੀਤੇ ਹਨ ਅਤੇ ਇਨ੍ਹਾਂ ਮਾਮਲਿਆਂ ਵਿੱਚ 789 ਮੁਲਜ਼ਮਾਂ ਨੂੰ ਨਾਮਜ਼ਦ ਕਰਨ ਤੋਂ ਇਲਾਵਾ 170 ਕਿਲੋ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ। ਪੰਜਾਬ ਭਰ ਵਿੱਚ 60 ਗੈਰ-ਕਾਨੂੰਨੀ ਇਮਾਰਤਾਂ ਨੂੰ ਢੇਰੀ ਵੀ ਕੀਤਾ ਹੈ। ਉਨ੍ਹਾਂ ਲੋਕਾਂ ਨੂੰ ਨਸ਼ੇ ਦੇ ਤਸਕਰਾਂ ਬਾਰੇ ਸੂਚਿਤ ਕਰਨ ਦੀ ਅਪੀਲ ਵੀ ਕੀਤੀ ਤਾਂ ਜੋ ਇਸ ਅਲਾਮਤ ਨੂੰ ਖਤਮ ਕੀਤਾ ਜਾ ਸਕੇ। ਉਨ੍ਹਾਂ ਸਿਹਤ ਵਿਭਾਗ ਨੂੰ ਕੈਮਿਸਟ ਦੀਆਂ ਦੁਕਾਨਾਂ ਅਤੇ ਰੇਹੜੀਆਂ ਦੀ ਚੈਕਿੰਗ ਕਰਨ ਲਈ ਵੀ ਕਿਹਾ।
ਅਸਤੀਫ਼ੇ ਨੂੰ ਲੈ ਕੇ ਐਡਵੋਕੇਟ ਧਾਮੀ ਨੇ ਦਿੱਤਾ ਵੱਡਾ ਬਿਆਨ, ਪੜ੍ਹੋ ਵੇਰਵਾ