ਅੰਮ੍ਰਿਤਸਰ, 11 ਮਾਰਚ : ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵ-ਨਿਯੁਕਤ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਬੀਤੇ ਕੱਲ੍ਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਸੇਵਾ ਸੰਭਾਲ ਲਈ ਹੈ। ਜਿਸ ਤੋਂ ਬਾਅਦ ਪੰਥਕ ਹਲਕਿਆਂ ਵਿੱਚ ਇਸ ਦਾ ਵਿਰੋਧ ਵੀ ਦੇਖਣ ਨੂੰ ਮਿਲ ਰਿਹਾ ਹੈ। ਸਾਬਕਾ ਜਥੇਦਾਰ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਤਾਜਪੋਸ਼ੀ ‘ਤੇ ਸਵਾਲ ਖੜ੍ਹੇ ਕੀਤੇ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਜਦੋਂ ਕਿਸੇ ਜਥੇਦਾਰ ਦੀ ਤਾਜਪੋਸ਼ੀ ਅਨੁਸ਼ਾਸਨ ਅਤੇ ਮਰਿਆਦਾ ਅਨੁਸਾਰ ਨਹੀਂ ਹੁੰਦੀ ਤਾਂ ਪੰਥ ਵਿੱਚ ਰੋਸ ਪੈਦਾ ਹੋਣਾ ਸੁਭਾਵਿਕ ਹੈ।
ਸਨਮਾਨ -ਮਰਿਆਦਾ ਨਾਲ ਕੀਤਾ ਜਾਂਦਾ ਹੈ ਕਾਰਜ
ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਜਦੋਂ ਕਿਸੇ ਜਥੇਦਾਰ ਦੀ ਨਿਯੁਕਤੀ ਹੁੰਦੀ ਹੈ ਤਾਂ ਇਹ ਕਾਰਜ ਬੜੇ ਸਨਮਾਨ ਮਰਿਆਦਾ ਨਾਲ ਕੀਤਾ ਜਾਂਦਾ ਹੈ। ਪਹਿਲਾਂ ਮੀਡੀਆ ਵਿੱਚ ਇਹ ਜਾਣਕਾਰੀ ਦਿੱਤੀ ਜਾਂਦੀ ਹੈ ਅਤੇ ਬਾਅਦ ਵਿੱਚ ਇਹ ਜਾਣਕਾਰੀ ਵੱਖ-ਵੱਖ ਜਥੇਬੰਦੀਆਂ, ਟਕਸਾਲਾਂ, ਸੰਪਰਦਾਵਾਂ ਅਤੇ ਸੰਤ ਮਹਾਂਪੁਰਸ਼ਾਂ ਨੂੰ ਭੇਜੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਗੁਰੂ ਦੀ ਹਜ਼ੂਰੀ ਵਿੱਚ ਗੁਰਮਤਿ ਸਮਾਗਮ ਹੁੰਦਾ ਹੈ, ਉਪਰੰਤ ਪਹੁੰਚੀਆਂ ਪ੍ਰਮੁੱਖ ਸ਼ਖ਼ਸੀਅਤਾਂ ਸਪੀਕਰ ‘ਤੇ ਬੋਲਦੀਆਂ ਹਨ ਅਤੇ ਗੁਰੂ ਚਰਨਾਂ ਵਿੱਚ ਅਰਦਾਸ ਕੀਤੀ ਜਾਂਦੀ ਹੈ, ਹੁਕਮਨਾਮਾ ਪੜ੍ਹਿਆ ਜਾਂਦਾ ਹੈ, ਕੜਾਹ ਪ੍ਰਸ਼ਾਦ ਭੇਟ ਕੀਤਾ ਜਾਂਦਾ ਹੈ, ਫਿਰ ਜਥੇਦਾਰ ਦੀ ਤਾਜਪੋਸ਼ੀ ਦੀ ਰਸਮ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੁੰਦੀ ਹੈ।
ਇਹ ਵੀ ਪੜੋ : ਦੋ ਦਿਨਾਂ ਦੌਰੇ ‘ਤੇ ਮਾਰੀਸ਼ਸ ਪਹੁੰਚੇ PM ਮੋਦੀ, ਇਨ੍ਹਾਂ ਅਹਿਮ ਸਮਝੌਤਿਆਂ ‘ਤੇ ਕਰਨਗੇ ਦਸਤਖਤ
ਇਸ ਦੇ ਨਾਲ ਹੀ ਤਾਜਪੋਸ਼ੀ ਸਮੇਂ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਮਾਈਕ ਰਾਹੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਜਥੇਦਾਰੀ ਦੇਣ ਦਾ ਐਲਾਨ ਕਰਦੇ ਹਨ ਅਤੇ ਸੰਗਤਾਂ ਵੱਲੋਂ ਜੈਕਾਰਿਆਂ ਨਾਲ ਇਸ ਦੀ ਪ੍ਰਵਾਨਗੀ ਦਿੱਤੀ ਜਾਂਦੀ ਹੈ। ਫਿਰ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਪਹਿਲਾਂ ਦਸਤਾਰਬੰਦੀ ਕਰਦੇ ਹਨ ਅਤੇ ਇਸ ਤੋਂ ਬਾਅਦ ਉਥੇ ਪਹੁੰਚੀ ਸੰਗਤ ਵੀ ਦਸਤਾਰ ਸਜਾਉਂਦੀ ਹੈ, ਫਿਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਤਾਜਪੋਸ਼ੀ ਹੁੰਦੀ ਹੈ।